ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ’ਚ ਪੰਜਾਬ ਪੱਧਰੀ ਰੈਲੀ ਭਲਕੇ
7 ਫਰਵਰੀ ਨੂੰ ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ’ਚ ਪੰਜਾਬ ਪੱਧਰੀ ਰੈਲੀ
Publish Date: Thu, 05 Feb 2026 07:09 PM (IST)
Updated Date: Fri, 06 Feb 2026 04:08 AM (IST)

ਅੰਗਰੇਜ਼ ਭੁੱਲਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਕਮੇਟੀ ਫੈਸਲੇ ਤਹਿਤ ਜ਼ਿਲ੍ਹਾ ਕਮੇਟੀ ਫਿਰੋਜ਼ਪੁਰ.ਦੀ ਮੀਟਿੰਗ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ, ਬ੍ਰਾਂਚ ਪ੍ਰਧਾਨ ਮਲਕੀਤ ਚੰਦ ਦੀ ਅਗਵਾਈ ਹੇਠ ਸੰਪੰਨ ਹੋਈ। ਮੀਟਿੰਗ ਵਿਚ ਸੂਬਾਈ ਆਗੂ ਰੁਪਿੰਦਰ ਸਿੰਘ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਸਰਕਾਰ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ’ਤੇ ਫੀਲਡ ਅਤੇ ਦਫਤਰਾਂ ਵਿਚ ਵੱਖ-ਵੱਖ ਪੋਸਟਾਂ ’ਤੇ ਰੈਗੂਲਰ ਮੁਲਾਜ਼ਮਾਂ ਦੀ ਤਰ੍ਹਾਂ ਪਿਛਲੇ 15 ਤੋਂ 20 ਸਾਲਾਂ ਦੇ ਲੰਬੇ ਅਰਸੇ ਤੋਂ ਇਕ ਵਰਕਰ ਦੇ ਰੂਪ ’ਚ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਵਰਕਰਾਂ ਨੂੰ ਉਨ੍ਹਾਂ ਦੇ ਤਜਰਬੇ ਦੇ ਅਧਾਰ ’ਤੇ ਸਬੰਧਤ ਵਿਭਾਗ ’ਚ ਮਰਜ ਕਰਕੇ ‘ਪੱਕੇ ਰੁਜ਼ਗਾਰ’ ਦਾ ਪ੍ਰਬੰਧ ਕਰਨ ਸਮੇਤ ਹੱਕੀ ਅਤੇ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਮੰਗ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵੱਲੋਂ ਮੰਗ ਕੀਤੀ ਜਾ ਰਹੀ ਹੈ। ਪਰ ਪੰਜਾਬ ਸਰਕਾਰ ਅਤੇ ਵਿਭਾਗੀ ਮੈਨੇਜਮੈਂਟ ਲਾਰੇ ਲਗਾਓ ਅਤੇ ਸਮਾਂ ਬਤੀਤ ਕਰ ਰਹੀ ਹੈ ਉਥੇ ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਗਾ ਕੇ, ਬਲਾਕ ਪੱਧਰੀ ਨਹਿਰੀ ਪ੍ਰੋਜੈਕਟ ਲਗਾ ਕੇ, ਨਿੱਜੀਕਰਨ/ਪੰਚਾਇਤੀਕਰਨ ਕਰਨ ਵਰਗੀਆਂ ਤਮਾਮ ਮਾਰੂ ਨੀਤੀਆਂ ਲਾਗੂ ਕਰਕੇ ਵਰਕਰਾਂ ਦੇ ਕੱਚੇ ਪਿੱਲੇ ਰੁਜ਼ਗਾਰ ਨੂੰ ਖੋਹ ਕੇ ਬੇਰੁਜ਼ਗਾਰ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਪਲੇਟਫਾਰਮ ਤੋਂ ਪੰਜਾਬ ਸਰਕਾਰ ਵਿਰੁੱਧ ਪੂਰਅਮਨ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਪੰਜਾਬ ਸਰਕਾਰ ਦੇ ਵਿੱਤ ਮੰਤਰੀ, ਹਰਪਾਲ ਸਿੰਘ ਚੀਮਾ ਚੇਅਰਮੈਨ, ਕੈਬਨਿਟ-ਸਬ-ਕਮੇਟੀ ਦੇ ਵਿਧਾਨ ਸਭਾ ਹਲਕੇ ਦੀ ਦਿੜ੍ਹਬਾ ਦੀ ਅਨਾਜ ਮੰਡੀ ਵਿੱਚ ਮਿਤੀ 7 ਫਰਵਰੀ 2026 ਨੂੰ ਪੰਜਾਬ ਪੱਧਰੀ ਰੈਲੀ ਕੀਤੀ ਜਾਵੇਗੀ। ਜਿਸ ਵਿਚ ਯੂਨੀਅਨ ਦੀ ਸੂਬਾ ਕਮੇਟੀ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ/ਆਊਟਸੋਰਸ ਵਰਕਰ ਆਪਣੇ ਪਰਿਵਾਰਾਂ-ਬੱਚਿਆਂ ਸਮੇਤ ਸ਼ਾਮਲ ਹੋਣਗੇ।