- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ੀਰਾ ਹਲਕੇ 'ਚ ਗੋਲੀਆਂ ਦੀ ਗੂੰਜ ਨਾਲ ਸਹਿਮੇ ਲੋਕ, ਕਾਨੂੰਨ-ਵਿਵਸਥਾ ’ਤੇ ਉੱਠੇ ਗੰਭੀਰ ਸਵਾਲ

- 15 ਦਿਨਾਂ ਵਿੱਚ ਤੀਜੀ ਫਾਇਰਿੰਗ ਘਟਨਾ
- ਕੁਲਬੀਰ ਸਿੰਘ ਜ਼ੀਰਾ ਨੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਘੇਰਿਆ
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ: ਹਲਕਾ ਜੀਰਾ ਅੰਦਰ ਲਗਾਤਾਰ ਵਾਪਰ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ ਨੇ ਇਲਾਕੇ ਦੇ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਤਾਜ਼ਾ ਮਾਮਲੇ ਵਿਚ ਪਿੰਡ ਕਮਾਲਗੜ੍ਹ ਵਿਖੇ ਬੀਤੀ ਦੇਰ ਸ਼ਾਮ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਪਿੰਡ ਵਾਸੀ ਹਰ ਭਗਵਾਨ ਸਿੰਘ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ।ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ, ਜਿਸ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।ਇਸ ਘਟਨਾ ਨੂੰ ਲੈ ਕੇ ਜ਼ਿਲ੍ਹਾ ਫਿਰੋਜ਼ਪੁਰ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਤਿੱਖੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਜੀਰਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅਪਰਾਧੀਆਂ ਦੇ ਹੌਂਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਹੁਣ ਲੋਕ ਆਪਣੇ ਘਰਾਂ ਵਿਚ ਵੀ ਖੁਦ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਕਾਨੂੰਨ-ਵਿਵਸਥਾ ਦੇ ਮਾਮਲੇ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ, ਜਦਕਿ ਪੁਲਿਸ ਪ੍ਰਸ਼ਾਸਨ ਅਪਰਾਧੀਆਂ ’ਤੇ ਨਕੇਲ ਕੱਸਣ ਵਿੱਚ ਅਸਫਲ ਦਿਖਾਈ ਦੇ ਰਿਹਾ ਹੈ।
ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਪਿਛਲੇ 15 ਦਿਨਾਂ ਦੌਰਾਨ ਇਹ ਤੀਜੀ ਵੱਡੀ ਫਾਇਰਿੰਗ ਦੀ ਘਟਨਾ ਹੈ। ਉਨ੍ਹਾਂ ਯਾਦ ਦਿਵਾਇਆ ਕਿ 1 ਜੂਨ ਨੂੰ ਮਖੂ ਵਿਖੇ ਕਰਿਆਨਾ ਵਪਾਰੀ ਗੁਰਚਰਨ ਸਿੰਘ ਕਾਲਾ ਕਾਬਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਦਕਿ 6 ਜੂਨ ਨੂੰ ਪਿੰਡ ਚੂਚਕ ਵਿੰਡ ਦੇ 20 ਸਾਲਾ ਨੌਜਵਾਨ ਲਵਪ੍ਰੀਤ ਸਿੰਘ ਨੂੰ ਗੋਲੀਆਂ ਮਾਰ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਤੇ ਪੁਲਿਸ ਨੇ ਸਮੇਂ ਸਿਰ ਸਖ਼ਤ ਕਦਮ ਨਾ ਚੁੱਕੇ ਤਾਂ ਅਪਰਾਧੀਆਂ ਦੇ ਹੌਸਲੇ ਹੋਰ ਵੱਧਣਗੇ ਅਤੇ ਆਮ ਲੋਕਾਂ ਦਾ ਕਾਨੂੰਨ ’ਤੇ ਭਰੋਸਾ ਉੱਠ ਜਾਵੇਗਾ। ਜ਼ੀਰਾ ਨੇ ਮੰਗ ਕੀਤੀ ਕਿ ਕਮਾਲਗੜ੍ਹ ਗੋਲੀਕਾਂਡ ਦੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਹਾਲ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਲੋਕਾਂ ਦੀ ਸੁਰੱਖਿਆ ਯਕੀਨੀ ਨਾ ਬਣਾਈ ਗਈ ਤਾਂ ਕਾਂਗਰਸ ਪਾਰਟੀ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨ ਲਈ ਮਜਬੂਰ ਹੋਵੇਗੀ।