ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਕਰੀਅਰ ਕਾਉਂਸਲਿੰਗ ਵਰਕਸ਼ਾਪ ਲਗਾਈ
ਪ੍ਰਤੀਯੋਗੀ ਪ੍ਰੀਖਿਆਵਾਂ ਦੇ ਸੰਦਰਭ ਵਿਚ ਕਰੀਅਰ ਕਾਉਂਸਲਿੰਗ ਅਤੇ ਮਾਰਗਦਰਸ਼ਨ ਵਰਕਸ਼ਾਪ ਦਾ ਆਯੋਜਨ
Publish Date: Tue, 10 Mar 2026 06:20 PM (IST)
Updated Date: Tue, 10 Mar 2026 06:24 PM (IST)

ਅੰਗਰੇਜ਼ ਭੁੱਲਰ, ਪੰਜਾਬੀ ਜਾਗਰਣ ਫਿਰੋਜ਼ਪੁਰ : ਡੀਏਵੀ ਕਾਲਜ ਫਾਰ ਵੂਮੈਨ ਫਿਰੋਜ਼ਪੁਰ ਕੈਂਟ ਦੇ ਰਾਜਨੀਤੀ ਵਿਗਿਆਨ ਵਿਭਾਗ ਵੱਲੋਂ ਅੱਜ ਕਾਲਜ ਦੇ ਸੈਮੀਨਾਰ ਹਾਲ ਵਿਚ ‘‘ਪ੍ਰਤੀਯੋਗੀ ਪ੍ਰੀਖਿਆਵਾਂ ਦੇ ਸੰਦਰਭ ਵਿਚ ਕਰੀਅਰ ਕਾਉਂਸਲਿੰਗ ਅਤੇ ਮਾਰਗਦਰਸ਼ਨ’’ ਵਿਸ਼ੇ ’ਤੇ ਇਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੀ ਪ੍ਰਿੰਸੀਪਲ ਦੇ ਉਦਘਾਟਨੀ ਭਾਸ਼ਣ ਨਾਲ ਹੋਈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਵੱਖ-ਵੱਖ ਕਰੀਅਰ ਦੇ ਮੌਕਿਆਂ ਬਾਰੇ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਅਨੁਸ਼ਾਸਨ, ਨਿਰੰਤਰ ਅਭਿਆਸ ਅਤੇ ਸਕਾਰਾਤਮਕ ਦ੍ਰਿਸ਼ਟੀਕੋਣ ਅਪਣਾਉਣਾ ਬੇਹੱਦ ਜ਼ਰੂਰੀ ਹੈ। ਡਾ. ਅਨੁਪਮਾ ਨੇ ਗਣਿਤ ਅਤੇ ਰੀਜ਼ਨਿੰਗ ਵਿਸ਼ੇ ’ਤੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਪ੍ਰੀਖਿਆਵਾਂ ਵਿੱਚ ਆਉਣ ਵਾਲੇ ਮੁੱਖ ਵਿਸ਼ਿਆਂ ਅਤੇ ਸਵਾਲਾਂ ਨੂੰ ਹੱਲ ਕਰਨ ਦੇ ਸਰਲ ਤਰੀਕਿਆਂ ’ਤੇ ਚਾਨਣਾ ਪਾਇਆ। ਡਾ. ਬਲਵਿੰਦਰ ਨੇ ਅੰਗਰੇਜ਼ੀ ਭਾਸ਼ਾ ਦੀ ਮਹੱਤਤਾ ਬਾਰੇ ਦੱਸਦਿਆਂ ਸ਼ਬਦਾਵਲੀ, ਵਿਆਕਰਣ ਅਤੇ ਰੀਡਿੰਗ ਕੰਪਰੀਹੈਂਸ਼ਨ ਨੂੰ ਬਿਹਤਰ ਬਣਾਉਣ ਦੇ ਨੁਕਤੇ ਸਾਂਝੇ ਕੀਤੇ। ਡਾ ਜਗਦੀਸ਼ ਨੇ ਕੰਪਿਊਟਰ ਗਿਆਨ ਅਤੇ ਡਿਜੀਟਲ ਹੁਨਰ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਆਧੁਨਿਕ ਪ੍ਰਤੀਯੋਗੀ ਪ੍ਰੀਖਿਆਵਾਂ ਅਤੇ ਰੁਜ਼ਗਾਰ ਦੇ ਮੌਕਿਆਂ ਵਿਚ ਕੰਪਿਊਟਰ ਦੀ ਮੁਢਲੀ ਜਾਣਕਾਰੀ ਕਿੰਨੀ ਮਹੱਤਵਪੂਰਨ ਹੈ। ਇਸ ਵਰਕਸ਼ਾਪ ਦੇ ਸੰਯੋਜਕ ਡਾ. ਪ੍ਰਭਪ੍ਰੀਤ ਸਿੰਘ ਨੇ ਵਿਦਿਆਰਥਣਾਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਸਰੂਪ, ਸਿਲੇਬਸ ਦੀ ਝਲਕ ਅਤੇ ਪ੍ਰਭਾਵਸ਼ਾਲੀ ਅਧਿਐਨ ਯੋਜਨਾ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਅੰਤ ਵਿਚ ਇਕ ਸਵਾਲ-ਜਵਾਬ ਸੈਸ਼ਨ ਵੀ ਰੱਖਿਆ ਗਿਆ, ਜਿਸ ਵਿਚ ਵਿਦਿਆਰਥਣਾਂ ਨੇ ਆਪਣੀਆਂ ਸ਼ੰਕਾਵਾਂ ਦਾ ਹੱਲ ਪ੍ਰਾਪਤ ਕੀਤਾ। ਇਹ ਵਰਕਸ਼ਾਪ ਵਿਦਿਆਰਥਣਾਂ ਲਈ ਬਹੁਤ ਲਾਹੇਵੰਦ ਸਾਬਤ ਹੋਈ, ਕਿਉਂਕਿ ਇਸ ਰਾਹੀਂ ਉਨ੍ਹਾਂ ਨੂੰ ਭਵਿੱਖ ਦੇ ਕਰੀਅਰ ਵਿਕਲਪਾਂ ਬਾਰੇ ਜਾਣਕਾਰੀ ਮਿਲੀ। ਪ੍ਰੋਗਰਾਮ ਦੀ ਸਮਾਪਤੀ ਸਾਰੇ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥਣਾਂ ਦਾ ਧੰਨਵਾਦ ਕਰਕੇ ਕੀਤੀ ਗਈ।