- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਏ ਸਿੱਖ ਭਵਨ (ਸ਼ੇਖਾਂ ਵਾਲੀ ਬਸਤੀ ) ਬਣਿਆ ਨਸ਼ਿਆਂ ਦਾ ਹੋਟ ਸਪੋਟ

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ
ਫ਼ਿਰੋਜ਼ਪੁਰ : ਰਾਏ ਸਿੱਖ ਭਾਈਚਾਰੇ ਦੀਆਂ ‘ਕਮਿਊਨਟੀ ਐਕਟੀਵਿਟੀਜ਼’ ਲਈ ਬਣਾਇਆ ‘ਰਾਏ ਸਿੱਖ ਭਵਨ’ ਹੁਣ ਨਸ਼ਿਆਂ ਦਾ ਹੌਟਸਪੌਟ ਕੇਂਦਰ ਬਣਦਾ ਜਾ ਰਿਹਾ ਹੈ। ਲਗਾਤਾਰ ਆ ਰਹੀਆਂ ਖ਼ਬਰਾਂ ਤੋਂ ਬਾਅਦ ਸ਼ਨਿੱਚਰਵਾਰ ਨੂੰ ਡੀਆਈਜੀ ਫ਼ਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਸ਼ਨਾ ਪਾਲ ਰਾਜਪੂਤ ਤੇ ਐਸਐਸਪੀ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਵੱਲੋਂ ਰਾਏ ਸਿੱਖ ਭਵਨ ਸਮੇਤ ਵੱਖ-ਵੱਖ ਨਸ਼ਾ ਹੌਟ-ਸਪੌਟ ਇਲਾਕਿਆਂ ਦਾ ਦੌਰਾ ਕੀਤਾ ਗਿਆ। ਅਧਿਕਾਰੀਆਂ ਵੱਲੋਂ ਰਾਏ ਸਿੱਖ ਭਵਨ ਦਾ ਦੌਰੇ ਦੌਰਾਨ ਭਵਨ ਦੀ ਖਸਤਾ ਹਾਲਤ ਇਮਾਰਤ ਦੀ ਸਾਫ਼ ਸਫਾਈ ਅਤੇ ਮੁਰੰਮਤ ਕਰਵਾ ਕੇ ਇਸ ਨੂੰ ਮੁੜ ਵਰਤੋਂ ਯੋਗ ਬਣਾਉਣ ਸਬੰਧੀ ਗੱਲਬਾਤ ਕੀਤੀ ਗਈ। ਉਪਰੰਤ ਉਨ੍ਹਾਂ ਨੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਸਥਿਤ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰਕੇ ਉੱਥੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਪੱਬਾਂ ਭਰ ਹਨ ਅਤੇ ਨਸ਼ੇ ਦੀ ਲਤ ਤੋਂ ਪੀੜਤ ਵਿਅਕਤੀਆਂ ਨੂੰ ਇਲਾਜ ਤੇ ਮੁੜ ਵਸੇਬੇ ਰਾਹੀਂ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਯਤਨ ਜਾਰੀ ਰਹਿਣਗੇ।ਇਸ ਦੌਰਾਨ ਡੀਆਈਜੀ ਫ਼ਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੁਲਿਸ ਦੇ ਨਾਲ-ਨਾਲ ਆਮ ਲੋਕਾਂ ਦੀ ਭੂਮਿਕਾ ਵੀ ਅਹਿਮ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕੀਤੀ ਜਾਵੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਰਿਵਾਰਾਂ ਤੇ ਸਮਾਜ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਵੱਲੋਂ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋਕਾਂ ਦਾ ਸਹਿਯੋਗ ਲਿਆ ਜਾਵੇਗਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਕ੍ਰਿਸ਼ਨਾ ਪਾਲ ਰਾਜਪੂਤ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਦੇ ਹੱਲ ਲਈ ਜਾਗਰੂਕਤਾ, ਇਲਾਜ ਅਤੇ ਸਮਾਜਿਕ ਸਹਿਯੋਗ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦੀ ਲਤ ਤੋਂ ਪੀੜਤ ਵਿਅਕਤੀਆਂ ਨੂੰ ਨਫ਼ਰਤ ਜਾਂ ਵਿਤਕਰੇ ਦੀ ਬਜਾਏ ਸਹਿਯੋਗ ਦੇ ਕੇ ਇਲਾਜ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਲੋੜੀਂਦੇ ਹੱਲ ਲਈ ਵੀ ਯਤਨ ਕੀਤੇ ਜਾ ਰਹੇ ਹਨ।ਇਸ ਮੌਕੇ ਡੀਐਸਪੀ ਸੁਖਵਿੰਦਰ ਸਿੰਘ, ਕਾਰਜਸਾਧਕ ਅਫਸਰ ਨਗਰ ਕੌਂਸਲ ਨਰਿੰਦਰ ਕੁਮਾਰ, ਐਸਐਮਓ ਨਿਖਿਲ ਗੁਪਤਾ ਸਮੇਤ ਹੋਰ ਅਧਿਕਾਰੀ/ ਕਰਮਚਾਰੀ ਵੀ ਹਾਜ਼ਰ ਸਨ।