ਐੱਨਪੀਐੱਸ ਕਰਮਚਾਰੀਆਂ ਨੇ ਕੀਤਾ ਅਰਥੀ-ਫੂਕ ਮੁਜ਼ਾਹਰਾ
ਐੱਨਪੀਐੱਸ ਕਰਮਚਾਰੀਆਂ ਨੇ ਕੀਤਾ ਅਰਥੀ-ਫੂਕ ਮੁਜ਼ਾਹਰਾ
Publish Date: Fri, 20 Feb 2026 03:44 PM (IST)
Updated Date: Fri, 20 Feb 2026 03:45 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀਪੀਐੱਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਅੱਜ ਜ਼ੀਰਾ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਅਧਿਆਪਕ ਅਤੇ ਕਰਮਚਾਰੀਆਂ ਵੱਲੋਂ ਰੋਸ ਮੁਜਾਹਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕਨਵੀਨਰ ਜਗਸੀਰ ਸਿੰਘ ਗਿੱਲ, ਬਲਰਾਮ ਸ਼ਰਮਾ, ਸੁਖਦੀਪ ਸਿੰਘ, ਰਾਜਬੀਰ ਸਿੰਘ ਢਿੱਲੋਂ, ਅਵਤਾਰ ਸਿੰਘ, ਗੁਰਸੇਵਕ ਸਿੰਘ ਸਾਧੂ ਵਾਲਾ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ ਵਿਚ ਨਾਕਾਮ ਰਹੀ ਹੈ। ਪੰਜਾਬ ਸਰਕਾਰ ਨੇ ਜਿਹੜਾ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਇੱਕ ਲੰਗੜਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਉਸ ਨੂੰ ਚਾਰ ਸਾਲ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਲਾਗੂ ਨਹੀਂ ਕਰ ਸਕੀ। ਇਸ ਰੋਸ ਵਜੋਂ ਆਗੂਆਂ ਨੇ ਐਲਾਨ ਕੀਤਾ ਕਿ ਹੁਣ ਸਰਕਾਰ ਦੀ ਲਗਾਤਾਰ ਚਾਰ ਸਾਲਾਂ ਤੋਂ ਪੈਨਸ਼ਨ ਬਹਾਲੀ ਲਈ ਧਾਰੀ ਸਾਜ਼ਿਸ਼ੀ ਚੁੱਪੀ ਵਿਰੁੱਧ ਅਧਿਆਪਕਾਂ ਅਤੇ ਮੁਲਾਜ਼ਮਾਂ ਵਿਚ ਜਬਰਦਸਤ ਰੋਸ ਹੈ, ਜਿਸ ਦੇ ਤਹਿਤ ਅੱਜ ਸੈਂਕੜੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਮੂਹ ਐੱਨਪੀਐੱਸ ਕਰਮਚਾਰੀ ਵਿਧਾਨ ਸਭਾ ਵੱਲ ਨੂੰ ਮਾਰਚ ਕਰਨਗੇ ਜਿਸ ਦੇ ਸਬੰਧ ਵਿੱਚ ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਬਲਾਕ ਪੱਧਰ ਤੇ ਵਿਉਂਤਬੰਦੀ ਅਤੇ ਤਿਆਰੀ ਵਿੱਢ ਦਿੱਤੀ ਹੈ ਕਿਉਂਕਿ ਸਰਕਾਰ ਦੇ ਲਾਰਿਆਂ ਤੋਂ ਅੱਕੇ ਕਰਮਚਾਰੀ ਹੁਣ ਆਰ ਜਾਂ ਪਾਰ ਦੇ ਸੰਘਰਸ਼ ਕਰਨ ਦੇ ਰੌਅ ਵਿਚ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿਛਲੇ ਕੀਤੇ ਵਾਅਦੇ ਚਾਰ ਸਾਲ ਬੀਤ ਜਾਣ ਬਾਅਦ ਵੀ ਪੂਰੇ ਨਹੀਂ ਕਰ ਸਕੀ, ਉਲਟਾਂ ਪੁਰਾਣੀ ਪੈਨਸ਼ਨ ਬਹਾਲੀ ਅੰਦੋਲਨ ਤੋਂ ਧਿਆਨ ਭਟਕਾਉਣ ਲਈ ਸਰਕਾਰ ਨੇ ਬੜੀ ਚਲਾਕੀ ਨਾਲ ਟੈੱਟ ਦੀ ਸ਼ਰਤ ਨੂੰ ਥੋਪ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਟੈੱਟ ਦੀ ਬੇਲੋੜੀ ਸ਼ਰਤ ਨੂੰ ਵਿਧਾਨ ਸਭਾ ਵਿਚ ਆਰਡੀਨੈਂਸ ਪਾਸ ਕਰਕੇ ਵਾਪਸ ਲਵੇ ਨਹੀਂ ਤਾਂ 22 ਫਰਵਰੀ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਮਹਾਂ-ਰੈਲੀ ਕੀਤੀ ਜਾਵੇਗੀ। ਇਹਨਾਂ ਦੋਵਾਂ ਮੁੱਦਿਆਂ ਨੂੰ ਲੈ ਕੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ। ਇਸ ਮੌਕੇ ਬਲਵਿੰਦਰ ਸਿੰਘ ਭੁੱਟੋ, ਨਵੀਨ ਕੁਮਾਰ ਸਚਦੇਵਾ, ਹੈੱਡ-ਮਾਸਟਰ ਅਰਵਿੰਦਰ ਸਿੰਘ, ਪਰਮਜੀਤ ਸਿੰਘ ਪੱਬੀ, ਨਵਨੀਤ ਕੌਰ, ਮੈਡਮ ਰਾਧਾ ਗਰੋਵਰ, ਪਾਰਸ ਕੁਮਾਰ, ਤੀਰਥ ਸਿੰਘ, ਅਮਰਜੀਤ ਸਿੰਘ ਬੰਮ, ਅਜੇ ਕੁਮਾਰ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਾਸਟਰ ਨਰੇਸ਼ ਕੁਮਾਰ ਭੁਪਿੰਦਰ ਸਿੰਘ, ਦਿਨੇਸ਼ ਕੁਮਾਰ, ਤਜਿੰਦਰ ਸਿੰਘ, ਨਿਸ਼ਾਨ ਸਿੰਘ, ਪਰਮਿੰਦਰ ਸਿੰਘ ਆਦਿ ਅਧਿਆਪਕ ਸ਼ਾਮਲ ਹੋਏ।