- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਭਾਜਪਾ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ, ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਪਰਮਿੰਦਰ ਸਿੰਘ ਝੋਟਾ ਦੇ ਹੋਏ ਬੇਰਹਿਮੀ ਨਾਲ ਕਤਲ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਸਰਕਾਰ ਅਤੇ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਫਿਰੋਜ਼ਪੁਰ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਨੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਮਾਨਯੋਗ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਭੇਜ ਕੇ ਇਸ ਕਤਲਕਾਂਡ ਦੀ ਸੀ.ਬੀ.ਆਈ. ਜਾਂਚ ਕਰਵਾਉਣ ਅਤੇ ਪੀੜ੍ਹਤ ਪਰਿਵਾਰ ਨੂੰ ਤੁਰੰਤ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਮੰਗ ਪੱਤਰ ਵਿਚ ਭਾਜਪਾ ਆਗੂਆਂ ਨੇ ਦੱਸਿਆ ਕਿ 13 ਅਕਤੂਬਰ 2026 ਨੂੰ ਮਾਨਸਾ ਵਿਖੇ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਵਿਰੁੱਧ ਲਗਾਤਾਰ ਆਵਾਜ਼ ਉਠਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਕੇਵਲ ਇੱਕ ਵਿਅਕਤੀ ਦੀ ਮੌਤ ਨਹੀਂ, ਸਗੋਂ ਨਸ਼ਿਆਂ ਵਿਰੁੱਧ ਲੜਨ ਵਾਲੇ ਆਮ ਨਾਗਰਿਕਾਂ ਦੀ ਸੁਰੱਖਿਆ ਅਤੇ ਰਾਜ ਦੀ ਕਾਨੂੰਨ-ਵਿਵਸਥਾ ’ਤੇ ਇੱਕ ਵੱਡਾ ਹਮਲਾ ਹੈ। ਭਾਜਪਾ ਆਗੂ ਸਰਬਜੀਤ ਸਿੰਘ ਬਾਠ ਨੇ ਕਿਹਾ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਅਨੁਸਾਰ ਘਟਨਾ ਵਿੱਚ ਇੱਕ ਸਥਾਨਕ ਵਿਧਾਇਕ ਦਾ ਨਾਮ ਸਾਹਮਣੇ ਆ ਰਿਹਾ ਹੈ। ਇਸ ਤੋਂ ਇਲਾਵਾ, ਗਵਾਹਾਂ ਮੁਤਾਬਕ ਹਮਲਾਵਰ ਨੇ ਗੋਲੀ ਚਲਾਉਣ ਤੋਂ ਕੁਝ ਸਮਾਂ ਪਹਿਲਾਂ ਕਿਸੇ ਨਾਲ ਫੋਨ ’ਤੇ ਗੱਲ ਕੀਤੀ ਸੀ, ਜਿਸ ਤੋਂ ਇਹ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਕਤਲ ਪਿੱਛੇ ਕੋਈ ਵੱਡੀ ਰਾਜਨੀਤਿਕ ਸਾਜ਼ਿਸ਼ ਜਾਂ ਨਸ਼ਾ ਤਸਕਰਾਂ ਦਾ ਗਠਜੋੜ ਹੋ ਸਕਦਾ ਹੈ। ਪੰਜਾਬ ਪੁਲਿਸ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਲਈ ਇਸ ਕੇਸ ਨੂੰ ਤੁਰੰਤ ਸੀ.ਬੀ.ਆਈ. ਹਵਾਲੇ ਕੀਤਾ ਜਾਵੇ।