ਨਸ਼ਾ ਤਸਕਰਾਂ ਵਿਰੁੱਧ ਪੁਲਿਸ ਨੇ ਚਲਾਇਆ ‘ਕਾਸੋ’ ਆਪ੍ਰੇਸ਼ਨ, ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਫ਼ਿਰੋਜ਼ਪੁਰ ਕੈਂਟ ’ਚ ਨਸ਼ਾ ਤਸਕਰਾਂ ਵਿਰੁੱਧ ਪੁਲਿਸ ਨੇ ਚਲਾਇਆ ‘ਕਾਸੋ’ ਆਪ੍ਰੇਸ਼ਨ: ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ
Publish Date: Sat, 21 Nov 2026 06:53 PM (IST)
Updated Date: Sun, 22 Nov 2026 04:04 AM (IST)
ਹੌਟਸਪੌਟ ਇਲਾਕਿਆਂ ਦੀ ਘੇਰਾਬੰਦੀ ਕਰ ਕੇ ਕਈ ਸ਼ੱਕੀ ਕਾਬੂ ਅਤੇ ਵਾਹਨ ਜ਼ਬਤ ਕੀਤੇ ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ: ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਤਹਿਤ ਪੁਲਿਸ ਵੱਲੋਂ ਫ਼ਿਰੋਜ਼ਪੁਰ ਕੈਂਟ ਇਲਾਕੇ ਵਿੱਚ ਵਿਸ਼ੇਸ਼ ‘ਕਾਸੋ’ ਆਪ੍ਰੇਸ਼ਨ ਚਲਾਇਆ ਗਿਆ। ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਐੱਸ.ਪੀ. ਕਰਨ ਸ਼ਰਮਾ ਅਤੇ ਥਾਣਾ ਕੈਂਟ ਦੀ ਪੁਲਿਸ ਫੋਰਸ ਨੇ ਨਸ਼ਾ ਪ੍ਰਭਾਵਿਤ ਹੌਟਸਪੌਟ ਇਲਾਕਿਆਂ ਵਿੱਚ ਸਰਚ ਮੁਹਿੰਮ ਚਲਾਈ। ਇਸ ਦੌਰਾਨ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਗਈ, ਕੁਝ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਅਤੇ ਬਿਨਾਂ ਦਸਤਾਵੇਜ਼ਾਂ ਵਾਲੇ ਕਈ ਵਾਹਨ ਵੀ ਜ਼ਬਤ ਕੀਤੇ ਗਏ।ਡੀਐੱਸਪੀ ਕਰਨ ਸ਼ਰਮਾ ਕਿਹਾ ਕਿ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਦਾ ਟਿਕਾਣਾ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੋਵੇਗਾ। ਉਨ੍ਹਾਂ ਨਸ਼ਾ ਵੇਚਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਜਾਂ ਤਾਂ ਤੁਰੰਤ ਇਹ ਗ਼ੈਰ-ਕਾਨੂੰਨੀ ਧੰਦਾ ਬੰਦ ਕਰ ਦੇਣ ਜਾਂ ਫਿਰ ਫ਼ਿਰੋਜ਼ਪੁਰ ਛੱਡ ਕੇ ਚਲੇ ਜਾਣ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਤੇ ਵੀ ਨਸ਼ਾ ਵਿਕਦਾ ਨਜ਼ਰ ਆਵੇ, ਤਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨਾ ਪੁਲਿਸ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਅਜਿਹੀਆਂ ਸਖ਼ਤ ਕਾਰਵਾਈਆਂ ਅੱਗੇ ਵੀ ਲਗਾਤਾਰ ਜਾਰੀ ਰਹਿਣਗੀਆਂ।