
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੀ.ਏ.ਯੂ.-ਕੇ.ਵੀ.ਕੇ. ਫਿਰੋਜ਼ਪੁਰ ਵਿਖੇ ਆਂਗਣਵਾੜੀ ਵਰਕਰਾਂ ਲਈ ਪੋਸ਼ਣ ਤੇ ਸਿਹਤ ਸਬੰਧੀ ਸਿਖਲਾਈ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਪੋਸ਼ਣ ਅਤੇ ਸਿਹਤਮੰਦ ਜੀਵਨਸ਼ੈਲੀ ਦੇ ਮਹੱਤਵ ਨੂੰ ਧਿਆਨ ਵਿੱਚ ਰੱਖਦੇ ਹੋਏ, ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਵਿਖੇ ਜ਼ਿਲ੍ਹੇ ਦੀਆਂ ਆਂਗਣਵਾੜੀ ਵਰਕਰਾਂ ਲਈ ਦੋ ਰੋਜ਼ਾ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਸਿਖਲਾਈ ਦਾ ਮੁੱਖ ਵਿਸ਼ਾ ‘ਸੰਤੁਲਿਤ ਖੁਰਾਕ ਅਤੇ ਜੀਵਨਸ਼ੈਲੀ ਨਾਲ ਸਬੰਧਤ ਬਿਮਾਰੀਆਂ ਦਾ ਪੋਸ਼ਣ ਪ੍ਰਬੰਧਨ’ ਰਿਹਾ। ਸਿਖਲਾਈ ਕੈਂਪ ਦਾ ਆਯੋਜਨ ਡਾ. ਗੁਰਮੇਲ ਸਿੰਘ ਸੰਧੂ, ਡਿਪਟੀ ਡਾਇਰੈਕਟਰ, ਕੇ.ਵੀ.ਕੇ. ਫਿਰੋਜ਼ਪੁਰ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਡਾ. ਸੰਧੂ ਨੇ ਕਿਹਾ ਕਿ ਆਂਗਣਵਾੜੀ ਵਰਕਰ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਤੱਕ ਪੋਸ਼ਣ ਅਤੇ ਸਿਹਤ ਸਬੰਧੀ ਸਹੀ ਜਾਣਕਾਰੀ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਸੰਤੁਲਿਤ ਖੁਰਾਕ, ਸਿਹਤਮੰਦ ਜੀਵਨਸ਼ੈਲੀ ਅਤੇ ਬਿਮਾਰੀਆਂ ਤੋਂ ਬਚਾਅ ਲਈ ਪੋਸ਼ਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਸਿਖਲਾਈ ਦੌਰਾਨ ਡਾ. ਦਿਵਿਆ ਜੈਨ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਵੱਲੋਂ ਸਿਖਿਆਰਥੀਆਂ ਨੂੰ ਸੰਤੁਲਿਤ ਖੁਰਾਕ, ਵੱਖ-ਵੱਖ ਪੋਸ਼ਕ ਤੱਤਾਂ ਦੀ ਮਹੱਤਤਾ, ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਅਤੇ ਜੀਵਨਸ਼ੈਲੀ ਨਾਲ ਸਬੰਧਤ ਬਿਮਾਰੀਆਂ ਦੇ ਪੋਸ਼ਣ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਆਂਗਣਵਾੜੀ ਵਰਕਰਾਂ ਨੂੰ ਸਿਖਲਾਈ ਦੌਰਾਨ ਪ੍ਰਾਪਤ ਗਿਆਨ ਨੂੰ ਆਪਣੇ ਕਾਰਜ ਖੇਤਰ ਵਿਚ ਬੱਚਿਆਂ ਅਤੇ ਪਰਿਵਾਰਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਡਾ. ਬੀ.ਐੱਸ. ਸੇਖੋਂ, ਸਹਾਇਕ ਪ੍ਰੋਫੈਸਰ ਸਬਜ਼ੀ ਵਿਗਿਆਨ ਵੱਲੋਂ ਸਿਖਿਆਰਥੀਆਂ ਨੂੰ ਘਰੇਲੂ ਬਗੀਚੀ ਸਬੰਧੀ ਪ੍ਰਦਰਸ਼ਨੀ ਰਾਹੀਂ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਘਰੇਲੂ ਬਗੀਚੀ ਵਿਚ ਉਗਾਈਆਂ ਜਾਣ ਵਾਲੀਆਂ ਸਬਜ਼ੀਆਂ ਦੀ ਪੋਸ਼ਣਕ ਮਹੱਤਤਾ ਅਤੇ ਸਿਹਤ ਲਈ ਉਨ੍ਹਾਂ ਦੇ ਲਾਭਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਨਾਲ ਹੀ ਮੌਸਮ ਅਨੁਸਾਰ ਸਬਜ਼ੀਆਂ ਦੀ ਚੋਣ, ਬਿਜਾਈ, ਪੌਦਿਆਂ ਦੀ ਸਾਂਭ-ਸੰਭਾਲ ਅਤੇ ਵਧੀਆ ਪੈਦਾਵਾਰ ਲਈ ਲੋੜੀਂਦੇ ਵਿਹਾਰਕ ਨੁਕਤੇ ਵੀ ਦੱਸੇ। ਉਨ੍ਹਾਂ ਨੇ ਘੱਟ ਥਾਂ ਅਤੇ ਉਪਲਬੱਧ ਸਾਧਨਾਂ ਦੀ ਸੁਚੱਜੀ ਵਰਤੋਂ ਕਰਕੇ ਘਰ ਵਿਚ ਪੌਸ਼ਟਿਕ ਸਬਜ਼ੀਆਂ ਉਗਾਉਣ ਲਈ ਵੀ ਪ੍ਰੇਰਿਤ ਕੀਤਾ। ਸਿਖਲਾਈ ਕੈਂਪ ਦੌਰਾਨ ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਅਤੇ ਸਿਹਤ ਸਬੰਧੀ ਗਿਆਨ ਦੇ ਨਾਲ-ਨਾਲ ਸਵੈ-ਰੋਜ਼ਗਾਰ ਨਾਲ ਜੁੜੇ ਵਿਹਾਰਕ ਹੁਨਰਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ ਗਈ।