- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫ਼ਿਰੋਜ਼ਪੁਰ ’ਚ ਪੁਲਿਸ ਨੇ ਡਰੱਗ ਹੌਟਸਪੌਟ ਇਲਾਕਿਆਂ ’ਚ ਚਲਾਇਆ ‘ਕਾਸੋ’ ਸਰਚ ਆਪ੍ਰੇਸ਼ਨ

ਪੰਜਾਬੀ ਜਾਗਰਣ ਸਟਾਫ ਰਿਪੋਰਟਰ, ਫਿਰੋਜ਼ਪੁਰ : ਫ਼ਿਰੋਜ਼ਪੁਰ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ, ਚੋਰਾਂ, ਲੁਟੇਰਿਆਂ ਅਤੇ ਸਨੈਚਰਾਂ ਵਰਗੇ ਸਮਾਜ ਵਿਰੋਧੀ ਅਨਸਰਾਂ ’ਤੇ ਪੂਰੀ ਤਰ੍ਹਾਂ ਨੱਥ ਪਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਸੇ ਲੜੀ ਤਹਿਤ ਅੱਜ ਫ਼ਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਡਰੱਗ ਹੌਟਸਪੌਟ ਇਲਾਕਿਆਂ ਵਿੱਚ ਪੁਲਿਸ ਵੱਲੋਂ ਇੱਕ ਬਹੁਤ ਹੀ ਵਿਆਪਕ ਸਰਚ ਅਤੇ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਥਾਣਾ ਸੀਟੀ, ਥਾਣਾ ਸਦਰ ਅਤੇ ਥਾਣਾ ਫ਼ਿਰੋਜ਼ਪੁਰ ਕੈਂਟ ਸਮੇਤ ਵੱਖ-ਵੱਖ ਥਾਣਿਆਂ ਦੇ ਐੱਸ.ਐੱਚ.ਓਜ਼ ਆਪਣੀਆਂ-ਆਪਣੀਆਂ ਪੁਲਿਸ ਟੀਮਾਂ ਦੇ ਨਾਲ ਮੌਕੇ ’ਤੇ ਮੌਜ਼ੂਦ ਸਨ। ਪੁਲਿਸ ਟੀਮਾਂ ਨੇ ਇਲਾਕੇ ਦੇ ਕਈ ਸ਼ੱਕੀ ਘਰਾਂ, ਠਿਕਾਣਿਆਂ ਅਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ। ਇਸ ਮੁਹਿੰਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡੀ.ਐੱਸ.ਪੀ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਵਿੱਚੋਂ ਨਸ਼ੇ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਅਪਰਾਧੀਆਂ ਵਿੱਚ ਖ਼ੌਫ਼ ਪੈਦਾ ਕਰਨ ਦੇ ਮਕਸਦ ਨਾਲ ਫ਼ਿਰੋਜ਼ਪੁਰ ਸੀਟੀ ਸਬ-ਡਿਵੀਜ਼ਨ ਦੇ ਲਗਭਗ 5 ਤੋਂ 6 ਪ੍ਰਮੁੱਖ ਹੌਟਸਪੌਟ ਇਲਾਕਿਆਂ ਦੀ ਚੋਣ ਕੀਤੀ ਗਈ ਸੀ। ਇਸ ਕਾਸੋ ਆਪ੍ਰੇਸ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਰੀਬ 100 ਪੁਲਿਸ ਕਰਮਚਾਰੀਆਂ ਦੀ ਵਿਸ਼ੇਸ਼ ਤੈਨਾਤੀ ਕੀਤੀ ਗਈ ਸੀ, ਜਿਨ੍ਹਾਂ ਨੇ ਪੂਰੇ ਇਲਾਕੇ ਨੂੰ ਘੇਰ ਕੇ ਚੈਕਿੰਗ ਅਭਿਆਨ ਚਲਾਇਆ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਆਪ੍ਰੇਸ਼ਨ ਅਜੇ ਵੀ ਲਗਾਤਾਰ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਸਰਚ ਅਭਿਆਨ ਬਿਨਾਂ ਕਿਸੇ ਢਿੱਲ ਦੇ ਜਾਰੀ ਰਹਿਣਗੇ। ਫ਼ਿਰੋਜ਼ਪੁਰ ਪੁਲਿਸ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਲਾਕੇ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਬਣਾਉਣ ਲਈ ਪੁਲਿਸ ਦਾ ਪੂਰਾ ਸਹਿਯੋਗ ਕਰਨ।