- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਨਐੱਚਐੱਮ ਇੰਪਲਾਇਜ਼ ਯੂਨੀਅਨ ਪੰਜਾਬ ਦੀ ਹੜਤਾਲ ਲਗਾਤਾਰ ਜਾਰੀ

ਪੰਜਾਬੀ ਜਾਗਰਣ ਰਿਪੋੋਰਟਰ, ਫਿਰੋਜ਼ਪੁਰ: ਐੱਨਐੱਚਐੱਮ ਇੰਪਲਾਇਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਆਪਣੀਆਂ ਲੰਬਿਤ ਮੰਗਾਂ ਦੀ ਪ੍ਰਾਪਤੀ ਲਈ ਸਮੂਹ ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਲਗਾਤਾਰ ਜਾਰੀ ਹੈ। ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕਰਕੇ ਉਨ੍ਹਾਂ ਸਬੰਧੀ ਲਿਖਤੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਵਾਪਸ ਨਹੀਂ ਲਿਆ ਜਾਵੇਗਾ। ਯੂਨੀਅਨ ਆਗੂ ਨਰਿੰਦਰ ਸਿੰਘ ਕਮਿਊਨਿਟੀ ਹੈੱਲਥ ਅਫਸਰ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਗਠਿਤ ਕੀਤੀ ਗਈ ਮੁਲਾਜ਼ਮ ਭਲਾਈ ਕਮੇਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਐੱਨਐੱਚਐੱਮ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਸੰਜੀਦਗੀ ਦਿਖਾਈ ਗਈ। ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਉਨ੍ਹਾਂ ਨਾਲ ਜੁੜੇ ਵੱਖ-ਵੱਖ ਪਹਿਲੂਆਂ ’ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਅਧਿਕਾਰੀਆਂ ਵੱਲੋਂ ਮੰਗਾਂ ਦੇ ਹੱਲ ਲਈ ਦਿਖਾਈ ਗਈ ਸੰਜੀਦਗੀ ਨੂੰ ਯੂਨੀਅਨ ਵੱਲੋਂ ਇੱਕ ਹਾਂ-ਪੱਖੀ ਕਦਮ ਮੰਨਿਆ ਗਿਆ ਹੈ। ਯੂਨੀਅਨ ਆਗੂ ਬਗੀਚ ਸਿੰਘ ਅਤੇ ਡਾ. ਯੁਵਰਾਜ ਸਿੰਘ ਨੇ ਕਿਹਾ ਕਿ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਸਰਕਾਰ ਦੇ ਵੱਖ-ਵੱਖ ਪੱਧਰਾਂ ’ਤੇ ਕਈ ਵਾਰ ਮੀਟਿੰਗਾਂ ਹੋਣ ਦੇ ਬਾਵਜੂਦ ਅਜੇ ਤੱਕ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ। ਮੁਲਾਜ਼ਮਾਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਬਣਾਇਆ ਜਾਵੇ ਅਤੇ ਉਨ੍ਹਾਂ ਨੂੰ ਬਣਦੇ ਸੇਵਾ ਲਾਭ ਅਤੇ ਹੋਰ ਹੱਕ ਦਿੱਤੇ ਜਾਣ, ਤਾਂ ਜੋ ਉਹ ਬਿਨਾਂ ਕਿਸੇ ਆਰਥਿਕ ਅਤੇ ਮਾਨਸਿਕ ਅਸੁਰੱਖਿਆ ਦੇ ਆਪਣੀਆਂ ਸੇਵਾਵਾਂ ਨਿਭਾ ਸਕਣ। ਆਗੂ ਹਰਜਿੰਦਰ ਸਿੰਘ ਨੇ ਕਿਹਾ ਕਿ ਸਿਰਫ਼ ਮੀਟਿੰਗਾਂ ਵਿਚ ਭਰੋਸੇ ਦੇਣ ਨਾਲ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋ ਸਕਦਾ। ਸਰਕਾਰ ਨੂੰ ਹੁਣ ਇਨ੍ਹਾਂ ਮੰਗਾਂ ਸਬੰਧੀ ਠੋਸ ਫੈਸਲਾ ਲੈ ਕੇ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ। ਜਦੋਂ ਤੱਕ ਸਰਕਾਰੀ ਪੱਧਰ ’ਤੇ ਲਿਖਤੀ ਹੁਕਮ ਜਾਰੀ ਨਹੀਂ ਹੁੰਦੇ, ਉਦੋਂ ਤੱਕ ਹੜਤਾਲ ਨੂੰ ਮੁਕੰਮਲ ਤੌਰ ’ਤੇ ਜਾਰੀ ਰੱਖਿਆ ਜਾਵੇਗਾ। ਯੂਨੀਅਨ ਵੱਲੋਂ ਐਲਾਨ ਕੀਤਾ ਗਿਆ ਕਿ ਪਹਿਲਾਂ ਤੋਂ ਉਲੀਕੇ ਸੰਘਰਸ਼ ਮੁਤਾਬਿਕ 19 ਨਵੰਬਰ ਤੋਂ ਸਿਹਤ ਮੰਤਰੀ ਪੰਜਾਬ ਦੀ ਰਿਹਾਇਸ਼ ਦੇ ਬਾਹਰ ਪੱਕਾ ਧਰਨਾ ਸ਼ੁਰੂ ਕੀਤਾ ਜਾਵੇਗਾ। ਯੂਨੀਅਨ ਆਗੂ ਡਾ. ਪ੍ਰੀਤ ਮੁਖੀਜਾ ਨੇ ਸਮੂਹ ਐੱਨਐੱਚਐੱਮ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਏਕਤਾ ਅਤੇ ਅਨੁਸ਼ਾਸਨ ਬਣਾਈ ਰੱਖਦੇ ਹੋਏ ਸੰਘਰਸ਼ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ। ਇਸ ਮੌਕੇ ਡਾ. ਗੁਰਵਿੰਦਰ ਸਿੰਘ, ਡਾ. ਅਸ਼ੋਕ ਸਿੰਘ, ਡਾ. ਲਲਿਤ, ਡਾ. ਅਮਨ, ਡਾ. ਮਨਮੀਤ ਕੌਰ, ਨੇਹਾ, ਗੌਰਵ, ਰਾਹੁਲ, ਡਾ. ਸੀਮਾ ਹਾਜ਼ਰ ਸਨ।