ਫਿਰੋਜ਼ਪੁਰ ਵਿਖੇ 6 ਮਾਰਚ ਤੋਂ ਸਜੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਫਿਰੋਜ਼ਪੁਰ ਵਿਖੇ 6 ਮਾਰਚ ਤੋਂ ਸਜੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
Publish Date: Tue, 03 Mar 2026 05:45 PM (IST)
Updated Date: Tue, 03 Mar 2026 05:47 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਰੈਂਪ’ (ਆਰਏਐੱਮਪੀ) ਸਕੀਮ ਅਧੀਨ 6 ਤੋਂ 8 ਮਾਰਚ 2026 ਤੱਕ ਜ਼ਿਲ੍ਹਾ ਪੱਧਰੀ ‘ਪੰਜਾਬ ਸਖੀ ਸ਼ਕਤੀ ਮੇਲਾ’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮੇਲਾ ਗਰਾਉਂਡ ਨੇੜੇ ਸ਼ੀਤਲਾ ਮਾਤਾ ਮੰਦਰ, ਫਿਰੋਜ਼ਪੁਰ ਛਾਉਣੀ ਵਿਖੇ ਲਗਾਇਆ ਜਾਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿ) ਕ੍ਰਿਸ਼ਨਾ ਪਾਲ ਰਾਜਪੂਤ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੇਲੇ ਦੀਆਂ ਅਗਾਉਂ ਤਿਆਰੀਆਂ ਸਬੰਧੀ ਮੀਟਿੰਗ ਕਰਨ ਮੌਕੇ ਕੀਤਾ। ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਹੋ ਰਹੇ ਇਸ ਮੇਲੇ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਸ਼ਨਾ ਪਾਲ ਰਾਜਪੂਤ ਨੇ ਦੱਸਿਆ ਕਿ ਮੇਲੇ ਵਿਚ ਮਹਿਲਾਵਾਂ ਦੁਆਰਾ ਤਿਆਰ ਕੀਤੇ ਉਤਪਾਦਾਂ ਦੀ ਪ੍ਰਦਰਸ਼ਨੀ ਲਈ ਵਿਸ਼ੇਸ਼ ਸਟਾਲ ਲਗਾਏ ਜਾਣਗੇ, ਜਿਨ੍ਹਾਂ ਰਾਹੀਂ ਉਨ੍ਹਾਂ ਨੂੰ ਆਪਣੀ ਕਾਬਲਿਯਤ ਦਰਸਾਉਣ ਦਾ ਸੁਨੇਹਰਾ ਮੌਕਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਉਦੇਸ਼ ਮਹਿਲਾ ਉੱਦਮੀਆਂ, ਸਵੈ ਸਹਾਇਤਾ ਸਮੂਹਾਂ ਅਤੇ ਸੂਖਮ ਉਦਯੋਗਾਂ ਨੂੰ ਇਕ ਮਜ਼ਬੂਤ ਵਪਾਰਕ ਮੰਚ ਪ੍ਰਦਾਨ ਕਰਨਾ ਹੈ। ਇਸ ਮੇਲੇ ਵਿਚ ਵਪਾਰਕ ਗਤੀਵਿਧੀਆਂ ਦੇ ਨਾਲ-ਨਾਲ ਲੋਕਾਂ ਦੇ ਮਨੋਰੰਜਨ ਲਈ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ। ਮੇਲੇ ਵਿੱਚ ਗਿੱਧਾ, ਭੰਗੜਾ ਅਤੇ ਪ੍ਰਸਿੱਧ ਗਾਇਕ ਅਤੇ ਨੋਰਥ ਜੋਨ ਕਲਚਰਲ ਸੈਂਟਰ ਪਟਿਆਲਾ ਦੀਆਂ ਪੇਸ਼ਕਾਰੀਆਂ ਖਿੱਚ ਦਾ ਕੇਂਦਰ ਹੋਣਗੀਆਂ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਆਪਸੀ ਤਾਲਮੇਲ ਨਾਲ ਇਸ ਮੇਲੇ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਪਾਉਣ। ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਮੇਲੇ ਵਿੱਚ ਸ਼ਿਰਕਤ ਕਰਕੇ ਮਹਿਲਾ ਸ਼ਕਤੀ ਦਾ ਹੌਸਲਾ ਵਧਾਉਣ ਅਤੇ ਸਥਾਨਕ ਉਤਪਾਦਾਂ ਨੂੰ ਪ੍ਰੋਤਸਾਹਿਤ ਕਰਨ। ਮੀਟਿੰਗ ਵਿਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ, ਸੁਖਰਾਜ ਸਿੰਘ ਐੱਫਐੱਮ ਇੰਡਸਟਰੀਜ਼, ਐਸਡੀਓ ਸਿਮਰਨ ਕੌਰ ਸਮੇਤ ਵੱਖ-ਵੱਖ ਵਿਭਾਗਾਂ ਅਤੇ ਕਾਲਜਾਂ ਦੇ ਅਧਿਕਾਰੀ ਆਦਿ ਸ਼ਾਮਲ ਸਨ।