ਮੀਰੀ-ਪੀਰੀ ਖਾਲਸਾ ਮਾਰਚ ਦਾ ਫ਼ਿਰੋਜ਼ਪੁਰ ਪਹੁੰਚਣ ’ਤੇ ਸ਼ਰਧਾਪੂਰਵਕ ਸਵਾਗਤ ਮੀਰੀ-ਪੀਰੀ ਖਾਲਸਾ ਮਾਰਚ ਦਾ ਫ਼ਿਰੋਜ਼ਪੁਰ ਪਹੁੰਚਣ ’ਤੇ ਸ਼ਰਧਾਪੂਰਵਕ ਸਵਾਗਤ
Publish Date: Thu, 30 Jul 2026 06:01 PM (IST)
Updated Date: Thu, 30 Jul 2026 06:04 PM (IST)
- ਮੀਰੀ-ਪੀਰੀ ਖਾਲਸਾ ਮਾਰਚ ਦਾ ਫ਼ਿਰੋਜ਼ਪੁਰ ਪਹੁੰਚਣ ’ਤੇ ਸ਼ਰਧਾਪੂਰਵਕ ਸਵਾਗਤ ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਗਰਣ ਫਿਰੋਜ਼ਪੁਰ : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ, ਸਰਬਉੱਚ ਧਾਰਮਿਕ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖਾਲਸਾ ਮਾਰਚ ਫ਼ਿਰੋਜ਼ਪੁਰ ਸ਼ਹਿਰੀ ਖੇਤਰ ਵਿਚ ਦਾਖਲ ਹੋਇਆ। ਇਸ ਪਵਿੱਤਰ ਮਾਰਚ ਦਾ ਫ਼ਿਰੋਜ਼ਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਦੀ ਅਗਵਾਈ ਹੇਠ ਅਕਾਲੀ ਦਲ ਦੇ ਆਗੂਆਂ, ਵਰਕਰਾਂ ਅਤੇ ਵੱਡੀ ਗਿਣਤੀ ਸੰਗਤਾਂ ਵੱਲੋਂ ਪੂਰੇ ਉਤਸ਼ਾਹ, ਸ਼ਰਧਾ ਅਤੇ ਗੁਰਮਤਿ ਰਵਾਇਤਾਂ ਅਨੁਸਾਰ ਭਰਵਾਂ ਸਵਾਗਤ ਕੀਤਾ ਗਿਆ। ਫ਼ਿਰੋਜ਼ਪੁਰ ਸ਼ਹਿਰ ਵਿਚ ਖਾਲਸਾ ਮਾਰਚ ਦੇ ਪਹੁੰਚਣ ’ਤੇ ਪੂਰਾ ਮਾਹੌਲ ਗੁਰੂ ਸਾਹਿਬ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਪਾਲ ਸਿੰਘ ਨੰਨੂ ਨੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ ਸੀਸ ਨਿਵਾਇਆ ਅਤੇ ਸੁੰਦਰ ਰੁਮਾਲਾ ਸਾਹਿਬ ਭੇਟ ਕਰ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਸ਼ੁੱਭ ਮੌਕੇ ’ਤੇ ਗੁਰੂ ਸਾਹਿਬ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਸਾਹਿਬਾਨ ਅਤੇ ਹੋਰ ਪ੍ਰਮੁੱਖ ਧਾਰਮਿਕ ਤੇ ਸਤਿਕਾਰਯੋਗ ਸ਼ਖ਼ਸੀਅਤਾਂ ਨੂੰ ਜੈਕਾਰਿਆਂ ਦੀ ਗੂੰਜ ਵਿੱਚ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਮਾਰਚ ਵਿੱਚ ਸ਼ਾਮਲ ਸੰਗਤਾਂ ਦੇ ਦਰਸ਼ਨ ਕਰਦਿਆਂ ਪੂਰੇ ਹਲਕੇ ਵਿੱਚ ਅਪਾਰ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਦੀ ਲਹਿਰ ਦੇਖਣ ਨੂੰ ਮਿਲੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਆਗੂਆਂ ਨੇ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਸਾਜਿਆ ਗਿਆ ਮੀਰੀ-ਪੀਰੀ ਦਾ ਸਿਧਾਂਤ ਸਿੱਖ ਕੌਮ ਨੂੰ ਭਗਤੀ ਅਤੇ ਸ਼ਕਤੀ ਦਾ ਸੁਮੇਲ ਬਣਾ ਕੇ ਜ਼ੁਲਮ ਵਿਰੁੱਧ ਡਟਣ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਨਗਰ ਕੀਰਤਨ ਅਤੇ ਮਾਰਚ ਸਾਡੀ ਨਵੀਂ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ ਅਤੇ ਧਾਰਮਿਕ ਵਿਰਾਸਤ ਨਾਲ ਜੋੜਨ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ। ਇਸ ਜੀ ਆਇਆਂ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਅਹੁਦੇਦਾਰਾਂ ਅਤੇ ਵਰਕਰਾਂ ਦੀ ਭਾਰੀ ਹਾਜ਼ਰੀ ਰਹੀ, ਜਿਨ੍ਹਾਂ ਵਿਚ ਨਵਨੀਤ ਕੁਮਾਰ ਗੋਰਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਐੱਸਜੀਪੀਸੀ ਦੇ ਮੈਂਬਰ ਦਰਸ਼ਨ ਸਿੰਘ ਸ਼ੇਰਖਾਂ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਸਥਾਨਕ ਅਕਾਲੀ ਆਗੂਆਂ ਅਤੇ ਇਲਾਕਾ ਵਾਸੀਆਂ ਨੇ ਮਾਰਚ ਵਿੱਚ ਸ਼ਮੂਲੀਅਤ ਕਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸੰਗਤਾਂ ਲਈ ਥਾਂ-ਥਾਂ ’ਤੇ ਜਲਪਾਨ ਅਤੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਵੀ ਕੀਤੇ ਗਏ ਸਨ।