- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਪੰਜਾਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਫਿਰੋਜ਼ਪੁਰ ਵੱਲੋਂ ਪਿੰਡ ਸਾਧੂਵਾਲਾ, ਬਲਾਕ ਜ਼ੀਰਾ ਜ਼ਿਲ੍ਹਾ ਫਿਰੋਜ਼ਪੁਰ ਦੇ ਕਿਸਾਨਾਂ ਵਿਚ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕਤਾ ਪੈਦਾ ਕਰਨ ਅਤੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕਿਸਾਨਾਂ ਦੇ ਸ਼ੰਕਿਆਂ ਨੂੰ ਦੂਰ ਕਰਨ ਲਈ ਪੰਜ-ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿਚ ਪਿੰਡ ਦੇ ਕੁੱਲ 25 ਕਿਸਾਨਾਂ ਨੇ ਭਾਗ ਲਿਆ। ਡਾ. ਗੁਰਮੇਲ ਸਿੰਘ ਸੰਧੂ, ਡਿਪਟੀ ਡਾਇਰੈਕਟਰ (ਸਿਖਲਾਈ), ਪੀ.ਏ.ਯੂ,-ਕੇ.ਵੀ.ਕੇ. ਫਿਰੋਜ਼ਪੁਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਖੇਤ ਵਿੱਚ ਹੀ ਸੁਚੱਜਾ ਪ੍ਰਬੰਧਨ ਕਰਨ ਵਾਲੀਆਂ ਤਕਨੀਕਾਂ ਅਪਨਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਪਰਾਲੀ ਸਾੜਨ ਦੇ ਮਾੜ੍ਹੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਅਤੇ ਪਰਾਲੀ ਨੂੰ ਜ਼ਮੀਨ ਵਿਚ ਮਿਲਾਉਣ ਦੇ ਫਾਇਦਿਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਸ ਨਾਲ ਜ਼ਮੀਨ ਦੇ ਭੌਤਿਕ ਗੁਣਾਂ ਵਿਚ ਸੁਧਾਰ ਹੁੰਦਾ ਹੈ ਅਤੇ ਫ਼ਸਲ ਉੱਤੇ ਮਾੜੇ ਪਾਣੀ ਦਾ ਅਸਰ ਵੀ ਘੱਟਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸਾਨਾਂ ਨੂੰ ਖੇਤੀ ਨਾਲ ਜੁੜੇ ਸਹਾਇਕ ਧੰਦੇ ਅਪਨਾਉਣ ਲਈ ਪ੍ਰੇਰਿਤ ਕਰਦਿਆਂ ਦੱਸਿਆ ਕਿ ਕੇ.ਵੀ.ਕੇ. ਵੱਲੋਂ ਵੱਖ-ਵੱਖ ਸਹਾਇਕ ਧੰਦਿਆਂ ਸਬੰਧੀ ਸਿਖਲਾਈ ਦਿੱਤੀ ਜਾਂਦੀ ਹੈ, ਜਿਨ੍ਹਾਂ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿਚ ਚੋਖਾ ਵਾਧਾ ਕਰ ਸਕਦੇ ਹਨ। ਡਾ. ਮਨਜੀਤ ਕੌਰ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਪਰਾਲੀ ਵਾਲੇ ਖੇਤਾਂ ਵਿਚ ਕਣਕ ਦੀ ਸਫ਼ਲ ਕਾਸ਼ਤ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਵੱਖ-ਵੱਖ ਮਸ਼ੀਨਾਂ ਜਿਵੇਂ ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਮਲਚਰ, ਸੀਡ ਡਰਿੱਲ ਆਦਿ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਡਾ. ਹਰਵਿੰਦਰ ਸਿੰਘ ਬੁੱਟਰ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਵੱਲੋਂ ਸਾਉਣੀ ਦੀਆਂ ਫ਼ਸਲਾਂ ਦੇ ਮੁੱਖ ਕੀੜਿਆਂ ਅਤੇ ਬਿਮਾਰੀਆਂ ਦੀ ਪਛਾਣ, ਉਨ੍ਹਾਂ ਦੇ ਨੁਕਸਾਨ ਦੇ ਲੱਛਣਾਂ ਅਤੇ ਕੀਟ ਅਤੇ ਰੋਗ ਪ੍ਰਬੰਧਨ ਤਹਿਤ ਵਿਗਿਆਨਕ ਢੰਗ ਨਾਲ ਰੋਕਥਾਮ ਬਾਰੇ ਕਿਸਾਨਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਕਿਸਾਨਾਂ ਨੂੰ ਕੀਟਨਾਸ਼ਕਾਂ ਦੀ ਸੁਚੱਜੀ ਅਤੇ ਸਿਫ਼ਾਰਸ਼ ਮਾਤਰਾ ਵਿੱਚ ਵਰਤੋਂ ਕਰਨ ਦੇ ਨਾਲ-ਨਾਲ ਲੋੜ ਅਨੁਸਾਰ ਹੀ ਸਪਰੇਅ ਕਰਨ ਲਈ ਪ੍ਰੇਰਿਤ ਕੀਤਾ ਗਿਆ। ਡਾ. ਭੱਲਣ ਸਿੰਘ ਸੇਖੋਂ, ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ) ਨੇ ਫ਼ਸਲੀ ਵਿਭੰਨਤਾ ਤਹਿਤ ਥੋੜ੍ਹਾ ਰਕਬਾ ਫ਼ਲਦਾਰ ਬੂਟਿਆਂ ਅਤੇ ਸਬਜ਼ੀਆਂ ਹੇਠ ਵਧਾਉਣ ਬਾਰੇ ਪ੍ਰੇਰਿਤ ਕੀਤਾ। ਉਨ੍ਹਾਂ ਨੇ ਮਨੁੱਖੀ ਸਿਹਤ ਲਈ ਫ਼ਲ ਅਤੇ ਸਬਜ਼ੀਆਂ ਦੀ ਖੁਰਾਕ ਵਿੱਚ ਮਹੱਤਤਾ ਬਾਰੇ ਦੱਸਦੇ ਹੋਏ ਬਾਗਾਂ, ਸਬਜ਼ੀਆਂ ਅਤੇ ਖੁੰਬਾਂ ਦੀ ਕਾਸ਼ਤ ਵਿਚ ਪਰਾਲੀ ਦੀ ਵਰਤੋਂ ਕਰਨ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਸਿਖਲਾਈ ਪ੍ਰੋਗਰਾਮ ਦੌਰਾਨ ਡਾ. ਦਿਵਿਆ ਜੈਨ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਕੈਂਪ ਵਿਚ ਆਏ ਹੋਏ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਲਗਾਏ ਜਾ ਰਹੇ ਮੇਲਿਆਂ ਬਾਰੇ ਜਾਣਕਾਰੀ ਦਿੰਦਿਆਂ ਇਨ੍ਹਾਂ ਮੇਲਿਆਂ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਉਨ੍ਹਾਂ ਆਏ ਹੋਏ ਕਿਸਾਨਾਂ ਨੂੰ ਖੇਤੀ ਸਾਹਿਤ ਪੜ੍ਹਣ ਲਈ ਪ੍ਰੇਰਿਤ ਕੀਤਾ।