ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦੇ ਸੱਦਾ ’ਤੇ ਫਿਰੋਜ਼ਪੁਰ ’ਚ ਬਾਜ਼ਾਰ ਤੇ ਬੈਂਕ ਰਹੇ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਫਿਰੋਜ਼ਪੁਰ ’ਚ ਬਾਜ਼ਾਰ ਤੇ ਬੈਂਕ ਰਹੇ ਮੁਕੰਮਲ ਬੰਦ
Publish Date: Fri, 21 Aug 2026 05:33 PM (IST)
Updated Date: Fri, 21 Aug 2026 05:36 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਫਿਰੋਜ਼ਪੁਰ ਵਿਖੇ ਪੰਜਾਬ ਬੰਦ ਦੇ ਸੱਦੇ ’ਤੇ ਸਵੇਰ ਤੋਂ ਹੀ ਵੱਖ-ਵੱਖ ਸਿੱਖ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਇਕੱਠੇ ਹੋਏ। ਦਿੱਲੀ ਗੇਟ ਸਥਿਤ ਪੁੱਡਾ ਮਾਰਕੀਟ ਵਿਖੇ ਇਕੱਤਰ ਹੋਏ ਆਗੂਆਂ ਵਿਚ ਲਖਬੀਰ ਸਿੰਘ ਮਹਾਲਮ, ਏਕਨੂਰ ਖਾਲਸਾ, ਮਿਸਲ ਸਤਲੁੱਜ ਦੀ ਜਨਰਲ ਸਕੱਤਰ ਮਨਦੀਪ ਕੌਰ, ਵਾਰਸ ਪੰਜਾਬ ਦੇ ਮਨਬੀਰ ਸਿੰਘ ਅਤੇ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਭਾਈ ਭਗਵਾਨ ਸਿੰਘ ਦੜਿਆਲਾ ਸ਼ਾਮਲ ਸਨ। ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ‘ਬੰਦੀ ਸਿੱਖਾਂ’ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਫਿਰੋਜ਼ਪੁਰ ਦੇ ਟਾਹਲੀ ਮੁਹੱਲਾ, ਡਾਕਖਾਨਾ ਚੌਂਕ, ਬਗਦਾਦੀ ਗੇਟ, ਸਬਜ਼ੀ ਮੰਡੀ ਸਮੇਤ ਸ਼ਹਿਰ ਅਤੇ ਛਾਉਣੀ ਦੇ ਲਗਭਗ ਸਾਰੇ ਬਾਜ਼ਾਰ ਤੇ ਵਪਾਰਕ ਅਦਾਰੇ ਪੂਰੀ ਤਰ੍ਹਾਂ ਬੰਦ ਰਹੇ। ਬੰਦ ਦੇ ਸਮਰਥਨ ’ਚ ਬੈਂਕਾਂ ਦੀਆਂ ਸ਼ਾਖਾਵਾਂ ਵੀ ਬੰਦ ਰਹੀਆਂ। ਕਿਸਾਨਾਂ ਅਤੇ ਸਿੱਖ ਆਗੂਆਂ ਨੇ ਮਿਲ ਕੇ ਫਿਰੋਜ਼ਪੁਰ ਦੇ 7 ਨੰਬਰ ਚੁੰਗੀ ’ਤੇ ਵਿਸ਼ਾਲ ਧਰਨਾ ਲਗਾ ਕੇ ਆਵਾਜਾਈ ਠੱਪ ਕੀਤੀ। ਧਰਨੇ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਬੀਕੇਯੂ) ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ, ਬਲਾਕ ਪ੍ਰਧਾਨ ਗੁਰਮੀਤ ਸਿੰਘ ਘੱਲਖੁਰਦ, ਵਾਰਸ ਪੰਜਾਬ ਦੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸਾਬਕਾ ਐੱਮਪੀ ਭਾਈ ਧਿਆਨ ਸਿੰਘ ਮੰਡ, ਅਕਾਲੀ ਦਲ ਅੰਮ੍ਰਿਤਸਰ ਦੇ ਗੁਰਚਰਨ ਸਿੰਘ ਭੁੱਲਰ ਤੇ ਜਸਬੀਰ ਸਿੰਘ ਭੁੱਲਰ, ਰਾਵਣ ਸੈਨਾ ਦੇ ਦੀਪ ਦਸ਼ਾਨੰਦ, ਇੰਟਰਨੈਸ਼ਨਲ ਪੰਥਕ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪਿੱਪਲ ਸਿੰਘ, ਆਮ ਆਦਮੀ ਪਾਰਟੀ ਦੇ ਸੁਖਰਾਜ ਗੋਰਾ, ਕ੍ਰਾਂਤੀਕਾਰੀ ਫੂਲ ਗਰੁੱਪ ਦੇ ਗੁਰਪ੍ਰੀਤ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ (ਕਿਸਾਨ ਪੱਦੀ ਗਰੁੱਪ) ਦੇ ਜ਼ੋਨ ਪ੍ਰਧਾਨ ਸੁਰਜੀਤ ਸਿੰਘ ਸਮੇਤ ਕਈ ਪ੍ਰਮੁੱਖ ਆਗੂ ਸ਼ਾਮਲ ਹੋਏ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਬੰਦੀ ਸਿੰਘਾਂ ਦੇ ਮੁੱਦੇ ’ਤੇ ਗੰਭੀਰ ਨਹੀਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਭਾਈ ਜਗਤਾਰ ਸਿੰਘ ਹਵਾਰਾ, ਰਾਜੋਆਣਾ ਅਤੇ ਹੋਰਨਾਂ ਸਿੰਘਾਂ ਨੂੰ 30-32 ਸਾਲਾਂ ਤੋਂ ਜੇਲ੍ਹਾਂ ਵਿੱਚ ਰੱਖਿਆ ਗਿਆ ਹੈ, ਪਰ ਉਨ੍ਹਾਂ ਨੂੰ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ। ਪੰਜਾਬ ਬੰਦ ਦੇ ਇਸ ਅਸਰ ਕਾਰਨ ਆਮ ਜਨਜੀਵਨ ਕਾਫੀ ਪ੍ਰਭਾਵਿਤ ਹੋਇਆ। ਬੱਸਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੀ, ਜਿਸ ਨਾਲ ਮੁਸਾਫਰਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਜਦਕਿ ਟਰੇਨਾਂ ਦੀ ਆਵਾਜਾਈ ਆਮ ਵਾਂਗ ਚੱਲਦੀ ਰਹੀ। ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਸੇਵਾਵਾਂ ਅਤੇ ਮੈਡੀਕਲ ਸਟੋਰਾਂ ਨੂੰ ਬੰਦ ਤੋਂ ਛੋਟ ਦਿੱਤੀ ਗਈ ਸੀ, ਜਿਸ ਕਾਰਨ ਮੈਡੀਕਲ ਸਟੋਰ ਖੁੱਲ੍ਹੇ ਰਹੇ। ਫਿਰੋਜ਼ਪੁਰ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇੜ੍ਹੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ। ਸ਼ਹਿਰ ਦੇ ਕੋਨੇ-ਕੋਨੇ ’ਚ ਨਾਕੇਬੰਦੀ ਕੀਤੀ ਗਈ ਸੀ ਤਾਂ ਜੋ ਕੋਈ ਸ਼ਰਾਰਤੀ ਅਨਸਰ ਅਮਨ-ਕਾਨੂੰਨ ਦੀ ਸਥਿਤੀ ਨੂੰ ਖਰਾਬ ਨਾ ਕਰ ਸਕੇ।