ਪੰਜਾਬ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਦੇ ਦਾਅਵੇ ਖੋਖਲੇ : ਅਵਤਾਰ ਮਹਿਮਾ
ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ ਤੋਂ ਕਣਕ ਦੀ ਖਰੀਦ ਕਰਨ ਦੇ ਦਾਅਵੇ ਖੋਖਲੇ
Publish Date: Wed, 01 Apr 2026 03:23 PM (IST)
Updated Date: Wed, 01 Apr 2026 03:25 PM (IST)

ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੰਜਾਬ ਸਰਕਾਰ ਵੱਲੋਂ ਹਰ ਸਾਲ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੂਰੂ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ ਅਤੇ ਇਸ ਵਾਰ ਵੀ ਕੀਤਾ ਗਿਆ ਸੀ, ਪਰ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਹ ਦਾਅਵਾ ਖੋਖਲਾ ਸਾਬਤ ਹੋਇਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਨੇ ਫਿਰੋਜ਼ਪੁਰ ਛਾਉਣੀ ਦੀ ਦਾਣਾ ਮੰਡੀ ਤੋਂ ਤਸਵੀਰ ਜਾਰੀ ਕਰਦਿਆਂ ਹੋਇਆ ਕੀਤਾ। ਉਨ੍ਹਾਂ ਕਿਹਾ ਕਿ ਹਰ ਫਸਲ ਤੋਂ ਪਹਿਲਾ ਮੰਡੀਆਂ ਵਿਚ ਆੜਤੀਆਂ ਵੱਲੋਂ ਖਰੀਦ ਤੋਂ ਪਹਿਲਾ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰ ਦਿੱਤੀ ਜਾਂਦੀ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਮਾਂ ਰਹਿੰਦੇ ਆੜਤੀਆ, ਟਰੱਕ ਓਪਰੇਟਰਾਂ ਅਤੇ ਮੰਡੀ ਨਾਲ ਜੁੜੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਤਾਂ ਜੋ ਕਿਸਾਨਾਂ ਨੂੰ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਵੱਲੋਂ ਵੀ ਖਰੀਦ ਕੇਂਦਰਾਂ ਤੇ ਹਾਲੇ ਤੱਕ ਕੋਈ ਵੀ ਲੋੜੀਂਦੇ ਪ੍ਰਬੰਧ ਨਹੀਂ ਕੀਤੇ ਗਏ। ਕਿਸਾਨ ਆਗੂ ਨੇ ਕਿਹਾ ਕਿ ਕਾਰਪੋਰੇਟ ਦੇ ਅੰਨ੍ਹੀ ਲੁੱਟ ਕਰਨ ਦੇ ਮਨਸੂਬਿਆ ਕਾਰਨ ਕੁਦਰਤ ਨਾਲ ਵੱਡੀ ਪੱਧਰ ਤੇ ਖਿਲਵਾੜ ਹੋ ਰਿਹਾ ਹੈ। ਆਲਮੀ ਪੱਧਰ ਤੇ ਕੀਤੇ ਜਾ ਰਹੇ ਅਣਮਨੁੱਖੀ ਵਿਗਿਆਨਕ ਤੁਜਰਬਿਆ ਕਾਰਨ ਧਰਤੀ ਦੇ ਵਾਤਾਵਰਨ ਦੀ ਭਾਰੀ ਤਬਾਹੀ ਹੋ ਰਹੀ ਹੈ, ਜਿਸ ਕਰਕੇ ਵਿਗੜਦਾ ਮੌਸਮ ਹਰ ਵਾਰ ਕਿਸਾਨਾਂ ਦੀਆਂ ਫਸਲਾਂ ਤਬਾਹ ਕਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਤਾਜਾ ਹੋਈ ਗੜੇਮਾਰੀ ਵਿਚ ਖਰਾਬ ਹੋਈਆਂ ਫਸਲਾਂ ਦਾ ਤੁਰੰਤ ਮੁਆਵਜ਼ਾ ਜਾਰੀ ਕੀਤਾ ਜਾਵੇ ਅਤੇ ਅੱਗੇ ਤੋਂ ਫਸਲਾਂ ਲਈ ਕਿਸਾਨ ਪੱਖੀ ਬੀਮਾ ਯੋਜਨਾ ਨੂੰ ਅਮਲ ਵਿਚ ਲਿਆਂਦਾ ਜਾਵੇ।