ਪੰਜਾਬ ਸਰਕਾਰ ਨੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ : ਜੋਗਿੰਦਰ ਸਿੰਘ ਜਿੰਦੂ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ: ਜੋਗਿੰਦਰ ਸਿੰਘ ਜਿੰਦੂ
Publish Date: Sun, 30 Aug 2026 03:35 PM (IST)
Updated Date: Sun, 30 Aug 2026 03:37 PM (IST)
ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਮੌਜ਼ੂਦਾ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ ਅਤੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜੋਗਿੰਦਰ ਸਿੰਘ ਜਿੰਦੂ ਨੇ ਪਿੰਡ ਨੂਰਪੁਰ ਸੇਠਾਂ ਵਿਖੇ ਸੀਨੀਅਰ ਅਕਾਲੀ ਆਗੂ ਭਗਵਾਨ ਸਿੰਘ ਨੰਬਰਦਾਰ ਦੇ ਗ੍ਰਹਿ ਵਿਖੇ ਆਯੋਜਿਤ ਇਕ ਮੀਟਿੰਗ ਦੌਰਾਨ ਕੀਤਾ। ਜੋਗਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਬੜੇ ਚਾਅ ਅਤੇ ਵੱਡੀਆਂ ਉਮੀਦਾਂ ਨਾਲ ਫਤਵਾ ਦੇ ਕੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ। ਲੋਕਾਂ ਨੂੰ ਉਮੀਦ ਸੀ ਕਿ ਨਵੀਂ ਸਰਕਾਰ ਪੰਜਾਬ ਦੇ ਵਿਕਾਸ, ਰੁਜ਼ਗਾਰ, ਸਿੱਖਿਆ, ਸਿਹਤ ਅਤੇ ਆਮ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰੇਗੀ, ਪਰ ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਲੋਕਾਂ ਦੀਆਂ ਉਮੀਦਾਂ ਅਤੇ ਕਿਸੇ ਵੀ ਕਸੌਟੀ ’ਤੇ ਖਰੀ ਨਹੀਂ ਉਤਰੀ। ਜਿੰਦੂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣਗੇ ਅਤੇ ਉਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ। ਉਨ੍ਹਾਂ ਕਿਹਾ ਕਿ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਵੱਲੋਂ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਵੱਖ-ਵੱਖ ਮੁਹਿੰਮਾਂ ਅਤੇ ਲੋਕ ਭਲਾਈ ਸਕੀਮਾਂ ਚਲਾਈਆਂ ਗਈਆਂ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਮੌਜ਼ੂਦਾ ਸਰਕਾਰ ਨੇ ਇਨ੍ਹਾਂ ਵਿੱਚੋਂ ਕਈ ਸਕੀਮਾਂ ਦੇ ਨਾਮ ਬਦਲ ਕੇ ਉਨ੍ਹਾਂ ਨੂੰ ਆਪਣੇ ਬੈਨਰ ਹੇਠ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਭਗਵਾਨ ਸਿੰਘ ਨੰਬਰਦਾਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਅੱਜ-ਕੱਲ੍ਹ ਆਮ ਲੋਕਾਂ ਦੀ ਨਹੀਂ, ਸਗੋਂ ਖਾਸ ਲੋਕਾਂ ਦੀ ਪਾਰਟੀ ਬਣ ਕੇ ਰਹਿ ਗਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਜਨਤਾ ਨੂੰ ਆਪਣੇ ਰੋਜ਼ਮਰ੍ਹਾ ਦੇ ਕੰਮ ਕਰਵਾਉਣ ਲਈ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪੈ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇ ਕੇ ਪੰਜਾਬ ਦੇ ਹਿੱਤਾਂ ਨੂੰ ਮਜ਼ਬੂਤ ਕੀਤਾ ਜਾਵੇ। ਮੀਟਿੰਗ ਦੌਰਾਨ ਪਿੰਡ ਦੇ ਸੀਨੀਅਰ ਆਗੂਆਂ ਅਤੇ ਪਾਰਟੀ ਵਰਕਰਾਂ ਨੂੰ ਵੱਖ-ਵੱਖ ਅਹੁਦੇਦਾਰੀਆਂ ਦੀਆਂ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ। ਇਸ ਤਹਿਤ ਬਲਵੀਰ ਸਿੰਘ ਜੰਡੂ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਬੀ.ਸੀ. ਵਿੰਗ, ਰਘਬੀਰ ਸਿੰਘ ਨੂੰ ਸਰਕਲ ਪ੍ਰਧਾਨ, ਲੱਖਾ ਸਿੰਘ ਨੂੰ ਐੱਸ.ਸੀ. ਵਿੰਗ ਦਾ ਜ਼ਿਲ੍ਹਾ ਮੀਤ ਪ੍ਰਧਾਨ, ਜਗਦੀਸ਼ ਸਿੰਘ ਮੈਨੀ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਜਨਰਲ ਵਿੰਗ ਅਤੇ ਸੁਖਦੇਵ ਸਿੰਘ ਬਿਸ਼ਪ ਨੂੰ ਕ੍ਰਿਸਚੀਅਨ ਵਿੰਗ ਸਟੇਟ ਬਾਡੀ ਦਾ ਮੈਂਬਰ ਬਣਾਇਆ ਗਿਆ। ਇਸ ਮੌਕੇ ਨਵੀਆਂ ਜ਼ਿੰਮੇਵਾਰੀਆਂ ਪ੍ਰਾਪਤ ਕਰਨ ਵਾਲੇ ਆਗੂਆਂ ਨੇ ਪਾਰਟੀ ਹਾਈਕਮਾਨ ਅਤੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਿੰਡ ਪੱਧਰ ’ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਇਸ ਮੌਕੇ ਸੀਨੀਅਰ ਅਕਾਲੀ ਆਗੂ ਭਗਵਾਨ ਸਿੰਘ ਨੰਬਰਦਾਰ, ਦਰਸ਼ਨ ਸਿੰਘ ਫੋਰਮੈਨ, ਬੂਟਾ ਸਿੰਘ ਭੁੱਲਰ, ਰੇਸ਼ਮ ਸਿੰਘ ਨੰਬਰਦਾਰ, ਹਰਜਿੰਦਰ ਸਿੰਘ ਥਿੰਦ ਮੀਤ ਪ੍ਰਧਾਨ ਸ਼ੇਰੇ ਪੰਜਾਬ ਸਪੋਰਟਸ ਕਲੱਬ, ਰਮੇਸ਼ ਸ਼ਰਮਾ, ਸੁਖਵਿੰਦਰ ਸਿੰਘ ਖੁੱਲਰ, ਪ੍ਰਸ਼ੋਤਮ ਗਲਹੋਤਰਾ, ਰਮੇਸ਼ ਸਿੰਘ ਹੌਲਦਾਰ ਅਤੇ ਜਗਤਾਰ ਸਿੰਘ ਮਹਿਰੋਕ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।