- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਦੀ ਹੜਤਾਲ ਲਗਾਤਾਰ ਜਾਰੀ, ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਸੂਬੇ ਭਰ ਵਿੱਚ ਨੈਸ਼ਨਲ ਹੈੱਲਥ ਮਿਸ਼ਨ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਵੀ ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਿਆ ਜਾ ਰਿਹਾ ਹੈ। ਮੁਲਾਜ਼ਮਾਂ ਦੀ ਹੜਤਾਲ ਕਾਰਨ ਸਰਕਾਰੀ ਸਿਹਤ ਸੰਸਥਾਵਾਂ ਵਿਚ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ। ਇਸ ਮੌਕੇ ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਮੁਲਾਜ਼ਮਾਂ ਨੇ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ ਪੱਤਰ ਵੀ ਦਿੱਤਾ। ਯੂਨੀਅਨ ਆਗੂ ਨਰਿੰਦਰ ਸਿੰਘ, ਕਮਿਊਨਿਟੀ ਹੈੱਲਥ ਅਫਸਰ ਨੇ ਦੱਸਿਆ ਕਿ ਬੀਤੇ ਦਿਨੀਂ ਹੋਈ ਉੱਚ ਵਿਭਾਗੀ ਕਮੇਟੀ ਦੀ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਅਧਿਕਾਰੀਆਂ ਵੱਲੋਂ ਦਿਖਾਈ ਗਈ ਸੰਜੀਦਗੀ ਕਾਰਨ ਮੁਲਾਜ਼ਮਾਂ ਨੂੰ ਕੁਝ ਆਸ ਬੱਝੀ ਹੈ, ਪਰ ਪਿਛਲੇ ਲੰਬੇ ਸਮੇਂ ਤੋਂ ਮਿਲ ਰਹੇ ਭਰੋਸਿਆਂ ਦੇ ਬਾਵਜੂਦ ਮੰਗਾਂ ਦਾ ਕੋਈ ਠੋਸ ਹੱਲ ਨਾ ਨਿਕਲਣ ਕਾਰਨ ਮੁਲਾਜ਼ਮਾਂ ਨੂੰ ਸਰਕਾਰ ’ਤੇ ਪੂਰਨ ਵਿਸ਼ਵਾਸ ਨਹੀਂ ਹੈ। ਮੁਲਾਜ਼ਮ ਹੁਣ ਸਿਰਫ਼ ਭਰੋਸਿਆਂ ਨਾਲ ਸੰਤੁਸ਼ਟ ਨਹੀਂ ਹੋਣਗੇ, ਸਗੋਂ ਮੰਗਾਂ ਸਬੰਧੀ ਲਿਖਤੀ ਫੈਸਲੇ ਅਤੇ ਨੋਟੀਫਿਕੇਸ਼ਨ ਦੀ ਉਡੀਕ ਕਰ ਰਹੇ ਹਨ। ਆਗੂ ਬਗਿਚ ਸਿੰਘ ਅਤੇ ਡਾ. ਯੁਵਰਾਜ ਨੇ ਕਿਹਾ ਕਿ ਸਿਹਤ ਵਿਭਾਗ ਦੇ ਵੱਖ-ਵੱਖ ਕੌਮੀ ਸਿਹਤ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਵਿਚ ਐੱਨਐੱਚਐੱਮ ਮੁਲਾਜ਼ਮਾਂ ਦੀ ਅਹਿਮ ਭੂਮਿਕਾ ਰਹੀ ਹੈ। ਇਸ ਦੇ ਬਾਵਜੂਦ ਮੁਲਾਜ਼ਮਾਂ ਨੂੰ ਨੌਕਰੀ ਦੀ ਸੁਰੱਖਿਆ, ਬਣਦੇ ਹੱਕਾਂ ਅਤੇ ਹੋਰ ਸੇਵਾ ਸਬੰਧੀ ਸਹੂਲਤਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਆਗੂ ਹਰਜਿੰਦਰ ਸਿੰਘ ਨੇ ਕਿਹਾ ਕਿ ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਸਿਹਤ ਮੰਤਰੀ ਪੰਜਾਬ ਦੀ ਰਿਹਾਇਸ਼ ਦੇ ਬਾਹਰ ਪੱਕਾ ਧਰਨਾ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਕਿ ਮਿਤੀ 21 ਨਵੰਬਰ, ਦਿਨ ਸ਼ਨੀਵਾਰ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਐੱਨਐੱਚਐੱਮ ਮੁਲਾਜ਼ਮ ਸਿਹਤ ਮੰਤਰੀ ਪੰਜਾਬ ਦੀ ਰਿਹਾਇਸ਼ ਦੇ ਬਾਹਰ ਪਟਿਆਲਾ ਵਿਖੇ ਲਗਾਏ ਜਾ ਰਹੇ ਪੱਕੇ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਮੁਲਾਜ਼ਮ ਪੂਰੀ ਇਕਜੁੱਟਤਾ ਨਾਲ ਇਸ ਸੰਘਰਸ਼ ਵਿੱਚ ਆਪਣੀ ਸ਼ਮੂਲੀਅਤ ਯਕੀਨੀ ਬਣਾਉਣਗੇ ਅਤੇ ਸਰਕਾਰ ਨੂੰ ਆਪਣੀਆਂ ਜਾਇਜ਼ ਮੰਗਾਂ ਮੰਨਣ ਲਈ ਮਜਬੂਰ ਕਰਨਗੇ। ਇਸ ਮੌਕੇ ਡਾ. ਮਨਮੀਤ ਕੌਰ, ਡਾ. ਲਲਿਤ, ਲਵਪ੍ਰੀਤ ਸਿੰਘ, ਡਾ. ਗੁਰਵਿੰਦਰ ਸਿੰਘ, ਡਾ. ਅਸ਼ੋਕ, ਡਾ. ਨੀਤਕਾ ਗੁਪਤਾ, ਨੇਹਾ, ਰੁਪਿੰਦਰ ਕੌਰ, ਰਾਜਵਿੰਦਰ ਕੌਰ, ਗੌਰਵ, ਨਵਜੀਤ ਸਿੰਘ, ਸਤਨਾਮ ਸਿੰਘ, ਕੋਛੜਰਜੀਤ ਕੌਰ, ਮਨਪ੍ਰੀਤ ਕੌਰ ਅਤੇ ਪੈਰਾਮੈਡੀਕਲ ਯੂਨੀਅਨ ਦੇ ਆਗੂ ਨਰਿੰਦਰ ਸ਼ਰਮਾ, ਜਸਵਿੰਦਰ ਸਿੰਘ ਕੋੜਾ, ਗੁਰਮੇਲ ਸਿੰਘ, ਮਨਜੀਤ ਸਿੰਘ, ਪਰਮਵੀਰ ਸਿੰਘ, ਸੀਮਾ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।