- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਕੜਮਾਂ ਵਿਖੇ ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਕੜਮਾਂ ਵਿਖੇ ਪਹੁੰਚ ਕੇ ਖੁੱਲ੍ਹੇ ਪੰਡਾਲ ਵਿਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਪਿੰਡ ਵਾਸੀਆਂ ਨੇ ਆਪਣੀਆਂ ਵੱਖ-ਵੱਖ ਸਮੱਸਿਆਵਾਂ ਉਨ੍ਹਾਂ ਦੇ ਸਾਹਮਣੇ ਰੱਖੀਆਂ। ਕਾਨੂੰਨਗੋ ਨੇ ਮੌਕੇ ’ਤੇ ਮੌਜ਼ੂਦ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਯਤਨ ਕੀਤੇ। ਇਸ ਮੌਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਅਤੇ ਮੋਕੇ ਤੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੇ ਨਿਪਟਾਰੇ ਲਈ ਲੋੜੀਂਦੀ ਕਾਰਵਾਈ ਕਰਨ ’ਤੇ ਜ਼ੋਰ ਦਿੱਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਯੋਗ ਕਦਮ ਚੁੱਕਣਾ ਰਿਹਾ। ਪਿੰਡ ਕੜਮਾਂ ਦੇ ਦੌਰੇ ਤੋਂ ਬਾਅਦ ਪ੍ਰਿਯੰਕ ਕਾਨੂੰਨਗੋ ਭਾਰਤੀ ਜਨਤਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰਾਜਨਬੀਰ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਰਾਜਨਬੀਰ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਪੰਜਾਬ ਦੇ ਮਹਾਨ ਯੋਧੇ ਮਹਾਰਾਜਾ ਰਣਜੀਤ ਸਿੰਘ ਜੀ ਦੀ ਤਸਵੀਰ ਭੇਟ ਕਰਕੇ ਸਤਿਕਾਰ ਪ੍ਰਗਟਾਇਆ। ਇਸ ਮੌਕੇ ਰਾਜਨਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ, ਉਨ੍ਹਾਂ ਦੇ ਹੱਲ ਲਈ ਪ੍ਰਸ਼ਾਸਨ ਨਾਲ ਤਾਲਮੇਲ ਕਰਨਾ ਅਤੇ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕਤਾ ਵਧਾਉਣਾ ਸਮਾਜ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਨੂੰ ਆਪਣੀਆਂ ਸਮੱਸਿਆਵਾਂ ਰੱਖਣ ਅਤੇ ਉਨ੍ਹਾਂ ਦੇ ਨਿਆਂ ਸੰਗਤ ਹੱਲ ਦੀ ਉਮੀਦ ਕਰਨ ਦਾ ਅਧਿਕਾਰ ਹੈ। ਉਨ੍ਹਾਂ ਨੇ ਪ੍ਰਿਯੰਕ ਕਾਨੂੰਨਗੋ ਦੇ ਪਿੰਡ ਕੜਮਾ ਦੌਰੇ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਲੋਕਾਂ ਵਿੱਚ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੱਲ ਲਈ ਯਤਨ ਕਰਨਾ ਲੋਕ-ਹਿੱਤ ਵਿਚ ਇਕ ਮਹੱਤਵਪੂਰਨ ਕਦਮ ਹੈ ਅਤੇ ਢਿੱਲੋਂ ਨੇ ਪ੍ਰਸ਼ਾਸਨ, ਸਰਪੰਚ, ਪੰਚਾਇਤ ਅਤੇ ਪਿੰਡ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ।