ਪੰਜਾਬ ਸਰਕਾਰ ਦੇ ਬਜਟ ’ਚ ਮੁਲਾਜ਼ਮਾਂ ‘ਠੇਂਗਾ’ : ਵੋਹਰਾ
ਪੰਜਾਬ ਬਜਟ ਨੇ ਮੁਲਾਜ਼ਮਾਂ ਨੂੰ ਕੀਤਾ ਨਿਰਾਸ਼, ਸਰਕਾਰ ਖ਼ਿਲਾਫ਼ ਸੰਘਰਸ਼ ਦੀ ਚੇਤਾਵਨੀ
Publish Date: Mon, 09 Mar 2026 04:31 PM (IST)
Updated Date: Mon, 09 Mar 2026 04:33 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰੂਹਰਸਹਾਏ : ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਤਾਜ਼ਾ ਬਜਟ ਨੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਿਰਾਸ਼ ਕੀਤਾ ਹੈ। ਇੰਜੀਨੀਅਰ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਸਰਪ੍ਰਸਤ ਇੰਜੀਨੀਅਰ ਬਲਬੀਰ ਸਿੰਘ ਵੋਹਰਾ ਨੇ ਕਿਹਾ ਕਿ ਬਜਟ ਵਿਚ ਮੁਲਾਜ਼ਮ ਵਰਗ ਦੀਆਂ ਮੁੱਖ ਮੰਗਾਂ ਨੂੰ ਪੂਰੀ ਤਰ੍ਹਾਂ ਨਜ਼ਰ ਅੰਦਾਜ਼ ਕੀਤਾ ਗਿਆ ਹੈ, ਜਿਸ ਨਾਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇੰਜੀਨੀਅਰ ਬਲਬੀਰ ਸਿੰਘ ਵੋਹਰਾ ਨੇ ਅੱਜ ਮੁਲਾਜ਼ਮਾਂ ਦੇ ਪ੍ਰਦਰਸ਼ਨ ਦੌਰਾਨ ਸਰਕਾਰ ਵੱਲੋਂ ਕੀਤੀਆਂ ਪਾਣੀ ਦੀਆਂ ਬੁਛਾੜਾਂ ਅਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਲੋਕਤੰਤਰ ਵਿਚ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ’ਤੇ ਇਸ ਤਰ੍ਹਾਂ ਦੀ ਕਾਰਵਾਈ ਬਿਲਕੁਲ ਨਿੰਦਣਯੋਗ ਹੈ। ਸਰਕਾਰ ਨੇ ਕੌਮਾਂਤਰੀ ਨਾਰੀ ਦਿਵਸ ਦੇ ਦਿਨ ਔਰਤ ਮੁਲਾਜ਼ਮਾਂ ਨੂੰ ਵੀ ਨਹੀਂ ਬਖ਼ਸ਼ਿਆ ਤੇ ਔਰਤ ਤੇ ਵੀ ਜ਼ੁਲਮ ਢਾਹੇ ਗਏ। ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਸਰਕਾਰ ਮੁਲਾਜ਼ਮ ਵਿਰੋਧੀ ਨੀਤੀਆਂ ਨੂੰ ਤੁਰੰਤ ਤਿਆਗ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦੀ ਤੋਂ ਜਲਦੀ ਮੰਨੇ ਨਹੀਂ ਤਾਂ ਮੁਲਾਜ਼ਮ ਤੇ ਪੈਨਸ਼ਨਰ ਸਰਕਾਰ ਦੀਆ ਜੜ੍ਹਾ ਹਿਲਾ ਦੇਣਗੇ।