ਪੈਨਸ਼ਨਰਾਂ ਨੇ ਮੁੱਖ ਮੰਤਰੀ ਮਾਨ ਅਤੇ ਵਿੱਤ ਮੰਤਰੀ ਚੀਮਾ ਨੂੰ ਭੇਜਿਆ ਮੰਗ ਪੱਤਰ
ਪੰਜਾਬ ਦੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਮਾਨ ਅਤੇ ਵਿੱਤ ਮੰਤਰੀ ਚੀਮਾ ਨੂੰ ਭੇਜਿਆ ਮੰਗ ਪੱਤਰ
Publish Date: Fri, 13 Feb 2026 03:20 PM (IST)
Updated Date: Fri, 13 Feb 2026 03:24 PM (IST)

ਅੰਗਰੇਜ਼ ਭੁੱਲਰ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਸੂਬੇ ਦੇ ਸਮੁੱਚੇ ਪੈਨਸ਼ਨਰ ਵਰਗ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਇਕ ਮੰਗ ਪੱਤਰ ਭੇਜਿਆ ਗਿਆ ਹੈ। ਫਿਰੋਜ਼ਪੁਰ ਦੇ ਪੈਨਸ਼ਨਰ ਆਗੂਆਂ ਨੇ ਸਰਕਾਰ ਉੱਤੇ ਦੋਸ਼ ਲਾਇਆ ਹੈ ਕਿ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ 6ਵੇਂ ਪੇ-ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਪੂਰਨ ਰੂਪ ਵਿਚ ਲਾਗੂ ਨਹੀਂ ਕੀਤਾ ਗਿਆ, ਜਿਸ ਕਾਰਨ ਬਜ਼ੁਰਗ ਪੈਨਸ਼ਨਰਾਂ ਵਿੱਚ ਭਾਰੀ ਨਿਰਾਸ਼ਾ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਜੁਆਇੰਟ ਫਰੰਟ ਦੇ ਆਗੂਆਂ ਨੇ ਕਿਹਾ ਕਿ ਪੈਨਸ਼ਨਰਾਂ ਦੀਆਂ ਮੰਗਾਂ ਪੂਰੀ ਤਰ੍ਹਾਂ ਜਾਇਜ਼, ਹੱਕੀ ਅਤੇ ਸੰਵਿਧਾਨਿਕ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੰਗਾਂ ਦਾ ਨਿਪਟਾਰਾ ਕਰਨ ਵਿਚ ਕੀਤੀ ਜਾ ਰਹੀ ਦੇਰੀ ਕਾਰਨ ਪੈਨਸ਼ਨਰਾਂ ਵਿਚ ਬੇਚੈਨੀ ਵੱਧ ਰਹੀ ਹੈ। ਪੈਨਸ਼ਨਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਸਰਕਾਰੀ ਸੇਵਾ ਵਿਚ ਲਗਾਇਆ ਹੈ, ਪਰ ਹੁਣ ਆਪਣੇ ਹੱਕਾਂ ਲਈ ਉਨ੍ਹਾਂ ਨੂੰ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪੈ ਰਹੀਆਂ ਹਨ। ਪੈਨਸ਼ਨਰਜ਼ ਆਗੂਆਂ ਨੇ ਮੰਗ ਪੱਤਰ ਰਾਹੀਂ ਅਪੀਲ ਕੀਤੀ ਗਈ ਹੈ ਕਿ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦਾ ਸਾਰਥਕ ਹੱਲ ਕੱਢਣ ਲਈ ਜੁਆਇੰਟ ਫਰੰਟ ਦੇ ਨੁਮਾਇੰਦਿਆਂ ਨੂੰ ਜਲਦੀ ਮੀਟਿੰਗ ਦਾ ਸਮਾਂ ਦਿੱਤਾ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਜਲਦ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਪੈਨਸ਼ਨਰਾਂ ਕੋਲ ਸੰਘਰਸ਼ ਦਾ ਰਾਹ ਅਖਤਿਆਰ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਬਚੇਗਾ। ਇਸ ਮੰਗ ਪੱਤਰ ਨੂੰ ਭੇਜਣ ਵਾਲਿਆਂ ਵਿਚ ਅਜੀਤ ਸਿੰਘ ਸੋਢੀ, ਮਹਿੰਦਰ ਸਿੰਘ ਧਾਲੀਵਾਲ, ਰਜ਼ਨੀਸ਼ ਸਿੰਘ, ਬਲਦੇਵ ਸਿੰਘ, ਸੁਖਵਿੰਦਰ ਸਿੰਘ, ਮਨਜੀਤ ਸਿੰਘ, ਸਤਨਾਮ ਸਿੰਘ, ਜੰਗੀਰ ਚੰਦ, ਜਰਨੈਲ ਸਿੰਘ ਅਤੇ ਗੁਰਮੀਤ ਸਿੰਘ ਸ਼ਾਮਲ ਹਨ।