ਡੀਏ ਦਾ ਬਕਾਇਆ ਜਾਰੀ ਕਰਨ ਦੇ ਹੁਕਮ ਤੁਰੰਤ ਲਾਗੂ ਹੋਣ : ਕੁਲਬੀਰ ਜ਼ੀਰਾ
ਡੀਏ ਦਾ ਬਕਾਇਆ ਜਾਰੀ ਕਰਨ ਦੇ ਹੁਕਮ ਤੁਰੰਤ ਲਾਗੂ ਹੋਣ: ਕੁਲਬੀਰ ਜ਼ੀਰਾ
Publish Date: Fri, 10 Apr 2026 05:44 PM (IST)
Updated Date: Fri, 10 Apr 2026 05:47 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਖੇਤੀਬਾੜੀ ਵਿਕਾਸ ਬੈਂਕ ਪੰਜਾਬ ਦੇ ਸਾਬਕਾ ਚੇਅਰਮੈਨ ਹਰੀਸ਼ ਜੈਨ ਗੋਗਾ ਨੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 58 ਫੀਸਦੀ ਮਹਿੰਗਾਈ ਭੱਤਾ (ਡੀਏ) ਦੇ ਬਕਾਇਆ ਭੁਗਤਾਨ ਸਬੰਧੀ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਦਾ ਦਿਲੋਂ ਸਵਾਗਤ ਕੀਤਾ ਹੈ।ਉਨ੍ਹਾਂ ਇਸਨੂੰ ਲੰਮੇ ਸਮੇਂ ਤੋਂ ਲਟਕ ਰਹੇ ਇਨਸਾਫ ਵੱਲ ਇਕ ਮਹੱਤਵਪੂਰਨ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਜੂਨ ਤੱਕ ਡੀਏ ਦਾ ਬਕਾਇਆ ਜਾਰੀ ਕਰਨ ਦੇ ਹੁਕਮ ਸਿਰਫ਼ ਕਰਮਚਾਰੀਆਂ ਦੇ ਹੱਕਾਂ ਦੀ ਪੁਸ਼ਟੀ ਹੀ ਨਹੀਂ,ਸਗੋਂ ਕਾਨੂੰਨ ਦੇ ਰਾਜ ‘ਤੇ ਲੋਕਾਂ ਦਾ ਵਿਸ਼ਵਾਸ ਵੀ ਮੁੜ ਮਜ਼ਬੂਤ ਕਰਦੇ ਹਨ। ਜੀਰਾ ਅਤੇ ਜੈਨ ਨੇ ਕਿਹਾ ਕਿ ਇਹ ਰਕਮ ਕਿਸੇ ਤੇ ਮਿਹਰਬਾਨੀ ਨਹੀਂ, ਬਲਕਿ ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਜਾਇਜ਼ ਹੱਕ ਹੈ,ਜਿਸ ਲਈ ਉਹ ਕਈ ਸਾਲਾਂ ਤੋਂ ਉਡੀਕ ਕਰ ਰਹੇ ਸਨ।ਦੋਵੇਂ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਅਦਾਲਤ ਦੇ ਹੁਕਮਾਂ ਨੂੰ ਬਿਨ੍ਹਾ ਕਿਸੇ ਦੇਰੀ ਜਾਂ ਕਾਨੂੰਨੀ ਪੇਚੀਦਗੀਆਂ ਦੇ ਤੁਰੰਤ ਲਾਗੂ ਕੀਤਾ ਜਾਵੇ।