ਪੀਟੀਐੱਮ ਗੁਣਵੱਤਾ ਭਰੀ ਸਿੱਖਿਆ ਵੱਲ ਮਜ਼ਬੂਤ ਕਦਮ : ਵਿਧਾਇਕ ਰਣਬੀਰ ਸਿੰਘ ਭੁੱਲਰ
ਫ਼ਿਰੋਜ਼ਪੁਰ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਪੂਰੇ ਉਤਸ਼ਾਹ ਨਾਲ ਮਾਪੇ-ਅਧਿਆਪਕ ਮਿਲਣੀ
Publish Date: Sat, 07 Feb 2026 03:46 PM (IST)
Updated Date: Sat, 07 Feb 2026 03:47 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਅੱਜ ਵਿਸ਼ੇਸ਼ ਤੌਰ ’ਤੇ ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਵਿਖੇ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ ਬੜੇ ਉਤਸ਼ਾਹ ਅਤੇ ਸਫ਼ਲਤਾ ਨਾਲ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਅਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਧਾਇਕ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਬਿਹਤਰ ਸਹੂਲਤਾਂ ਦੇ ਕੇ ਵਿਦਿਆਰਥੀਆਂ ਲਈ ਗੁਣਵੱਤਾ ਭਰੀ ਸਿੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਸਕੂਲਾਂ ਦੇ ਮੁਖੀਆਂ ਅਤੇ ਸਮੂਹ ਸਟਾਫ ਦੀ ਮਿਹਨਤ, ਸਮਰਪਣ ਅਤੇ ਸੁਚੱਜੀ ਪ੍ਰਬੰਧਕੀ ਲਈ ਖੁੱਲ੍ਹ ਕੇ ਸ਼ਲਾਘਾ ਕੀਤੀ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਬੱਚਿਆਂ ਦਾ ਦਾਖਲਾ ਇਸ ਸਕੂਲ ਵਿਚ ਕਰਵਾਉਣ, ਕਿਉਂਕਿ ਇੱਥੇ ਪੜ੍ਹਾਈ ਦੇ ਨਾਲ-ਨਾਲ ਸੁਰੱਖਿਅਤ ਵਾਤਾਵਰਨ, ਅਨੁਸ਼ਾਸਨ ਅਤੇ ਆਧੁਨਿਕ ਸਹੂਲਤਾਂ ਉਪਲਬੱਧ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਅੱਜ ਕਿਸੇ ਵੀ ਪੱਖੋਂ ਨਿੱਜੀ ਸਕੂਲਾਂ ਤੋਂ ਘੱਟ ਨਹੀਂ ਹਨ। ਡਿਪਟੀ ਡੀਈਓ ਡਾ. ਸਤਿੰਦਰ ਸਿੰਘ ਬੱਚਿਆਂ ਦੀ ਅਕਾਦਮਿਕ ਕਾਰਜਗੁਜ਼ਾਰੀ, ਸਹਿ-ਪਾਠਕ੍ਰਮ ਗਤੀਵਿਧੀਆਂ ਅਤੇ ਸਕੂਲ ਵਿਚ ਉਪਲਬਧ ਬੁਨਿਆਦੀ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਮਾਪਿਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਬੱਚਿਆਂ ਦੀ ਪੜ੍ਹਾਈ ਵਿਚ ਨਿਰੰਤਰ ਦਿਲਚਸਪੀ ਲੈਣ ਅਤੇ ਅਧਿਆਪਕਾਂ ਨਾਲ ਸਾਂਝ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਤੱਕ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਮਾਪਿਆਂ ਨੇ ਭਾਗ ਲਿਆ। ਮਾਪਿਆਂ ਨੇ ਸਕੂਲ ਪ੍ਰਬੰਧਨ ਵੱਲੋਂ ਕੀਤੇ ਉਪਰਾਲਿਆਂ ਦੀ ਸਰਾਹਨਾ ਕਰਦਿਆਂ ਭਵਿੱਖ ਵਿੱਚ ਵੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਵਿਭਾਗ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦਾ ਪੰਪਲੈਟ ਰਿਲੀਜ਼ ਕੀਤਾ ਗਿਆ। ਇਸ ਮੌਕੇ ਰਜੀਵ ਮੈਣੀ, ਰਾਕੇਸ਼ ਗਰੋਵਰ ਬੀਪੀਈਓ ਰਣਜੀਤ ਸਿੰਘ, ਅਸ਼ਵਿੰਦਰ ਸਿੰਘ ਬਰਾੜ, ਹੀਰਾ ਸਿੰਘ ਤੂਤ, ਨਿਤਿਮਾ, ਸੁਖਮੀਤ ਕੌਰ, ਮਨੀ ਕੰਬੋਜ਼, ਐਲਨ ਭੱਟੀ, ਹਿਮਾਂਸ਼ੂ ਠੱਕਰ, ਹਰਮੀਤ ਸਿੰਘ ਖਾਈ ਹਾਜ਼ਰ ਸਨ।