ਪੰਜਾਬ ਬੰਦ ਨੂੰ ਮੁਕਤਸਰ ’ਚ ਮਿਲਿਆ ਭਰਵਾਂ ਸਮਰਥਨ, ਬਜ਼ਾਰ ਰਹੇ ਬੰਦ, ਸੜਕਾਂ ’ਤੇ ਪਸਰਿਆ ਸੰਨਾਟਾ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਬੰਦ ਨੂੰ ਮੁਕਤਸਰ ’ਚ ਮਿਲਿਆ ਭਰਵਾਂ ਸਮਰਥਨ
Publish Date: Thu, 15 Oct 2026 05:31 PM (IST)
Updated Date: Fri, 16 Oct 2026 04:03 AM (IST)
ਭੰਵਰਾ\ਗਿੱਲ. ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਗਠਿਤ ਕਮੇਟੀ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਜਥੇਬੰਦੀਆਂ ਵੱਲੋਂ ਭਰਪੂਰ ਸਮਰਥਨ ਦਿੱਤਾ ਗਿਆ। ਬੰਦ ਦੇ ਸੱਦੇ ਦੌਰਾਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰ ਬੰਦ ਦੇਖਣ ਨੂੰ ਮਿਲੇ ਤੇ ਸੜਕਾਂ ’ਤੇ ਸੰਨਾਟਾ ਪਸਰਿਆ ਰਿਹਾ। ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਆਪਣਾ ਵਿਰੋਧ ਦਰਜ ਕਰਵਾਇਆ ਗਿਆ। ਵੱਖ-ਵੱਖ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਡਾ. ਅੰਬੇਡਕਰ ਚੌਂਕ ਦੇ ਨਜ਼ਦੀਕ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਬੰਦ ਦੇ ਸੱਦੇ ਕਾਰਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚ ਬੰਦ ਦਾ ਅਸਰ ਦੇਖਣ ਨੂੰ ਮਿਲਿਆ ਤੇ ਸ਼ਹਿਰ ਦੇ ਦੁਕਾਨਦਾਰਾਂ ਵਲੋਂ ਪੂਰਾ ਸਮਰਥਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣਾ ਰੋਸ ਸ਼ਾਂਤੀਪੂਰਵਕ ਢੰਗ ਨਾਲ ਪ੍ਰਗਟ ਕਰਨ ਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਬੰਦ ਦੇ ਸੱਦੇ ਨੂੰ ਸਮਰਥਨ ਦਿੰਦਿਆਂ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਜ਼ਿਲ੍ਹਾ ਪੁਲਿਸ ਕਪਤਾਨ ਅਭਿਮਨਿਊ ਰਾਣਾ ਦੀ ਅਗਵਾਈ ’ਚ ਐਸਪੀਐਚ, ਡੀਐਸਪੀ ਤੇ ਵੱਖ ਵੱਖ ਥਾਣਿਆਂ ਦੇ ਮੁੱਖੀਆਂ ਵੱਲੋਂ ਪੁਲਿਸ ਪਾਰਟੀ ਸਮੇਤ ਸ਼ਹਿਰ ਦੇ ਚੱਪੇ ਚੱਪੇ ’ਤੇ ਪਹਿਨੀ ਨਜ਼ਰ ਰੱਖੀ ਗਈ ਤਾਂ ਜੋ ਕੋਈ ਸ਼ਰਾਰਤੀ ਅਨਸਰ ਮਾਹੌਲ ਖਰਾਬ ਨਾ ਕਰ ਸਕੇ। ਉਧਰ ਮਲੋਟ ਲੰਬੀ ਤੇ ਗਿੱਦੜਬਾਹਾ ’ਚ ਵੀ ਬੰਦ ਦਾ ਪੂਰਨ ਮਾਹੌਲ ਰਿਹਾ। ਮਲੋਟ ਵਿਖੇ ਜਥੇਬੰਦੀਆਂ ਵੱਲੋਂ ਧਰਨਾ ਲਗਾ ਕੇ ਨਾਅਰੇਬਾਜੀ ਕੀਤੀ ਗਈ। ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਤਕਰੀਬਨ ਚੱਲਦੀਆਂ ਰਹੀਆਂ। ਇਸ ਮੌਕੇ ਵੱਖ ਵੱਖ ਕਿਸਾਨ ਯੂਨੀਅਨਾਂ ਦੇ ਆਗੂ, ਵਾਰਿਸ ਪੰਜਾਬ ਦੀ ਜਥੇਬੰਦੀ, ਪੰਜਾਬ ਸਟੂਡੇਂਟ ਯੂਨੀਅਨ ਦੇ ਆਗੂ, ਮਜ਼ਦੂਰ ਯੂਨੀਅਨ ਦੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ’ਚ ਇੰਨਸਾਫ ਪਸੰਦ ਲੋਕਾਂ ਨੇ ਆਪਣੀ ਸ਼ਮੂਲੀਅਤ ਕੀਤੀ।