ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ
ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ
Publish Date: Mon, 05 Jan 2026 04:10 PM (IST)
Updated Date: Mon, 05 Jan 2026 04:11 PM (IST)

ਕੇਵਲ ਆਹੂਜਾ, ਪੰਜਾਬੀ ਜਾਗਰਣ ਮਖੂ : ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵੱਲੋਂ ਗੁਰਦੁਆਰਾ ਸਿੰਘ ਸਭਾ ਮਖੂ ਵਿਖੇ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣਾ ਜੀਵਨ ਸਫਲ ਬਣਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮਖੂ ਦੀਆਂ ਸੰਗਤਾਂ ਵੱਲੋਂ ਸ਼ਹਿਰ ਵਿੱਚ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ ਅਤੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ। ਅੱਜ ਪ੍ਰਕਾਸ਼ ਪੁਰਬ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸੰਪੂਰਨ ਉਪਰੰਤ ਰਾਗੀ ਢਾਡੀ ਜਥੇ ਵੱਲੋਂ ਕੀਰਤਨ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਬਲਜੀਤ ਸਿੰਘ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਕਿਹਾ ਕਿ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਨਾ ਸਿਰਫ ਜੁਲਮ ਦੇ ਟਾਕਰੇ ਅਤੇ ਧਰਮ ਦੀ ਰੱਖਿਆ ਲਈ ਸਰਬੰਸ ਵਾਰ ਦਿੱਤਾ ਸਗੋਂ ਖਾਲਸਾ ਪੰਥ ਦੀ ਸਾਜਨਾ ਕਰਕੇ ਸਿੱਖ ਕੌਮ ਨੂੰ ਅਮਰ ਕਰ ਦਿੱਤਾ। ਗੁਰਦੁਆਰਾ ਸਿੰਘ ਸਭਾ ਮਖੂ ਦੇ ਪ੍ਰਧਾਨ ਜਗਜੀਤ ਸਿੰਘ ਕਾਲੜਾ ਵੱਲੋਂ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤ ਨੂੰ ਵਧਾਈਆਂ ਦਿੱਤੀਆਂ ਅਤੇ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਦੀ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਸੰਗਤ ਲਈ ਲੰਗਰ ਤਿਆਰ ਕਰਨ ਦੀ ਸੇਵਾ ਨਿਭਾਈ ਗਈ। ਸੰਗਤ ਵਿਚ ਲੰਗਰ ਵਰਤਾਉਣ ਦੀ ਸੇਵਾ ਪ੍ਰਧਾਨ ਜਗਜੀਤ ਸਿੰਘ ਕਾਲੜਾ, ਸੇਵਾਦਾਰ ਗੁਰਨਾਮ ਸਿੰਘ, ਜਸਵੀਰ ਸਿੰਘ ਕਟਾਰੀਆ, ਡਾ. ਨਰਿੰਦਰ ਸਿੰਘ ਗਾਂਧੀ, ਡਾ. ਸੁਰਜੀਤ ਸਿੰਘ ਪੱਟੀ ਵਾਲੇ, ਦਰਸ਼ਨ ਸਿੰਘ ਕਟਾਰੀਆ, ਲੱਕੀ ਬਾਵਾ, ਜਤਿੰਦਰ ਖੁਰਾਣਾ, ਬਲਵਿੰਦਰ ਸਿੰਘ ਕਟਾਰੀਆ, ਮੇਜਰ ਸਿੰਘ ਥਿੰਦ, ਪਰਮਜੀਤ ਸਿੰਘ ਰੀਡਰ, ਕਾਲਾ ਗਾਬਾ, ਡਾ. ਬਿਨਵੰਤ ਸਿੰਘ, ਗੁਰਅਸੀਸ ਸਿੰਘ, ਬਿੱਟੂ ਨਾਰੰਗ, ਬਲਕਾਰ ਸਿੰਘ , ਬਲਦੇਵ ਸਿੰਘ ਆਦਿ ਵੱਲੋਂ ਨਿਭਾਈ ਗਈ।