ਸਰਹੱਦੀ ਪੰਜਾਬ ਦੀ ਤਰੱਕੀ ਤੇ ਸੁਰੱਖਿਆ ਕੇਂਦਰ ਦੀ ਪਹਿਲੀ ਤਰਜੀਹ : ਢੀਂਗਰਾ ਸਰਹੱਦੀ ਪੰਜਾਬ ਦੀ ਤਰੱਕੀ ਤੇ ਸੁਰੱਖਿਆ ਕੇਂਦਰ ਦੀ ਪਹਿਲੀ ਤਰਜੀਹ: ਅਸ਼ਵਨੀ ਢੀਂਗਰਾ
Publish Date: Thu, 23 Jul 2026 04:17 PM (IST)
Updated Date: Thu, 23 Jul 2026 04:19 PM (IST)
- ਸੜਕਾਂ, ਸਿਹਤ ਅਤੇ ਬੁਨਿਆਦੀ ਢਾਂਚੇ ਨਾਲ ਜੁੜੇ ਵੱਡੇ ਪ੍ਰੋਜੈਕਟਾਂ ਦੀ ਜਤਾਈ ਉਮੀਦ - ਸਰਹੱਦੀ ਪੰਜਾਬ ਦੀ ਸੁਰੱਖਿਆ ਤੇ ਤਰੱਕੀ ਨੂੰ ਦੱਸਿਆ ਕੇਂਦਰ ਦੀ ਤਰਜੀਹ ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਭਾਰਤੀ ਜਨਤਾ ਪਾਰਟੀ ਦੇ ਪੰਜਾਬ ਲੀਗਲ ਸੈੱਲ ਦੇ ਸਹਿਯੋਜਕ ਐਡਵੋਕੇਟ ਅਸ਼ਵਨੀ ਢੀਂਗਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਸੂਬੇ ਦੇ ਵਿਕਾਸ, ਆਰਥਿਕ ਮਜ਼ਬੂਤੀ ਅਤੇ ਬੁਨਿਆਦੀ ਢਾਂਚੇ ਦੇ ਵਿਸਥਾਰ ਲਈ ਇੱਕ ਅਹਿਮ ਮੀਲ ਪੱਥਰ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਇਹ ਦੌਰਾ ਪੰਜਾਬ ਲਈ ਨਵੇਂ ਵਿਕਾਸ ਯੁੱਗ ਦੀ ਸ਼ੁਰੂਆਤ ਸਾਬਤ ਹੋ ਸਕਦਾ ਹੈ, ਜਿਸ ਨਾਲ ਸੂਬੇ ਵਿੱਚ ਬੁਨਿਆਦੀ ਸਹੂਲਤਾਂ ਦੇ ਵਿਸਥਾਰ ਅਤੇ ਨਿਵੇਸ਼ ਦੇ ਨਵੇਂ ਰਾਹ ਖੁੱਲ੍ਹਣ ਦੀ ਉਮੀਦ ਹੈ। ਐਡਵੋਕੇਟ ਢੀਂਗਰਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਵਿੱਚ ਸੜਕੀ ਨੈੱਟਵਰਕ, ਸਿਹਤ ਸੇਵਾਵਾਂ ਅਤੇ ਹੋਰ ਜਨਤਕ ਸਹੂਲਤਾਂ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਐਲਾਨੇ ਜਾਣ ਵਾਲੇ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਨਾ ਸਿਰਫ਼ ਸੂਬੇ ਦੀ ਆਰਥਿਕਤਾ ਨੂੰ ਨਵੀਂ ਰਫ਼ਤਾਰ ਦੇਣਗੇ, ਸਗੋਂ ਰੁਜ਼ਗਾਰ ਦੇ ਮੌਕੇ ਵੀ ਵਧਾਉਣਗੇ ਅਤੇ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣਗੇ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਦੀ ਸੁਰੱਖਿਆ ਅਤੇ ਸਰਹੱਦੀ ਜ਼ਿਲ੍ਹਿਆਂ ਦਾ ਸਰਵਪੱਖੀ ਵਿਕਾਸ ਦੇਸ਼ ਦੀ ਸੁਰੱਖਿਆ ਨਾਲ ਸਿੱਧਾ ਜੁੜਿਆ ਹੋਇਆ ਹੈ। ਕੇਂਦਰ ਸਰਕਾਰ ਦੀਆਂ ਨੀਤੀਆਂ ਹਮੇਸ਼ਾ ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀਆਂ ਗਈਆਂ ਹਨ, ਜਿਸ ਦਾ ਲਾਭ ਪੰਜਾਬ ਨੂੰ ਲਗਾਤਾਰ ਮਿਲ ਰਿਹਾ ਹੈ। ਅਸ਼ਵਨੀ ਢੀਂਗਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਅਤੇ ਸਿੱਖ ਕੌਮ ਨਾਲ ਵਿਸ਼ੇਸ਼ ਲਗਾਅ ਰਿਹਾ ਹੈ। ਉਨ੍ਹਾਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਦੀ ਪਹਿਲ ਅਤੇ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬਾਂ ਤੇ ਸ਼ਤਾਬਦੀ ਸਮਾਗਮਾਂ ਨੂੰ ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਮਨਾਉਣ ਵਰਗੇ ਫ਼ੈਸਲਿਆਂ ਨੂੰ ਇਸ ਦੀ ਮਿਸਾਲ ਦੱਸਿਆ। ਅੰਤ ਵਿਚ ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ, ਅਮਨ ਅਤੇ ਖੁਸ਼ਹਾਲੀ ਦੀ ਸੋਚ ਨਾਲ ਇਕਜੁੱਟ ਹੋ ਕੇ ਸੂਬੇ ਨੂੰ ਤਰੱਕੀ ਦੀ ਨਵੀਂ ਲੀਹ ’ਤੇ ਲਿਜਾਣ ਵਿੱਚ ਆਪਣਾ ਯੋਗਦਾਨ ਪਾਉਣ।