ਮੰਤਰੀ ਭੁੱਲਰ ਮਾਮਲੇ ‘ਚ ਸਿਰਫ਼ ਅਸਤੀਫਾ ਨਹੀਂ, ਸਖ਼ਤ ਕਾਰਵਾਈ ਲਾਜ਼ਮੀ : ਕੁਲਬੀਰ ਸਿੰਘ ਜ਼ੀਰਾ
ਮੰਤਰੀ ਭੁੱਲਰ ਮਾਮਲੇ ’ਚ ਸਿਰਫ਼ ਅਸਤੀਫਾ ਨਹੀਂ, ਸਖ਼ਤ ਕਾਰਵਾਈ ਲਾਜ਼ਮੀ : ਕੁਲਬੀਰ ਸਿੰਘ ਜ਼ੀਰਾ
Publish Date: Sun, 22 Mar 2026 03:59 PM (IST)
Updated Date: Sun, 22 Mar 2026 04:01 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਜੁੜੇ ਵਿਵਾਦ ’ਤੇ ਪ੍ਰਤੀਕਿਰਿਆ ਦਿੰਦਿਆਂ ਜ਼ਿਲ੍ਹਾ ਫਿਰੋਜ਼ਪੁਰ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਸਿਰਫ਼ ਅਸਤੀਫਾ ਲੈਣਾ ਕਿਸੇ ਵੀ ਤਰ੍ਹਾਂ ਨਾਲ ਇਨਸਾਫ਼ ਨਹੀਂ ਮੰਨਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕੇਂਦਰੀ ਏਜੰਸੀਆਂ ਤੋਂ ਕਰਵਾਈ ਜਾਵੇ, ਤਾਂ ਜੋ ਸੱਚਾਈ ਬੇਨਕਾਬ ਹੋਵੇ ਅਤੇ ਜੇ ਕੋਈ ਦੋਸ਼ੀ ਹੈ ਤਾਂ ਉਸਨੂੰ ਕਾਨੂੰਨ ਅਨੁਸਾਰ ਕੜੀ ਸਜ਼ਾ ਮਿਲੇ। ਅੰਮ੍ਰਿਤਸਰ ਵਿਚ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਨੂੰ ਉਨ੍ਹਾਂ ਨੇ ਬਹੁਤ ਹੀ ਸੰਵੇਦਨਸ਼ੀਲ ਅਤੇ ਗੰਭੀਰ ਮਾਮਲਾ ਦੱਸਿਆ। ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਜੇ ਇਸ ਘਟਨਾ ਵਿੱਚ ਕਿਸੇ ਵੀ ਕਿਸਮ ਦਾ ਪ੍ਰਸ਼ਾਸਨਿਕ ਜਾਂ ਰਾਜਨੀਤਿਕ ਦਬਾਅ ਸਾਹਮਣੇ ਆਉਂਦਾ ਹੈ, ਤਾਂ ਸਬੰਧਤ ਵਿਅਕਤੀਆਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ’ਤੇ ਵੱਧਦਾ ਦਬਾਅ ਅਤੇ ਡਰ ਦਾ ਮਾਹੌਲ ਰਾਜ ਦੀ ਪ੍ਰਸ਼ਾਸਨਿਕ ਪ੍ਰਣਾਲੀ ਲਈ ਖ਼ਤਰਨਾਕ ਸਾਬਤ ਹੋ ਸਕਦਾ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਬਚਾਅ ਦੀ ਭੂਮਿਕਾ ਛੱਡ ਕੇ ਜਾਂਚ ਪ੍ਰਕਿਰਿਆ ਵਿਚ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਪਹਿਲਾਂ ਹੀ ਨਸ਼ਿਆਂ ਅਤੇ ਗੈਂਗਸਟਰਵਾਦ ਵਰਗੀਆਂ ਚੁਣੌਤੀਆਂ ਨਾਲ ਜੂਝ ਰਹੇ ਪੰਜਾਬ ਵਿੱਚ ਅਜਿਹੀਆਂ ਘਟਨਾਵਾਂ ਲੋਕਾਂ ਦੇ ਭਰੋਸੇ ਨੂੰ ਹਿਲਾਉਂਦੀਆਂ ਹਨ। ਅੰਤ ਵਿੱਚ ਉਨ੍ਹਾਂ ਮੰਗ ਕੀਤੀ ਕਿ ਸਰਕਾਰ ਢੁੱਕਵੇਂ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ, ਤਾਂ ਜੋ ਭਵਿੱਖ ਵਿਚ ਅਜਿਹੀਆਂ ਦੁਖਦਾਈ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਪ੍ਰਸ਼ਾਸਨ ’ਤੇ ਲੋਕਾਂ ਦਾ ਭਰੋਸਾ ਮੁੜ ਕਾਇਮ ਹੋਵੇ।