ਸਚਿਨ ਮਿੱਢਾ, ਜਲਾਲਾਬਾਦ : ਸੰਯੁਕਤ ਕਿਸਾਨ ਮੋਰਚਾ ਵੱਲੋਂ ਮੰਡੀ ਘੁਬਾਇਆ ਦੇ ਬੱਸ ਅੱਡੇ 'ਤੇ ਲਗਾਤਾਰ ਵੱਧ ਰਹੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇ ਵਿਰੋਧ 'ਚ ਰੋਸ ਧਰਨਾ ਦਿੱਤਾ ਗਿਆ। ਇਸ ਰੋਸ ਧਰਨੇ ਦੌਰਾਨ ਕਿਸਾਨ ਜਥੇਬੰਦੀ ਨਾਲ ਸਬੰਧਤ ਆਗੂ ਅਮਰ ਸਿੰਘ, ਸ਼ਾਮਾ ਬੱਟੀ, ਪੂਰਨ ਚੰਦ ਮੁੂਜੈਦੀਆ, ਧਿਆਨ ਸਿੰਘ, ਪੱਪੂ ਟਾਹਲੀਵਾਲਾ, ਨਿਰਮਲ ਿਢੱਲੋ, ਤਰਮੀਤ ਸਿੰਘ, ਮੰਗਾ ਸਿੰਘ ਤੇ ਹੋਰ ਵੱਡੀ ਗਿਣਤੀ 'ਚ ਕਿਸਾਨ ਤੇ ਦੁਕਾਨਦਾਰ ਮੌਜੂਦ ਸਨ। ਇਸ ਤੋਂ ਪਹਿਲਾਂ ਮੰਡੀ ਘੁਬਾਇਆ ਦੇ ਸਮੁੱਚੇ ਦੁਕਾਨਦਾਰਾਂ ਨੇ ਸਵੇਰੇ 11 ਵਜੇ ਤੱਕ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਅਤੇ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਦਾ ਵਿਰੋਧ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ 'ਚ ਬੈਠੀ ਸਰਕਾਰ ਲਗਦਾ ਹੈ ਕਿ ਦੇਸ਼ ਦੇ ਲੋਕਾਂ ਨੂੰ ਪੂਰੀ ਤਰ੍ਹਾਂ ਨਿਚੋੜਣ ਦਾ ਮਨ ਬਣਾ ਚੁੱਕੀ ਹੈ ਕਿਉਂਕਿ ਆਏ ਦਿਨ ਜਿੱਥੇ ਲੋਕ ਵਿਰੋਧੀ ਤੇ ਕਿਸਾਨ ਵਿਰੋਧੀ ਕਾਨੂੰਨ ਪਾਸ ਕੀਤੇ ਜਾ ਰਹੇ ਹਨ ਉਥੇ ਹੀ ਲੋਕਾਂ ਨੂੰ ਮਹਿੰਗਾਈ ਦੀ ਭੱਠੀ 'ਚ ਝੌਂਕਿਆਂ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਖਿਲਾਫ ਪਹਿਲਾਂ ਹੀ ਕਿਸਾਨ ਸੰਘਰਸ਼ ਕਰ ਰਿਹਾ ਹੈ ਅਤੇ ਦਿੱਲੀ 'ਚ ਬੈਠੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਦੂਜੇ ਪਾਸੇ ਮੋਦੀ ਸਰਕਾਰ ਲਗਾਤਾਰ ਲੋਕਾਂ ਨੂੰ ਮਹਿੰਗਾਈ ਦੀ ਮਾਰ ਹੇਠਾਂ ਲਿਆ ਰਹੀ ਹੈ। ਜਿਸਦੇ ਸਿੱਟੇ ਵਜੋਂ ਲਗਾਤਾਰ ਪੈਟ੍ਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋ ਰਿਹਾ ਹੈ ਅਤੇ ਰਸੋਈ ਗੈਸ ਵੀ ਆਮ ਘਰਾਂ ਦੀ ਪਹੁੰਚ ਤੋਂ ਬਾਹਰ ਹੁੰਦੀ ਜਾ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਕੇਂਦਰ ਦੀ ਬੀਜੇਪੀ ਵਾਲੀ ਸਰਕਾਰ ਨੂੰ ਦੂਜੀ ਵਾਰ ਲੋਕਾਂ ਨੇ ਸੱਤਾਂ 'ਚ ਲਿਆ ਕੇ ਸਭ ਤੋਂ ਵੱਡੀ ਗਲਤੀ ਕੀਤੀ ਹੈ ਅਤੇ ਹੁਣ ਦੇਸ਼ ਦੇ ਆਮ ਲੋਕਾਂ, ਵਪਾਰੀਆਂ ਤੇ ਕਿਸਾਨਾਂ ਨੂੰ ਇਕੱਠੇ ਹੋ ਕੇ ਮੋਦੀ ਸਰਕਾਰ ਦਾ ਸੁਪੜਾ ਸਾਫ ਕਰਨ ਲਈ ਕਵਾਇਤ ਹੁਣੇ ਤੋਂ ਹੀ ਸ਼ੁਰੂ ਕਰ ਦੇਣੀ ਚਾਹੀਦੀ ਹੈ।