- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਏਡਜ਼ ਕੰਟਰੋਲ ਵੈਲਫੇਅਰ ਐਸੋਸੀਏਸ਼ਨ ਵੱਲੋਂ ਸੰਘਰਸ਼ ਦਾ ਐਲਾਨ

-30 ਨਵੰਬਰ ਨੂੰ ਸੰਗਰੂਰ ’ਚ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ, ਪੂਰਨ ਬਾਈਕਾਟ ਦੀ ਚਿਤਾਵਨੀ
ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ: ਪੰਜਾਬ ਏਡਜ਼ ਕੰਟਰੋਲ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਜਥੇਬੰਦੀ ਵੱਲੋਂ ਜ਼ਿਲ੍ਹਾ ਆਗੂ ਮੋਨਿਕਾ ਬੇਦੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਪੰਜ ਸਾਲਾਂ ਦੌਰਾਨ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਨੂੰ ਸਿਰਫ਼ ਖੱਜਲ-ਖੁਆਰ ਹੀ ਕੀਤਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਅੱਜ ਤੱਕ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਦੇ ਕਿਸੇ ਵੀ ਮੁਲਾਜ਼ਮ ਦੀ ਕੋਈ ਮੰਗ ਪੂਰੀ ਨਹੀਂ ਕੀਤੀ ਗਈ, ਜਿਸ ਦੇ ਰੋਸ ਵਜੋਂ 25 ਤਰੀਕ ਨੂੰ ਪੂਰੇ ਸੂਬੇ ਦੇ ਮੁਲਾਜ਼ਮਾਂ ਵੱਲੋਂ ਡਾਇਰੈਕਟਰ ਦਫ਼ਤਰ ਸੈਕਟਰ-38ਬੀ ਵਿਖੇ ਰੋਸ ਧਰਨਾ ਦਿੱਤਾ ਗਿਆ ਸੀ। ਮੋਨਿਕਾ ਬੇਦੀ ਨੇ ਦੱਸਿਆ ਕਿ ਧਰਨੇ ਉਪਰੰਤ ਜਥੇਬੰਦੀ ਨੇ ਸਖ਼ਤ ਫ਼ੈਸਲਾ ਲੈਂਦਿਆਂ ਪੂਰੇ ਪੰਜਾਬ ਵਿੱਚ ਮੁਲਾਜ਼ਮਾਂ ਵੱਲੋਂ ਆਨਲਾਈਨ ਕੰਮ ਦਾ ਬਾਈਕਾਟ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ 30 ਤਰੀਕ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿੱਚ ਸਮੂਹ ਮੁਲਾਜ਼ਮ ਛੁੱਟੀ ਲੈ ਕੇ ਸ਼ਾਮਲ ਹੋਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੁਝ ਦਿਨਾਂ ਦੇ ਅੰਦਰ ਕੀਤੇ ਗਏ ਵਾਅਦੇ ਅਨੁਸਾਰ ਮੁਲਾਜ਼ਮਾਂ ਦੇ ਤਨਖ਼ਾਹ-ਭੱਤਿਆਂ ਵਿੱਚ 20 ਫ਼ੀਸਦੀ ਦਾ ਵਾਧਾ ਨਾ ਕੀਤਾ ਗਿਆ, ਤਾਂ ਜਥੇਬੰਦੀ ਵੱਲੋਂ ਵੱਡੇ ਸੰਘਰਸ਼ ਉਲੀਕੇ ਜਾਣਗੇ ਅਤੇ ਕੰਮ ਦਾ ਪੂਰਨ ਤੌਰ ’ਤੇ ਬਾਈਕਾਟ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਦੌਰਾਨ ਜੇਕਰ ਕਿਸੇ ਮਰੀਜ਼ ਦਾ ਕੋਈ ਨੁਕਸਾਨ ਹੁੰਦਾ ਹੈ, ਤਾਂ ਉਸ ਦੀ ਸਿੱਧੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਉਨ੍ਹਾਂ ਕਿਹਾ ਕਿ ਪੰਜ ਸਾਲਾਂ ਤੋਂ ਸਿਰਫ਼ ਮੀਟਿੰਗਾਂ ਦਾ ਲਾਰਾ ਹੀ ਮਿਲ ਰਿਹਾ ਹੈ ਅਤੇ ਸਰਕਾਰ ਅਕਸਰ ਮੀਟਿੰਗਾਂ ਤੋਂ ਭੱਜਦੀ ਨਜ਼ਰ ਆਉਂਦੀ ਹੈ। ਇਸ ਮੌਕੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰੀ ਤਰ੍ਹਾਂ ਜਾਇਜ਼ ਠਹਿਰਾਉਂਦਿਆਂ ਪੈਰਾਮੈਡੀਕਲ ਸਿਹਤ ਕਰਮਚਾਰੀ ਕਮੇਟੀ ਦੇ ਕਨਵੀਨਰ ਨਰਿੰਦਰ ਸ਼ਰਮਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ, ਤਾਂ ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਅਤੇ ਸਿਹਤ ਵਿਭਾਗ ਦੇ ਸਮੂਹ ਮੁਲਾਜ਼ਮ ‘ਆਪ’ ਸਰਕਾਰ ਦਾ ਡਟਵਾਂ ਵਿਰੋਧ ਕਰਨਗੇ। ਇਸ ਮੌਕੇ ਸ਼ੈਲੀ, ਪ੍ਰਵੀਨ, ਅਮਨਦੀਪ ਕੌਰ, ਅਮਨਦੀਪ ਸ਼ਰਮਾ, ਮਨਪ੍ਰੀਤ ਕੌਰ, ਪੁਨੀਤਾ, ਰਿੰਕੂ, ਰਜਨੀ, ਸੀਮਾ, ਸੁਖਰਾਜ ਸਿੰਘ, ਪਿੰਕੀ ਅਤੇ ਆਈਸੀਟੀਸੀ, ਏ.ਆਰ.ਟੀ. ਤੇ ਓ.ਐੱਸ.ਟੀ. ਦੇ ਸਮੂਹ ਮੁਲਾਜ਼ਮ ਹਾਜ਼ਰ ਸਨ।