ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਟਰੇਡਰਜ਼ ਕਮਿਸ਼ਨ ਵਚਨਬੱਧ : ਅਨਿਲ ਠਾਕੁਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਟਰੇਡਰਜ਼ ਕਮਿਸ਼ਨ ਵਚਨਬੱਧ: ਅਨਿਲ ਠਾਕੁਰ
Publish Date: Mon, 28 Sep 2026 06:25 PM (IST)
Updated Date: Mon, 28 Sep 2026 06:27 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੰਜਾਬ ਟਰੇਡਰਜ਼ ਕਮਿਸ਼ਨ ਦੇ ਉਪ ਚੇਅਰਮੈਨ ਅਨਿਲ ਠਾਕੁਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚ ਕੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਵਪਾਰੀਆਂ ਦੀਆਂ ਦਰਖਾਸਤਾਂ ਅਤੇ ਸ਼ਿਕਾਇਤਾਂ ਦੀ ਸਮੀਖਿਆ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਵੀ ਮੌਜ਼ੂਦ ਸਨ। ਇਸ ਮੌਕੇ ਉਪ ਚੇਅਰਮੈਨ ਠਾਕੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਅਤੇ ਭਲਾਈ ਲਈ ਵਚਨਬੱਧ ਹੈ। ਸੂਬੇ ’ਚ ਪਹਿਲੀ ਵਾਰ ਕਿਸੇ ਸਰਕਾਰ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਸਬੰਧਤ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਟਰੇਡਰਜ਼ ਕਮਿਸ਼ਨ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸੂਬਾ ਪੱਧਰ ’ਤੇ ਵਿੱਤ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਵਪਾਰੀਆਂ ਦੀਆਂ ਸਮੱਸਿਆਂਵਾਂ/ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਵਪਾਰੀਆਂ ਵੱਲੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਜਿਸ ਵਿਚ, ਸਾਫ਼-ਸਫ਼ਾਈ, ਆਵਾਰਾ ਪਸ਼ੂਆਂ ਦੀ ਸਮੱਸਿਆ, ਬਾਜ਼ਾਰਾਂ ਵਿਚ ਜਨਤਕ ਪਖਾਨੇ, ਪੀਣ ਵਾਲਾ ਸਵੱਛ ਪਾਣੀ, ਬਸ ਸਟਾਪ, ਸੜਕਾਂ ਤੇ ਨਾਜਾਇਜ਼ ਕਬਜ਼ੇ ਆਦਿ ਸਬੰਧੀ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਪ੍ਰਾਪਤ ਸ਼ਿਕਾਇਤਾਂ ਦੇ ਛੇਤੀ ਤੋਂ ਛੇਤੀ ਨਿਪਟਾਰੇ ਲਈ ਹਦਾਇਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਤੋਂ ਲਗਭਗ 150 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿਚੋਂ ਜ਼ਿਲ੍ਹਾ ਪੱਧਰ ਦੀਆਂ ਲਗਭਗ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦਕਿ ਲੰਬਿਤ ਤਿੰਨ ਸ਼ਿਕਾਇਤਾਂ ਦਾ ਸੂਬਾ ਪੱਧਰ ’ਤੇ ਤਾਲਮੇਲ ਕਰਕੇ ਛੇਤੀਂ ਹੀ ਨਿਪਟਾਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਵਪਾਰਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਵਪਾਰੀਆਂ ਨੂੰ ਲੋੜੀਂਦਾ ਪ੍ਰਸ਼ਾਸਕੀ ਸਹਿਯੋਗ ਮੁਹੱਈਆ ਕਰਵਾਉਣ ਲਈ ਸਬੰਧਤ ਵਿਭਾਗਾਂ ਨਾਲ ਲਗਾਤਾਰ ਤਾਲਮੇਲ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਵਪਾਰੀਆਂ ਵਲੋਂ ਪ੍ਰਾਪਤ ਸ਼ਿਕਾਇਤਾਂ ਅਤੇ ਸੁਝਾਵਾਂ ’ਤੇ ਪਹਿਲ ਦੇ ਆਧਾਰ ’ਤੇ ਕਾਰਵਾਈ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਐੱਸ.ਡੀ.ਐੱਮ. ਜ਼ੀਰਾ ਸੂਰਜ, ਡੀ.ਐੱਸ.ਪੀ. ਸੁਖਵਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਟਰੇਡ ਵਿੰਗ ਸੁਖਦੇਵ ਸਿੰਘ ਜੋਸਨ ਤੋਂ ਇਲਾਵਾ ਟਰੇਡ ਵਿੰਗ ਦੇ ਹੋਰ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।