ਸ਼ੁਕਰਾਨਾ ਸਮਾਗਮ ਦੀਆਂ ਤਿਆਰੀਆਂ ਮੁਕੰਮਲ : ਮਿਸਲ ਸਤਲੁਜ ਸ਼ੁਕਰਾਨਾ ਸਮਾਗਮ ਦੀਆਂ ਤਿਆਰੀਆਂ ਮੁਕੰਮਲ - ਮਿਸਲ ਸਤਲੁਜ
Publish Date: Fri, 20 Nov 2026 06:03 PM (IST)
Updated Date: Sat, 21 Nov 2026 04:01 AM (IST)
ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ, ਮੱਲਾਂਵਾਲਾ: ਮਿਸਲ ਸਤਲੁਜ ਵੱਲੋਂ ਪਿੰਡ ਕੁਤਬਦੀਨ ਦੁੱਲਾ ਸਿੰਘ ਵਾਲਾ ਵਿਖੇ ਇੱਕ ਵਿਸ਼ੇਸ਼ ਸ਼ੁਕਰਾਨਾ ਅਤੇ ਸਨਮਾਨ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਸਾਲ 2025 ਵਿੱਚ ਪੰਜਾਬ ਅੰਦਰ ਆਏ ਭਿਆਨਕ ਹੜ੍ਹਾਂ ਸਮੇਂ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਸਮਾਜ ਸੇਵੀ ਸੰਸਥਾਵਾਂ, ਨੌਜਵਾਨਾਂ, ਦਾਨੀ ਸੱਜਣਾਂ ਅਤੇ ਹੋਰ ਸਹਿਯੋਗੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਸਲ ਸਤਲੁਜ ਦੇ ਸਕੱਤਰ ਜਨਰਲ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ 2025 ਦੇ ਹੜ੍ਹਾਂ ਦੌਰਾਨ ਜਦੋਂ ਪੰਜਾਬ ਦੇ ਅਨੇਕਾਂ ਪਰਿਵਾਰ ਮੁਸ਼ਕਲ ਹਾਲਾਤਾਂ ਵਿੱਚੋਂ ਲੰਘ ਰਹੇ ਸਨ, ਉਸ ਸਮੇਂ ਵੱਖ-ਵੱਖ ਸੰਸਥਾਵਾਂ ਅਤੇ ਪੰਜਾਬ ਦੇ ਲੋਕਾਂ ਨੇ ਬਿਨਾਂ ਕਿਸੇ ਭੇਦਭਾਵ ਤੋਂ ਰਾਸ਼ਨ, ਦਵਾਈਆਂ, ਆਰਥਿਕ ਸਹਾਇਤਾ, ਰਾਹਤ ਸਮੱਗਰੀ ਅਤੇ ਆਪਣੀਆਂ ਨਿੱਜੀ ਸੇਵਾਵਾਂ ਰਾਹੀਂ ਮਨੁੱਖਤਾ ਦੀ ਮਿਸਾਲ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਉਨ੍ਹਾਂ ਸ਼ਖ਼ਸੀਅਤਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ, ਜਿਨ੍ਹਾਂ ਨੇ ਸਾਲ 2026 ਦੌਰਾਨ ਸੰਭਾਵੀ ਹੜ੍ਹਾਂ ਦੇ ਖ਼ਤਰੇ ਨੂੰ ਦੇਖਦਿਆਂ ਸਰਕਾਰ ਅਤੇ ਸਬੰਧਤ ਪ੍ਰਸ਼ਾਸਨ ’ਤੇ ਸਮੇਂ ਸਿਰ ਪਾਣੀ ਦੀ ਨਿਯੰਤਰਿਤ ਨਿਕਾਸੀ ਅਤੇ ਹੜ੍ਹ ਰੋਕਥਾਮ ਦੇ ਅਗਾਊਂ ਪ੍ਰਬੰਧ ਕਰਨ ਲਈ ਦਬਾਅ ਬਣਾਇਆ। ਅਜਿਹੇ ਜਾਗਰੂਕ ਲੋਕਾਂ ਨੇ ਪੰਜਾਬ ਦੇ ਹਿੱਤਾਂ ਲਈ ਆਵਾਜ਼ ਉਠਾ ਕੇ ਇਹ ਸੁਨੇਹਾ ਦਿੱਤਾ ਕਿ ਹੜ੍ਹ ਆਉਣ ਤੋਂ ਬਾਅਦ ਰਾਹਤ ਦੇਣ ਦੇ ਨਾਲ-ਨਾਲ ਹੜ੍ਹਾਂ ਨੂੰ ਰੋਕਣ ਲਈ ਪਹਿਲਾਂ ਤੋਂ ਯੋਜਨਾਬੰਦੀ ਕਰਨੀ ਵੀ ਬਹੁਤ ਜ਼ਰੂਰੀ ਹੈ। ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਜਿਹੜੇ ਲੋਕ ਮੁਸੀਬਤ ਵੇਲੇ ਪੰਜਾਬ ਦੇ ਨਾਲ ਖੜ੍ਹੇ ਹੋਏ ਅਤੇ ਜਿਨ੍ਹਾਂ ਨੇ ਪੰਜਾਬ ਨੂੰ ਮੁੜ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਆਵਾਜ਼ ਬੁਲੰਦ ਕੀਤੀ, ਉਹ ਸਾਡੇ ਸਮਾਜ ਦਾ ਅਸਲ ਸਰਮਾਇਆ ਹਨ। ਅਜਿਹੀਆਂ ਸ਼ਖ਼ਸੀਅਤਾਂ ਦਾ ਸਨਮਾਨ ਕਰਨਾ ਸਾਡਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਦਾ ਇਹ ਸਮਾਗਮ ਸਿਰਫ਼ ਸਨਮਾਨ ਤੱਕ ਸੀਮਤ ਨਹੀਂ, ਸਗੋਂ ਪੰਜਾਬ ਵਿੱਚ ਆਪਸੀ ਭਾਈਚਾਰੇ, ਸਮਾਜ ਸੇਵਾ ਅਤੇ ਲੋਕ ਹਿੱਤਾਂ ਲਈ ਇਕਜੁੱਟ ਹੋ ਕੇ ਆਵਾਜ਼ ਉਠਾਉਣ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਉਪਰਾਲਾ ਹੈ। ਉਨ੍ਹਾਂ ਸਮੂਹ ਸਮਾਜ ਸੇਵੀ ਸੰਸਥਾਵਾਂ, ਸਹਿਯੋਗੀਆਂ ਅਤੇ ਪੰਜਾਬ ਹਿਤੈਸ਼ੀਆਂ ਨੂੰ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।