ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਕੇਂਦਰੀ ਜੇਲ੍ਹ ਫਿਰੋਜ਼ਪੁਰ 'ਚ ਐੱਨਡੀਪੀਐੱਸ ਐਕਟ ਤਹਿਤ ਸਜ਼ਾ ਕੱਟ ਰਹੇ ਇਕ ਕੈਦੀ ਦੀ ਬਿਮਾਰੀ ਕਾਰਨ ਮੌਤ ਹੋਣ ਦੀ ਖ਼ਬਰ ਹੈ। ਮਿ੍ਤਕ ਕੈਦੀ ਦੀ ਪਛਾਣ 49 ਸਾਲਾ ਕਸ਼ਮੀਰ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਸ਼ਾਹ ਵਾਲਾ ਜ਼ੀਰਾ ਵਜੋਂ ਹੋਈ ਹੈ।

ਜੇਲ੍ਹ ਅਧਿਕਾਰੀਆਂ ਵੱਲੋਂ ਲੋੜੀਂਦੀ ਕਾਰਵਾਈ ਮਗਰੋਂ ਕੈਦੀ ਦੀ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਸੀ। ਇਸ ਸਬੰਧੀ ਜੇਲ੍ਹ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਸ਼ਮੀਰ ਸਿੰਘ ਪੁੱਤਰ ਇੰਦਰ ਸਿੰਘ ਜੋ ਐੱਨਡੀਪੀਐੱਸ ਐਕਟ ਤਹਿਤ 10 ਸਾਲ ਦੀ ਸਜ਼ਾ ਕੱਟ ਰਿਹਾ ਸੀ, ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦਾ ਮਰੀਜ਼ ਸੀ।

ਬੀਤੇ ਦਿਨ ਉਸ ਦੀ ਤਬੀਅਤ ਵਿਗੜੀ ਤਾਂ ਉੁਸ ਨੂੰ ਹਸਪਤਾਲ ਲਿਆਂਦਾ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਜੇਲ੍ਹ ਅਧਿਕਾਰੀ ਨੇ ਦੱਸਿਆ ਕਿ ਕਸ਼ਮੀਰ ਸਿੰਘ ਦੀ ਸਜ਼ਾ ਲਗਪਗ ਪੂਰੀ ਹੋਣ ਵਾਲੀ ਹੀ ਸੀ ਕਿ ਪਰਿਵਾਰ ਲਈ ਇਹ ਮੰਦਭਾਗੀ ਖ਼ਬਰ ਆ ਗਈ। ਸਥਾਨਕ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਤੋਂ ਬਾਅਦ ਕਸ਼ਮੀਰ ਦੀ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।