ਫਿਰੋਜ਼ਪੁਰ ’ਚ ‘ਮਾਨ ਦੇ ਮੁਨਾਫੇ, ਘਰ-ਘਰ’ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਫਿਰੋਜ਼ਪੁਰ ’ਚ ‘ਮਾਨ ਦੇ ਮੁਨਾਫੇ, ਘਰ-ਘਰ’ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ
Publish Date: Sat, 17 Oct 2026 06:30 PM (IST)
Updated Date: Sat, 17 Oct 2026 06:33 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿੱਢੀ ਗਈ ਵਿਸ਼ੇਸ਼ ‘ਮਾਨ ਦੇ ਮੁਨਾਫੇ, ਘਰ-ਘਰ’ ਜਾਗਰੂਕਤਾ ਮੁਹਿੰਮ ਤਹਿਤ ਫਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਖੇਤਰ ਵਿੱਚ ਵਿਆਪਕ ਜਨ-ਸੰਪਰਕ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਦੀ ਅਗਵਾਈ ਕਰਦਿਆਂ ਸਥਾਨਕ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਆਪਣੇ ਸਹਿਯੋਗੀਆਂ ਸਮੇਤ ਘਰ-ਘਰ ਜਾ ਕੇ ਆਮ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਆਮ ਜਨਤਾ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਪ੍ਰਮੁੱਖ ਯੋਜਨਾਵਾਂ, ਬਿਜਲੀ ਰਾਹਤ ਅਤੇ ਸਿਹਤ-ਸਿੱਖਿਆ ਖੇਤਰ ਵਿੱਚ ਕੀਤੇ ਗਏ ਇਨਕਲਾਬੀ ਸੁਧਾਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਇਸ ਪ੍ਰਚਾਰ ਅਭਿਆਨ ਦੌਰਾਨ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹਰ ਪਰਿਵਾਰ ਨੂੰ ਦਿੱਤੀ ਜਾ ਰਹੀ 300 ਯੂਨਿਟ ਮੁਫ਼ਤ ਬਿਜਲੀ ਦੀ ਸੁਵਿਧਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ, ਜੋ ਕਿ ਆਮ ਲੋਕਾਂ ਲਈ ਵੱਡੀ ਵਿੱਤੀ ਰਾਹਤ ਹੈ। ਇਸ ਤੋਂ ਇਲਾਵਾ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਸਕੂਲ ਆਫ਼ ਐਮੀਨੈਂਸ ਰਾਹੀਂ ਗਰੀਬ ਅਤੇ ਮੱਧਮ ਵਰਗ ਦੇ ਬੱਚਿਆਂ ਨੂੰ ਉੱਚ ਪੱਧਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਸਿਹਤ ਸੁਵਿਧਾਵਾ ਵਿੱਚ ਬਦਲਾਅ ਲਿਆਉਣ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਖੋਲ੍ਹੇ ਗਏ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਇਲਾਜ, ਟੀਕੇ ਅਤੇ ਦਵਾਈਆਂ ਮਿਲ ਰਹੀਆਂ ਹਨ। ਨਾਲ ਹੀ, ਸਰਕਾਰੀ ਹਸਪਤਾਲਾਂ ਦੀ ਦਸ਼ਾ ਸੁਧਾਰਨ ਲਈ ਉਨ੍ਹਾਂ ਦਾ ਨਵੀਨੀਕਰਨ ਤੇ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ।ਮਹਿਲਾ ਸ਼ਕਤੀਕਰਨ ਵੱਲ ਇੱਕ ਹੋਰ ਅਹਿਮ ਕਦਮ ਵਜੋਂ, ਮਹਿਲਾ ਸਨਮਾਨ ਯੋਜਨਾ ਰਾਹੀਂ ਔਰਤਾਂ ਨੂੰ 1000 ਅਤੇ 1500 ਰੁਪਏ ਦੀ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨ ਬਾਰੇ ਵੀ ਸੰਗਤਾਂ ਨੂੰ ਜਾਗਰੂਕ ਕੀਤਾ ਗਿਆ। ਵਿਧਾਇਕ ਭੁੱਲਰ ਨੇ ਦਾਅਵਾ ਕੀਤਾ ਕਿ ਇਨ੍ਹਾਂ ਜਨ-ਕਲਿਆਣਕਾਰੀ ਨੀਤੀਆਂ ਨਾਲ ਪੰਜਾਬ ਦੇ ਆਮ ਲੋਕਾਂ ਦਾ ਜੀਵਨ ਪੱਧਰ ਬਿਹਤਰ ਹੋ ਰਿਹਾ ਹੈ।ਇਸ ਮੌਕੇ ਉਨ੍ਹਾਂ ਦੇ ਨਾਲ ਵੱਖ-ਵੱਖ ਪ੍ਰਮੁੱਖ ਸ਼ਖਸੀਅਤਾਂ ਅਤੇ ਆਗੂ ਹਾਜ਼ਰ ਸਨ, ਜਿਨ੍ਹਾਂ ਵਿੱਚ ਨੇਕ ਪ੍ਰਤਾਪ ਸਿੰਘ, ਰਾਜ ਬਹਾਦੁਰ ਸਿੰਘ, ਹਿਮਾਂਸ਼ੂ ਠੱਕਰ, ਫਿਰੋਜ਼ਪੁਰ ਬਲਾਕ ਸੰਮਤੀ ਦੇ ਚੇਅਰਮੈਨ ਦਿਲਬਾਗ ਸਿੰਘ ਨੰਡਾ, ਮਾਰਕੀਟ ਕਮੇਟੀ ਚੇਅਰਮੈਨ ਹਰਮੀਤ ਸਿੰਘ ਖਾਈ, ਸੁਖਚੈਨ ਸਿੰਘ ਖਾਈ ਬਲਾਕ ਸੰਮਤੀ ਮੈਂਬਰ ਅਤੇ ਕੌਂਸਲਰ ਮੇਜਰ ਸਿੰਘ , ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਵਰਕਰ ਅਤੇ ਪਾਰਟੀ ਸਮਰਥਕ ਸ਼ਾਮਲ ਸਨ।