ਰੇਲਵੇ ਸਟੇਸ਼ਨ ਫਿਰੋਜ਼ਪੁਰ ਕੈਂਟ ’ਚ ਜੀਆਰਪੀ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਰੇਲਵੇ ਸਟੇਸ਼ਨ ਫਿਰੋਜ਼ਪੁਰ ਕੈਂਟ ਵਿਖੇ ਜੀ.ਆਰ.ਪੀ. ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ, ਯਾਤਰੀਆਂ ਦੀ ਸੁਰੱਖਿਆ ਲਈ ਚਲਾਇਆ ਸਰਚ ਅਪ੍ਰੇਸ਼ਨ
Publish Date: Fri, 20 Nov 2026 07:02 PM (IST)
Updated Date: Sat, 21 Nov 2026 04:04 AM (IST)
ਯਾਤਰੀਆਂ ਦੀ ਸੁਰੱਖਿਆ ਲਈ ਚਲਾਇਆ ਸਰਚ ਅਪ੍ਰੇਸ਼ਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਕੀਤੀ ਬਾਰੀਕੀ ਨਾਲ ਜਾਂਚ ਚੈਕਿੰਗ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਰੇਲਗੱਡੀਆਂ ਵਿੱਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਦੀ ਵਧ ਰਹੀ ਗਿਣਤੀ ਨੂੰ ਦੇਖਦਿਆਂ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜੀ.ਆਰ.ਪੀ. ਪੁਲਿਸ ਵੱਲੋਂ ਰੇਲਵੇ ਸਟੇਸ਼ਨ ਫਿਰੋਜ਼ਪੁਰ ਕੈਂਟ ਵਿਖੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਮੁਹਿੰਮ ਡਾ. ਜਤਿੰਦਰ ਜੈਨ, ਆਈ.ਪੀ.ਐੱਸ., ਸਪੈਸ਼ਲ ਡੀ.ਜੀ.ਪੀ. ਰੇਲਵੇ ਪੰਜਾਬ ਅਤੇ ਡੀ.ਐੱਸ.ਪੀ. ਜ਼ੋਨਲ ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਜੀ.ਆਰ.ਪੀ. ਫਿਰੋਜ਼ਪੁਰ ਦੇ ਮੁੱਖ ਅਫ਼ਸਰ ਜਤਿੰਦਰ ਸਿੰਘ ਨੇ ਦੱਸਿਆ ਕਿ ਮਿਤੀ 20 ਨਵੰਬਰ ਨੂੰ ਰੇਲਵੇ ਸਟੇਸ਼ਨ ਫਿਰੋਜ਼ਪੁਰ ਕੈਂਟ ਵਿਖੇ ਪੈਸੰਜਰ ਅਵੇਅਰਨੈੱਸ ਅਤੇ ਸਰਚ ਅਪ੍ਰੇਸ਼ਨ ਤਹਿਤ ਵਿਸ਼ੇਸ਼ ਜਾਂਚ ਕੀਤੀ ਗਈ। ਇਸ ਦੌਰਾਨ ਪੁਲਿਸ ਟੀਮ ਵੱਲੋਂ ਸਟੇਸ਼ਨ ਦੇ ਪਲੇਟਫਾਰਮਾਂ, ਰੇਲਗੱਡੀਆਂ, ਵੇਟਿੰਗ ਏਰੀਆ, ਮੋਟਰਸਾਈਕਲ ਪਾਰਕਿੰਗ, ਐਂਟਰੀ ਅਤੇ ਐਗਜ਼ਿਟ ਗੇਟਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਸਟੇਸ਼ਨ ਦੇ ਬਾਹਰ ਖੜ੍ਹੀਆਂ ਕਾਰਾਂ ਅਤੇ ਮੋਟਰਸਾਈਕਲਾਂ ਦੀ ਵੀ ਚੈਕਿੰਗ ਕੀਤੀ ਗਈ।ਚੈਕਿੰਗ ਦੌਰਾਨ ਕੁਝ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਦੇ ਬੈਗਾਂ ਤੇ ਹੋਰ ਸਾਮਾਨ ਦੀ ਤਲਾਸ਼ੀ ਵੀ ਲਈ ਗਈ। ਪੁਲਿਸ ਵੱਲੋਂ ਕੀਤੀ ਗਈ ਇਸ ਪੂਰੀ ਜਾਂਚ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਰੇਲਵੇ ਸਟੇਸ਼ਨ ਤੇ ਮੌਜੂਦ ਯਾਤਰੀਆਂ ਨੂੰ ਵੀ ਸੁਰੱਖਿਆ ਸਬੰਧੀ ਜਾਗਰੂਕ ਕੀਤਾ ਗਿਆ। ਮੁਸਾਫ਼ਰਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਸਫ਼ਰ ਦੌਰਾਨ ਉਨ੍ਹਾਂ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਲਾਵਾਰਿਸ ਵਸਤੂ, ਬੈਗ ਜਾਂ ਹੋਰ ਸਾਮਾਨ ਨਜ਼ਰ ਆਉਂਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਨਜ਼ਦੀਕੀ ਰੇਲਵੇ ਸਟੇਸ਼ਨ, ਥਾਣਾ ਜੀ.ਆਰ.ਪੀ. ਜਾਂ ਆਰ.ਪੀ.ਐੱਫ. ਨੂੰ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਮੁਸਾਫ਼ਰਾਂ ਦੀ ਸੁਰੱਖਿਆ ਪੁਲਿਸ ਦੀ ਪਹਿਲੀ ਤਰਜੀਹ ਹੈ ਅਤੇ ਲੋਕਾਂ ਨੂੰ ਵੀ ਸੁਰੱਖਿਆ ਪ੍ਰਤੀ ਸੁਚੇਤ ਰਹਿ ਕੇ ਪੁਲਿਸ ਦਾ ਸਹਿਯੋਗ ਕਰਨਾ ਚਾਹੀਦਾ ਹੈ।