ਮਹਿਲਾ ਦਿਵਸ ’ਤੇ ਮਾਨ ਸਰਕਾਰ ਨੇ ਮਹਿਲਾਵਾਂ ਲਈ ਕੀਤਾ ਵੱਡਾ ਐਲਾਨ
ਮਹਿਲਾ ਦਿਵਸ ’ਤੇ ਮਾਨ ਸਰਕਾਰ ਨੇ ਮਹਿਲਾਵਾਂ ਲਈ ਕੀਤਾ ਵੱਡਾ ਐਲਾਨ
Publish Date: Wed, 11 Mar 2026 05:43 PM (IST)
Updated Date: Wed, 11 Mar 2026 05:45 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਮਹਿਲਾਵਾਂ ਲਈ ਐਲਾਨ ਕੀਤਾ ਗਿਆ ਹੈ, ਜਿਸ ਨਾਲ ਮਹਿਲਾਵਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣ ਗਿਆ ਹੈ। ਮਾਨ ਸਰਕਾਰ ਨੇ ਵਿਧਾਨ ਸਭਾ ਵਿੱਚ ਆਪਣਾ ਪੰਜਵਾਂ ਬਜਟ ਬਿਲ ਪੇਸ਼ ਕਰਦਿਆਂ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਵੱਲ ਇਕ ਵੱਡਾ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਮੌਕੇ ’ਤੇ ਮਹਿਲਾਵਾਂ ਲਈ ਮਹੀਨਾਵਾਰ ਆਰਥਿਕ ਸਹਾਇਤਾ ਦੀ ਯੋਜਨਾ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਿਆਨਾ ਯੂਨੀਅਨ ਜ਼ੀਰਾ ਦੇ ਪ੍ਰਧਾਨ ਜਸਵਿੰਦਰ ਸਿੰਘ ਭਾਟੀਆ ਨੇ ਦੱਸਿਆ ਕਿ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਸਰਕਾਰ ਨੇ ਪੰਜਾਬ ਦੀਆਂ ਮਹਿਲਾਵਾਂ ਲਈ ਇਹ ਵਿਸ਼ੇਸ਼ ਤੋਹਫ਼ਾ ਦਿੱਤਾ ਹੈ। ਉਨ੍ਹਾਂ ਦੇ ਅਨੁਸਾਰ ਜਨਰਲ ਵਰਗ ਦੀਆਂ ਉਹ ਸਾਰੀਆਂ ਮਹਿਲਾਵਾਂ, ਜਿਨ੍ਹਾਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਉਨ੍ਹਾਂ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਐੱਸਸੀ ਵਰਗ ਨਾਲ ਸਬੰਧਤ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ ਪੰਦਰਾਂ ਸੌ ਰੁਪਏ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਜਸਵਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2022 ਦੀਆਂ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਕੀਤੀਆਂ ਵੱਧਤਰ ਗਰੰਟੀਆਂ ਨੂੰ ਪੂਰਾ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਕੇਵਲ ਆਪਣੀਆਂ ਵਾਅਦਿਆਂ ਨੂੰ ਹੀ ਨਹੀਂ ਨਿਭਾਇਆ, ਸਗੋਂ ਪੰਜਾਬ ਦੇ ਲੋਕਾਂ ਲਈ ਇੱਕ ਵਾਧੂ ਗਰੰਟੀ ਦੇ ਤੌਰ ‘ਤੇ 10 ਲੱਖ ਰੁਪਏ ਦੀ ਬੀਮਾ ਯੋਜਨਾ ਵੀ ਲਾਗੂ ਕੀਤੀ ਹੈ, ਜੋ ਪਹਿਲਾਂ ਗਰੰਟੀਆਂ ਵਿੱਚ ਸ਼ਾਮਲ ਨਹੀਂ ਸੀ।ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਨੇ ਆਪਣੀਆਂ ਗਰੰਟੀਆਂ ਪੂਰੀਆਂ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਜੋ ਵਾਅਦਾ ਕਰਦੀ ਹੈ, ਉਸ ਨੂੰ ਪੂਰਾ ਵੀ ਕਰਦੀ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪੰਜਾਬ ਦੀ ਜਨਤਾ 2027 ਦੀਆਂ ਚੋਣਾਂ ਵਿੱਚ ਮੁੜ ਆਮ ਆਦਮੀ ਪਾਰਟੀ ਨੂੰ ਭਰਪੂਰ ਸਮਰਥਨ ਦੇਵੇਗੀ ਤਾਂ ਜੋ ਇਹ ਯੋਜਨਾਵਾਂ ਅਤੇ ਲੋਕ-ਹਿੱਤ ਕਾਰਜ ਲਗਾਤਾਰ ਜਾਰੀ ਰਹਿਣ।