ਨਿਉਜੀਲੈਂਡ ਸਰਕਾਰ ਸ਼ਰਾਰਤੀ ਅਨਸਰਾਂ ’ਤੇ ਨੱਥ ਪਾਵੇ : ਪੀਰ ਮੁਹੰਮਦ
ਨਿਉਜੀਲੈਂਡ ਸਰਕਾਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੇ ਸ਼ਰਾਰਤੀ ਅਨਸਰਾਂ ’ਤੇ ਹੱਥ ਪਾਵੇ : ਪੀਰ ਮੁਹੰਮਦ
Publish Date: Mon, 12 Jan 2026 03:31 PM (IST)
Updated Date: Mon, 12 Jan 2026 03:33 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਖੂ : ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਨਿਊਜ਼ੀਲੈਂਡ ਵਿੱਚ ਨਗਰ ਕੀਰਤਨਾਂ ਦੌਰਾਨ ਹੋਈਆਂ ਘਟਨਾਵਾਂ ਤੇ ਬਹੁਤ ਹੀ ਸਖ਼ਤ ਅਤੇ ਜ਼ੋਰਦਾਰ ਨਿਖੇਧੀ ਕਰਦਿਆਂ ਨਿਊਜ਼ੀਲੈਂਡ ਦੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੇ ਸ਼ਰਾਰਤੀ ਅਨਸਰਾਂ ’ਤੇ ਨੱਥ ਪਾਵੇ। ਉਨ੍ਹਾਂ ਕਿਹਾ ਕਿ ਜੇਕਰ ਨਿਊਜ਼ੀਲੈਂਡ ਪ੍ਰਸ਼ਾਸਨ ਨੇ ਦੋਸ਼ੀਆਂ ਵਿਰੁੱਧ ਕੜੀ ਕਾਰਵਾਈ ਨਾ ਕੀਤੀ ਤਾਂ ਇਸ ਨਾਲ ਅੰਤਰਰਾਸ਼ਟਰੀ ਪੱਧਰ ’ਤੇ ਨਿਊਜ਼ੀਲੈਂਡ ਦੇ ਅਕਸ ਨੂੰ ਨੁਕਸਾਨ ਪਹੁੰਚੇਗਾ। ਉਨ੍ਹਾਂ ਮੰਗ ਕੀਤੀ ਕਿ ਜੋ ਲੋਕ ਨਗਰ ਕੀਰਤਨਾਂ (ਜਿਵੇਂ ਕਿ ਤੌਰੰਗਾ ਅਤੇ ਆਕਲੈਂਡ ਵਿੱਚ ਹੋਇਆ) ਦੇ ਰਸਤੇ ਵਿਚ ਰੁਕਾਵਟਾਂ ਪਾ ਰਹੇ ਹਨ ਜਾਂ ਨਫ਼ਰਤ ਫੈਲਾ ਰਹੇ ਹਨ, ਉਨ੍ਹਾਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਕਾਨੂੰਨੀ ਸਜ਼ਾ ਦਿੱਤੀ ਜਾਵੇ। ਉਨ੍ਹਾਂ ਨੇ ਇਸ ਨੂੰ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਪੀਰ ਮੁਹੰਮਦ ਨੇ ਵਿਦੇਸ਼ਾਂ ਵਿਚ ਵਸਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਅਜਿਹੇ ਮੌਕਿਆਂ ’ਤੇ ਸੰਜਮ ਤੋਂ ਕੰਮ ਲੈਂਦੇ ਹੋਏ ਇੱਕਜੁੱਟ ਹੋ ਕੇ ਆਪਣਾ ਵਿਰੋਧ ਦਰਜ ਕਰਵਾਉਣ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਵੀ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਬੇਨਤੀ ਕੀਤੀ ਅਤੇ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਵੀ ਕਿਹਾ ਕਿ ਉਹ ਨਿਊਜ਼ੀਲੈਂਡ ਵਿੱਚ ਭਾਰਤੀ ਹਾਈ ਕਮਿਸ਼ਨ ਰਾਹੀਂ ਉੱਥੋਂ ਦੀ ਸਰਕਾਰ ’ਤੇ ਦਬਾਅ ਬਣਾਉਣ ਤਾਂ ਜੋ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਨਗਰ ਕੀਰਤਨ ਸਿੱਖਾਂ ਦੀ ਆਸਥਾ ਦਾ ਪ੍ਰਤੀਕ ਹਨ, ਜੇਕਰ ਕੋਈ ਸ਼ਰਾਰਤੀ ਅਨਸਰ ਇਸ ਵਿੱਚ ਵਿਘਨ ਪਾਉਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਅਸੀਂ ਕਿਸੇ ਦੇ ਧਰਮ ਵਿੱਚ ਦਖ਼ਲ ਨਹੀਂ ਦਿੰਦੇ, ਇਸ ਲਈ ਸਾਡੇ ਧਰਮ ਵਿੱਚ ਵੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।