ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਮਿਲਿਆ ਭਰਵਾਂ ਹੁੰਗਾਰਾ
Publish Date: Thu, 30 Jul 2026 05:49 PM (IST)
Updated Date: Thu, 30 Jul 2026 05:52 PM (IST)
- ਫ਼ਿਰੋਜ਼ਪੁਰ ਦੇ ਬਾਜ਼ਾਰ ਪੂਰੀ ਤਰ੍ਹਾਂ ਰਹੇ ਬੰਦ, ਬਰਨਾਲਾ ’ਚ ਔਰਤਾਂ ’ਤੇ ਹੋਏ ਲਾਠੀਚਾਰਜ ਦੇ ਰੋਸ ’ਚ ਨਿੱਤਰੇ ਕਰਮਚਾਰੀ - ਐਮਰਜੈਂਸੀ ਸੇਵਾਵਾਂ ਨੂੰ ਰੱਖਿਆ ਗਿਆ ਛੋਟ ’ਚ ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਬਰਨਾਲਾ ਵਿਚ ਹੜਤਾਲ ਦੌਰਾਨ ਔਰਤਾਂ ’ਤੇ ਹੋਏ ਲਾਠੀਚਾਰਜ ਅਤੇ ਸਫ਼ਾਈ ਸੇਵਕਾਂ ਨੂੰ ਪੱਕਾ ਕਰਨ ਸਮੇਤ ਹੋਰ ਲਟਕਦੀਆਂ ਮੰਗਾਂ ਦੇ ਹੱਲ ਲਈ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਨੂੰ ਫ਼ਿਰੋਜ਼ਪੁਰ ਵਿਚ ਭਰਪੂਰ ਸਮਰਥਨ ਮਿਲਿਆ। ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਸਾਰੇ ਬਾਜ਼ਾਰ ਬੰਦ ਰਹਿਣਗੇ। ਆਗੂਆਂ ਨੇ ਦੋਸ਼ੀ ਡੀਐੱਸਪੀ ’ਤੇ ਮਾਮਲਾ ਦਰਜ ਕਰਨ ਅਤੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀ ਆਗੂਆਂ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਸਫ਼ਾਈ ਕਰਮਚਾਰੀ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਬਰਨਾਲਾ ਵਿਚ ਹੜਤਾਲ ਦੌਰਾਨ ਪ੍ਰਸ਼ਾਸਨ ਵੱਲੋਂ ਧੀਆਂ-ਭੈਣਾਂ ਉੱਤੇ ਲਾਠੀਚਾਰਜ ਕੀਤਾ ਗਿਆ, ਜਿਸ ਦੇ ਰੋਸ਼ ਵਜੋਂ ਅੱਜ ਪੂਰਾ ਪੰਜਾਬ ਬੰਦ ਰੱਖਿਆ ਗਿਆ ਹੈ। ਉਨ੍ਹਾਂ ਆਖਿਆ ਕਿ ਸਰਕਾਰ ਨੇ ਸਿਰਫ਼ ਤਨਖ਼ਾਹਾਂ ਵਿਚ ਵਾਧਾ ਕਰਕੇ ਅੱਖਾਂ ’ਚ ਘੱਟਾ ਪਾਉਣ ਦੀ ਕੋਸ਼ਿਸ਼ ਕੀਤੀ ਹੈ, ਜਦਕਿ 10-15 ਸਾਲਾਂ ਤੋਂ ਕੰਮ ਕਰ ਰਹੇ ਕੱਚੇ ਸਫ਼ਾਈ ਸੇਵਕਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਲਾਠੀਚਾਰਜ ਕਰਨ ਵਾਲੇ ਡੀਐੱਸਪੀ ’ਤੇ ਪਰਚਾ ਦਰਜ ਕਰਕੇ ਉਸ ਨੂੰ ਬਰਖ਼ਾਸਤ ਕੀਤਾ ਜਾਵੇ ਅਤੇ ਠੇਕੇਦਾਰੀ ਸਿਸਟਮ ਬੰਦ ਕਰਕੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ। ਫਿਰੋਜ਼ਪੁਰ ਦੇ ਦਿੱਲੀ ਗੇਟ ਵਿਖੇ ਸਫਾਈ ਸੇਵਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਫ਼ਿਰੋਜ਼ਪੁਰ ਦੇ ਵਪਾਰ ਮੰਡਲ, ਪ੍ਰਸ਼ਾਸਨ ਅਤੇ ਧਾਰਮਿਕ-ਸਮਾਜਿਕ ਸੰਸਥਾਵਾਂ ਵੱਲੋਂ ਇਸ ਬੰਦ ਨੂੰ ਪੂਰਾ ਸਹਿਯੋਗ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਸਫ਼ਾਈ ਸੇਵਕ ਸਵੇਰੇ 4 ਵਜੇ ਉੱਠ ਕੇ ਸ਼ਹਿਰ ਦੀ ਸਫ਼ਾਈ ਕਰਦੇ ਹਨ ਅਤੇ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਲੋਕਾਂ ਦੀ ਸਿਹਤ ਦਾ ਧਿਆਨ ਰੱਖਦੇ ਹਨ। ਇਸ ਲਈ ਅੱਜ ਹਰ ਵਰਗ ਉਨ੍ਹਾਂ ਨਾਲ ਖੜ੍ਹਾ ਹੈ। ਆਗੂਆਂ ਨੇ ਕਿਹਾ ਕਿ ਆਮ ਜਨਤਾ ਨੂੰ ਪ੍ਰੇਸ਼ਾਨ ਕਰਨਾ ਉਨ੍ਹਾਂ ਦਾ ਮਕਸਦ ਨਹੀਂ ਹੈ। ਇਸ ਲਈ ਆਵਾਜਾਈ ਨੂੰ ਬਿਲਕੁਲ ਠੱਪ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਐਂਬੂਲੈਂਸਾਂ, ਹਸਪਤਾਲ, ਮੈਡੀਕਲ ਸਟੋਰ ਅਤੇ ਦੁੱਧ-ਡੇਅਰੀ ਵਰਗੀਆਂ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਖੁੱਲ੍ਹੀਆਂ ਰਹਿਣਗੀਆਂ। ਸਿਰਫ਼ ਬਾਜ਼ਾਰ ਅਤੇ ਬੈਂਕਾਂ ਆਦਿ ਨੂੰ ਸ਼ਾਂਤਮਈ ਢੰਗ ਨਾਲ ਬੰਦ ਰੱਖਣ ਦੀ ਅਪੀਲ ਕੀਤੀ ਗਈ। ਆਗੂਆਂ ਨੇ ਆਸ ਪ੍ਰਗਟਾਈ ਕਿ ਸਰਕਾਰ ਜਲਦ ਹੀ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰੇਗੀ। ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਕੀਤਾ ਕਿ ਇਹ ਬੰਦ ਪੂਰੀ ਤਰ੍ਹਾਂ ਸ਼ਾਂਤਮਈ ਹੈ ਅਤੇ ਹੱਥ ਜੋੜ ਕੇ ਸਹਿਯੋਗ ਮੰਗਿਆ ਗਿਆ ਹੈ। ਡਿਪਟੀ ਕਮਿਸ਼ਨਰ ਨੂੰ ਵੀ ਇਸ ਸਬੰਧੀ ਪਹਿਲਾਂ ਹੀ ਮੰਗ ਪੱਤਰ ਦਿੱਤਾ ਜਾ ਚੁੱਕਾ ਸੀ। ਫ਼ਿਰੋਜ਼ਪੁਰ ਦੇ ਲੋਕਾਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨੇ ਇਕਜੁੱਟਤਾ ਦਿਖਾਉਂਦੇ ਹੋਏ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਸਫ਼ਾਈ ਕਰਮਚਾਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ ਅਤੇ ਦੋਸ਼ੀ ਅਧਿਕਾਰੀਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਾਈਚਾਰਕ ਸਾਂਝ ਅਤੇ ਨਿਆਂ ਬਰਕਰਾਰ ਰਹੇ।