2 ਲੱਖ 80 ਹਜ਼ਾਰ ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਇਕ ਕਾਬੂ, ਦੂਜਾ ਫਰਾਰ
2 ਲੱਖ 80 ਹਜ਼ਾਰ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ, ਦੂਜਾ ਫਰਾਰ
Publish Date: Sun, 01 Feb 2026 04:55 PM (IST)
Updated Date: Sun, 01 Feb 2026 04:55 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਫਿਰੋਜ਼ਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੂੰ ਉਸ ਸਮੇਂ ਇਕ ਵੱਡੀ ਸਫਲਤਾ ਹਾਸਲ ਹੋਈ, ਜਦੋਂ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਛਾਪੇਮਾਰੀ ਦੌਰਾਨ ਭਾਰੀ ਮਾਤਰਾ ਵਿਚ ਅਣਅਧਿਕਾਰਤ ਨਸ਼ੀਲੀਆਂ ਗੋਲੀਆਂ, ਕੈਪਸੂਲ ਅਤੇ ਮੈਡੀਕਲ ਦਵਾਈਆਂ ਬਰਾਮਦ ਕੀਤੀਆਂ ਗਈਆਂ। ਇਸ ਮਾਮਲੇ ਵਿਚ ਪੁਲਿਸ ਨੇ ਇਕ ਦੋਸ਼ੀ ਨੂੰ ਮੌਕੇ ’ਤੇ ਗ੍ਰਿਫਤਾਰ ਕਰ ਲਿਆ ਹੈ, ਜਦਕਿ ਉਸਦਾ ਦੂਜਾ ਸਾਥੀ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ 125, 223, 51 ਬੀਐੱਨਐੱਸ, 18 (ਸੀ) ਡਰੱਗ ਐਨਡ ਕੋਸਮੇਟਿਕ ਐਕਟ 1940 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਉਸ ਦੀ ਅਗਵਾਈ ਵਿਚ ਪੁਲਿਸ ਪਾਰਟੀ ਜ਼ੀਰਾ ਰੋਡ ’ਤੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਇਕ ਖਾਸ ਮੁਖਬਰ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਕਨਾਲ ਕਪੂਰ ਪੁੱਤਰ ਰਮਨ ਕਪੂਰ ਵਾਸੀ ਮੁਹੱਲਾ ਬਾਵਿਆ ਵਾਲਾ ਅਤੇ ਰਜਿਤ ਪੁੱਤਰ ਓਮ ਪ੍ਰਕਾਸ਼ ਵਾਸੀ ਨਿਊ ਨਾਨਕਪੁਰਾ, ਕੰਬੋਜ਼ ਨਗਰ ਦੋ ਵਿਅਕਤੀ ਮਿਲ ਕੇ ਨਸ਼ੀਲੀਆਂ ਦਵਾਈਆਂ ਦਾ ਗੈਰ-ਕਾਨੂੰਨੀ ਧੰਦਾ ਕਰ ਰਹੇ ਹਨ। ਕਨਾਲ ਕਪੂਰ ਨੇ ਆਪਣੇ ਰਿਹਾਇਸ਼ੀ ਮਕਾਨ ਵਿਚ ਸਥਿਤ ਇਕ ਬੰਦ ਪਈ ਦੁਕਾਨ ਵਿਚ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਅਤੇ ਹੋਰ ਮੈਡੀਕਲ ਦਵਾਈਆਂ ਰੱਖੀਆਂ ਹੋਈਆਂ ਸੀ। ਮੁਖਬਰ ਨੇ ਇਹ ਵੀ ਦੱਸਿਆ ਕਿ ਜੇਕਰ ਤੁਰੰਤ ਛਾਪੇਮਾਰੀ ਕੀਤੀ ਜਾਵੇ ਤਾਂ ਇਨ੍ਹਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਜਾ ਸਕਦਾ ਹੈ। ਪੁਲਿਸ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਪੁਲਿਸ ਨੇ ਰਜਿਤ ਨੂੰ ਮੌਕੇ ਤੋਂ ਕਾਬੂ ਕਰ ਲਿਆ, ਪਰ ਕਨਾਲ ਕਪੂਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਦੱਸਿਆ ਕਿ ਦੋਸ਼ੀਅਨ ਦੀ ਦੁਕਾਨ ’ਚੋਂ 2 ਲੱਖ 80 ਹਜ਼ਾਰ 630 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਹੋਈਆਂ। ਪੁਲਿਸ ਨੇ ਦੱਸਿਆ ਕਿ ਕਨਾਲ ਕਪੂਰ ’ਤੇ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ 2-3 ਅਪਰਾਧਿਕ ਮੁਕੱਦਮੇ ਦਰਜ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਰਿਹਾਇਸ਼ੀ ਇਲਾਕੇ ਵਿਚ ਇਸ ਤਰ੍ਹਾਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਦਵਾਈਆਂ ਸਟੋਰ ਕਰਨਾ ਨਾ ਸਿਰਫ਼ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਹੈ, ਸਗੋਂ ਇਹ ਆਮ ਲੋਕਾਂ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਬਰਾਬਰ ਹੈ। ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਰਜਿਤ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਨਸ਼ੀਲੀਆਂ ਗੋਲੀਆਂ ਕਿੱਥੋਂ ਲਿਆਂਦੀਆਂ ਗਈਆਂ ਸਨ ਅਤੇ ਅੱਗੇ ਕਿੰਨਾਂ ਲੋਕਾਂ ਨੂੰ ਸਪਲਾਈ ਕੀਤੀਆਂ ਜਾਣੀਆਂ ਸਨ। ਫਰਾਰ ਦੋਸ਼ੀ ਕਨਾਲ ਕਪੂਰ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ।