‘ਮਾਵਾਂ-ਧੀਆਂ ਸਤਿਕਾਰ ਸਕੀਮ’ ਨਾਲ ਹਰ ਮਹਿਲਾ ਨੂੰ ਮਿਲੇਗੀ ਆਰਥਿਕ ਮਜ਼ਬੂਤੀ ☻: ਭੁੱਲਰ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਵੱਲ ਇਤਿਹਾਸਕ ਕਦਮ : ਰਣਬੀਰ ਸਿੰਘ ਭੁੱਲਰ
Publish Date: Wed, 01 Jul 2026 06:07 PM (IST)
Updated Date: Wed, 01 Jul 2026 06:10 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੀਆਂ ਮਹਿਲਾਵਾਂ ਨਾਲ ਕੀਤਾ ਇਕ ਹੋਰ ਮਹੱਤਵਪੂਰਨ ਵਾਅਦਾ ਪੂਰਾ ਕਰਦਿਆਂ ਮਾਵਾਂ-ਧੀਆਂ ਸਤਿਕਾਰ ਸਕੀਮ ਦੀ ਸ਼ੁਰੂਆਤ ਕਰਕੇ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿਚ ਇਤਿਹਾਸਕ ਪਹਿਲ ਕੀਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਅੱਜ ‘ਮਾਵਾਂ ਧੀਆਂ ਸਤਿਕਾਰ ਸਕੀਮ’ ਤਹਿਤ ਆਯੋਜਿਤ ਪ੍ਰੋਗਰਾਮ ਦੌਰਾਨ ਕੀਤਾ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸਨਮਾਨ ਅਤੇ ਆਤਮ-ਨਿਰਭਰਤਾ ਨੂੰ ਵੀ ਨਵੀਂ ਤਾਕਤ ਦੇਵੇਗੀ। ਵਿਧਾਇਕ ਭੁੱਲਰ ਨੇ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਸੁਚੱਜੇ ਢੰਗ ਨਾਲ ਕੀਤਾ ਗਿਆ ਸੀ ਅਤੇ ਹੁਣ ਇਸ ਸਕੀਮ ਅਧੀਨ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਰਾਸ਼ੀ ਸਿੱਧੇ ਭੇਜਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸ ਨਾਲ ਪਾਰਦਰਸ਼ਤਾ ਵੀ ਯਕੀਨੀ ਬਣੀ ਹੈ ਅਤੇ ਮਹਿਲਾਵਾਂ ਨੂੰ ਬਿਨਾਂ ਕਿਸੇ ਦਫ਼ਤਰੀ ਦਿੱਕਤ ਦੇ ਲਾਭ ਪ੍ਰਾਪਤ ਹੋਵੇਗਾ। ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਭਲਾਈ ਨੂੰ ਆਪਣੀ ਸਰਬ ਉੱਚ ਤਰਜੀਹ ਮੰਨਦੀ ਹੈ ਅਤੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਲਗਾਤਾਰ ਅਮਲੀ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਸਕੀਮ’ ਇਸ ਗੱਲ ਦੀ ਮਿਸਾਲ ਹੈ ਕਿ ਸਰਕਾਰ ਹਰ ਵਰਗ ਦੀ ਭਲਾਈ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਵਿਧਾਇਕ ਭੁੱਲਰ ਨੇ ਕਿਹਾ ਕਿ ਇਹ ਸਕੀਮ ਸਿਰਫ਼ ਆਰਥਿਕ ਸਹਾਇਤਾ ਤੱਕ ਸੀਮਤ ਨਹੀਂ, ਸਗੋਂ ਮਹਿਲਾਵਾਂ ਨੂੰ ਸਮਾਜ ਵਿੱਚ ਹੋਰ ਮਜ਼ਬੂਤ ਅਤੇ ਆਤਮ-ਵਿਸ਼ਵਾਸੀ ਬਣਾਉਣ ਵੱਲ ਇੱਕ ਵੱਡਾ ਕਦਮ ਹੈ। ਇਸ ਨਾਲ ਪਰਿਵਾਰਾਂ ਦੀ ਆਰਥਿਕ ਸਥਿਤੀ ਨੂੰ ਵੀ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਹਲਕਾ ਫਿਰੋਜ਼ਪੁਰ ਸ਼ਹਿਰੀ ਵਿੱਚ ਹਰ ਯੋਗ ਮਹਿਲਾ ਤੱਕ ਇਸ ਸਕੀਮ ਦਾ ਲਾਭ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਜੇਕਰ ਕਿਸੇ ਵੀ ਲਾਭਪਾਤਰੀ ਨੂੰ ਰਜਿਸਟ੍ਰੇਸ਼ਨ ਜਾਂ ਹੋਰ ਕਿਸੇ ਤਰ੍ਹਾਂ ਦੀ ਜਾਣਕਾਰੀ ਦੀ ਲੋੜ ਹੋਵੇਗੀ ਤਾਂ ਉਸ ਨੂੰ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਸਿਹਤ, ਰੁਜ਼ਗਾਰ, ਕਿਸਾਨ ਭਲਾਈ ਅਤੇ ਸਮਾਜਿਕ ਸੁਰੱਖਿਆ ਵਰਗੇ ਹਰ ਖੇਤਰ ਵਿੱਚ ਲੋਕ-ਪੱਖੀ ਫ਼ੈਸਲੇ ਲੈ ਰਹੀ ਹੈ ਅਤੇ ਭਵਿੱਖ ਵਿਚ ਵੀ ਪੰਜਾਬ ਦੇ ਹਰ ਵਰਗ ਦੀ ਭਲਾਈ ਲਈ ਇਸੇ ਤਰ੍ਹਾਂ ਦੀਆਂ ਜਨ-ਹਿਤੈਸ਼ੀ ਯੋਜਨਾਵਾਂ ਲਗਾਤਾਰ ਲਾਗੂ ਕੀਤੀਆਂ ਜਾਂਦੀਆਂ ਰਹਿਣਗੀਆਂ। ਇਸ ਮੌਕੇ ਡੀਐਸਪੀ ਸੁਖਵਿੰਦਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਫਿਰੋਜ਼ਪੁਰ ਸ਼ਹਿਰ ਬਲਰਾਜ ਸਿੰਘ ਕਟੋਰਾ, ਡਾ. ਅਮਨਦੀਪ ਕੌਰ ਗੋਸਲ ਭੁੱਲਰ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ ਸਮੇਤ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿਚ ਮਹਿਲਾਵਾਂ ਹਾਜ਼ਰ ਸਨ।