ਸਤਨਾਮ ਸਿੰਘ, ਜਲਾਲਾਬਾਦ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਵਿੱਤ ਮੰਤਰੀ ਮਨਪ੍ਰਰੀਤ ਸਿੰਘ ਬਾਦਲ ਦੇ ਸ਼ਹਿਰ ਬਠਿੰਡਾ 'ਚ ਸੂਬਾ ਪੱਧਰੀ ਮਹਾਂ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ 'ਚ ਸੂਬੇ ਭਰ ਤੋਂ ਵੱਡੀ ਗਿਣਤੀ ਵਿਚ ਵੱਖ-ਵੱਖ ਵਿਭਾਗਾਂ 'ਚ ਬਤੌਰ ਠੇਕੇ 'ਤੇ ਸੇਵਾਵਾਂ ਦੇ ਰਹੇ ਮੁਲਾਜਮਾਂ ਨੇ ਹਿੱਸਾ ਲਿਆ। ਇਸ ਮੁਜਾਹਰੇ ਵਿਚ ਅੌਰਤਾਂ ਅਤੇ ਬੱਚਿਆਂ ਨੇ ਵੀ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਵਰਤਮਾਨ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਅੰਲੋਚਨਾ ਕੀਤੀ ਗਈ। ਇਸ ਸਬੰਧੀ ਮੋਰਚੇ ਦੇ ਸੂਬਾ ਕਨਵੀਨਰਾਂ ਜਗਰੂਪ ਸਿੰਘ ਲਹਿਰਾ, ਵਰਿੰਦਰ ਸਿੰਘ ਮੋਮੀ, ਵਰਿੰਦਰ ਸਿੰਘ ਬਠਿੰਡਾ, ਸ਼ੇਰ ਸਿੰਘ ਖੰਨਾ, ਭਗਤ ਸਿੰਘ ਭਗਤਾ, ਕੁਲਦੀਪ ਸਿੰਘ ਬੁੱਢੇਵਾਲ ਨੇ ਪੰਜਾਬ ਸਰਕਾਰ ਦੇ ਲੋਕ ਮਾਰੂ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸਮੂਹ ਅਦਾਰਿਆਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ ਪਰ ਸਰਕਾਰ ਦੇ ਕਾਰਜਕਾਲ ਦੇ ਢਾਈ ਸਾਲ ਬੀਤ ਜਾਣ ਦੇ ਬਾਅਦ ਵੀ ਸਰਕਾਰ ਵੱਲ਼ੋਂ ਕਿਸੇ ਵੀ ਅਦਾਰੇ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ ਸਗੋਂ ਸਮੂਹ ਅਦਾਰਿਆਂ ਦੇ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕਰਨ ਦੇ ਰਾਹ ਪਈ ਹੋਈ ਹੈ ਉਥੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰ ਜਾਬ ਦੇ ਬੈਨਰ ਹੇਠ ਕੀਤੇ ਲਗਾਤਾਰ ਸੰਘਰਸ਼ਾਂ ਦੀ ਬਦੌਲਤ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ “ਦੀ ਪੰਜਾਬ ਐਡਹਾਕ, ਕੰਟਰੈਕਟ, ਡੇਲੀਵੇਜ, ਟੈਂਪਰੇਰੀ, ਆਊਟਸੌਰਸਿੰਗ ਅਤੇ ਇੰਪਲਾਇਜ ਵੈੱਲਫੇਅਰ ਐਕਟ 2016“ ਬਣਾਇਆ ਸੀ ਪਰ ਕੈਪਟਨ ਸਰਕਾਰ ਉਸ ਐਕਟ ਨੂੰ ਲਾਗੂ ਕਰਨ ਤੋਂ ਲਗਾਤਾਰ ਟਾਲਾ ਵੱਟਿਆ ਹੋਇਆ ਹੈ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ “ਵੈੱਲਫੇਅਰ ਐਕਟ 2016“ ਨੂੰ ਇਨ ਬਿਨ ਲਾਗੂ ਕਰਕੇ ਕੱਚੇ ਮੁਲਾਜ਼ਮਾਂ ਨੂੰ ਉਹਨਾਂ ਦੇ ਪਿੱਤਰੀ ਵਿਭਾਗਾਂ ਵਿਚ ਰੈਗੂਲਰ ਕੀਤਾ ਜਾਵੇ ਅਤੇ ਐਕਟ ਤੋਂ ਬਾਹਰ ਰੱਖੀਆਂ ਕੈਟਾਗਿਰੀਆਂ ਨੂੰ ਅੱੈਕਟ ਵਿਚ ਸ਼ਾਮਿਲ ਕੀਤਾ ਜਾਵੇ,ਸਮੂਹ ਅਦਾਰਿਆਂ ਵਿਚੋਂ ਕੱਚੇ ਮੁਲਾਜ਼ਮਾਂ ਦੀਆਂ ਕੀਤੀਆਂ ਜਾ ਰਹੀਆਂ ਛਾਂਟੀਆਂ ਤੁਰੰਤ ਬੰਦ ਕੀਤੀਆਂ ਜਾਣ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜਦੋ ਤੱਕ ਸਮੂਹ ਅਦਾਰਿਆਂ ਦੇ ਠੇਕਾ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ ਵਿਚ ਪੱਕਾ ਨਹੀਂ ਕੀਤਾ ਜਾਂਦਾ ਤਦ ਤੱਕ ਮੋਰਚੇ ਦੇ ਬੈਨਰ ਹੇਠ ਸੰਘਰਸ਼ ਲਗਾਤਾਰ ਜਾਰੀ ਰਹਿਣਗੇ।