ਰਾਜਪਾਲ ਦੀ ਅਗਵਾਈ ’ਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀਆਂ ਤਿਆਰੀਆਂ ਜ਼ੋਰਾਂ ’ਤੇ
ਪੰਜਾਬ ਦੇ ਰਾਜਪਾਲ ਦੀ ਅਗਵਾਈ ਵਿੱਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀਆਂ ਤਿਆਰੀਆਂ ਜ਼ੋਰਾਂ ’ਤੇ
Publish Date: Fri, 06 Feb 2026 04:08 PM (IST)
Updated Date: Fri, 06 Feb 2026 04:11 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੰਜਾਬ ਵਿਚ ਨਸ਼ਿਆਂ ਦੇ ਖ਼ਤਰੇ ਨੂੰ ਨੱਥ ਪਾਉਣ ਲਈ ਰਾਜਪਾਲ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਵੱਡੀ ਪਹਿਲਕਦਮੀ ਤਹਿਤ ਫਿਰੋਜ਼ਪੁਰ ਵਿਚ 10 ਫ਼ਰਵਰੀ ਨੂੰ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਪੈਦਲ ਯਾਤਰਾ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਮੁਕੰਮਲ ਕੀਤੇ ਜਾ ਰਹੇ ਪ੍ਰਬੰਧਾਂ/ਕੰਮਾਂ ਦਾ ਜਾਇਜ਼ਾ ਲੈਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਰਾਜਪਾਲ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਦੌਰੇ ਅਤੇ ਪੈਦਲ ਯਾਤਰਾ ਸਬੰਧੀ ਤਿਆਰੀਆਂ ਨੂੰ ਛੇਤੀ ਤੋਂ ਛੇਤੀ ਮੁਕੰਮਲ ਕਰਨ ਨੂੰ ਲੈ ਕੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਰਾਜਪਾਲ ਦੀ ਅਗਵਾਈ ਵਿੱਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 10 ਫ਼ਰਵਰੀ 2026 ਨੂੰ ਸਵੇਰੇ 11.30 ਵਜੇ ਸਾਰਾਗੜ੍ਹੀ ਮੈਮੋਰੀਅਲ ਫ਼ਿਰੋਜ਼ਪੁਰ ਛਾਉਣੀ ਤੋਂ ਸ਼ੁਰੂ ਹੋ ਕੇ ਸਰਕਾਰੀ ਸਕੂਲ ਆਫ਼ ਐਮੀਨੈਂਸ ਫ਼ਿਰੋਜ਼ਪੁਰ ਸ਼ਹਿਰ ਤੱਕ ਜਾਵੇਗੀ। ਇਸ ਦੌਰਾਨ ਪੰਜਾਬ ਦੇ ਰਾਜਪਾਲ ਲੋਕਾਂ ਦੇ ਨਾਮ ਆਪਣਾ ਸੰਦੇਸ਼ ਵੀ ਦੇਣਗੇ। ਇਸ ਪੈਦਲ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ, ਯੂਥ ਕਲੱਬਾਂ ਦੇ ਮੈਂਬਰ, ਵਲੰਟੀਅਰ ਅਤੇ ਗੈਰ-ਸਰਕਾਰੀ ਸੰਸਥਾਵਾਂ (ਐੱਨਜੀਓਜ਼) ਆਦਿ ਸ਼ਾਮਿਲ ਹੋ ਕੇ ਨਸ਼ੇ ਤਿਆਗਣ ਅਤੇ ਨਸ਼ਿਆਂ ਦੇ ਖਾਤਮੇ ਲਈ ਇੱਕਜੁਟ ਹੋਣ ਦਾ ਸੱਦਾ ਦੇਣਗੇ। ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਇਸ ਪੈਦਲ ਯਾਤਰਾ ਨੂੰ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ, ਟਰੈਫਿਕ ਨਿਯੰਤਰਣ, ਸਾਫ਼-ਸਫ਼ਾਈ, ਸਿਹਤ ਸਹੂਲਤਾਂ, ਮੈਡੀਕਲ ਟੀਮਾਂ, ਰਿਫਰੈਸ਼ਮੈਂਟ, ਪੀਣ ਵਾਲਾ ਪਾਣੀ ਅਤੇ ਸਮਾਗਮ ਦੌਰਾਨ ਲੋੜੀਂਦੀਆਂ ਵਿਵਸਥਾਵਾਂ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਇਸ ਜਾਗਰੂਕਤਾ ਪੈਦਲ ਯਾਤਰਾ ਨੂੰ ਸਫਲ ਬਣਾਉਣ ਦੀ ਹਦਾਇਤ ਕੀਤੀ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿ) ਅਰਵਿੰਦ ਕੁਮਾਰ, ਐੱਸਡੀਐੱਮ ਫ਼ਿਰੋਜ਼ਪੁਰ ਮੈਡਮ ਲਿੰਧਿਆ, ਐੱਸਪੀ ਮਨਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ, ਏਟੀਓ ਰਾਕੇਸ਼ ਕੁਮਾਰ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਆਦਿ ਵੀ ਹਾਜ਼ਰ ਸਨ।