ਸਿੰਗਲ ਯੂਜ਼ ਪਲਾਸਟਿਕ ਨੂੰ ‘ਨਾਂਹ’ ਕਹਿਣ ਲਈ ਰੇਲਵੇ ਵੱਲੋਂ ਜਾਗਰੂਕਤਾ ਮੁਹਿੰਮ ਸਿੰਗਲ ਯੂਜ਼ ਪਲਾਸਟਿਕ ਨੂੰ ‘ਨਾਂਹ’ ਕਹਿਣ ਲਈ ਰੇਲਵੇ ਵੱਲੋਂ ਜਾਗਰੂਕਤਾ ਮੁਹਿੰਮ
Publish Date: Thu, 24 Sep 2026 07:52 PM (IST)
Updated Date: Fri, 25 Sep 2026 04:10 AM (IST)
ਰੇਲਵੇ ਸਟੇਸ਼ਨਾਂ ’ਤੇ ਯਾਤਰੀਆਂ ਨੂੰ ਵਾਤਾਵਰਣ ਸੁਰੱਖਿਆ ਅਤੇ ਕੂੜਾ ਪ੍ਰਬੰਧਨ ਬਾਰੇ ਕੀਤਾ ਜਾਗਰੂਕ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਫਿਰੋਜ਼ਪੁਰ ਰੇਲਵੇ ਮੰਡਲ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਅਤੇ ਯਾਤਰੀਆਂ ਨੂੰ ਵਾਤਾਵਰਣ ਪ੍ਰਤੀ ਜ਼ਿੰਮੇਵਾਰ ਬਣਾਉਣ ਲਈ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। 17 ਸਤੰਬਰ ਤੋਂ 2 ਅਕਤੂਬਰ 2026 ਤੱਕ ਚੱਲ ਰਹੀ ਇਸ ਮੁਹਿੰਮ ਤਹਿਤ 23 ਅਤੇ 24 ਸਤੰਬਰ ਨੂੰ ‘ਸਿੰਗਲ ਯੂਜ਼ ਪਲਾਸਟਿਕ ਨੂੰ ਨਾਂਹ ਕਹੋ’ ਵਿਸ਼ੇ ’ਤੇ ਮੰਡਲ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ’ਤੇ ਯਾਤਰੀਆਂ ਨੂੰ ਜਾਣਕਾਰੀ ਦਿੱਤੀ ਗਈ। ਰੇਲਵੇ ਸਟੇਸ਼ਨਾਂ ’ਤੇ ਪਬਲਿਕ ਐਡਰੈੱਸ ਸਿਸਟਮ ਰਾਹੀਂ ਐਲਾਨ ਕਰਨ ਦੇ ਨਾਲ-ਨਾਲ ਬੈਨਰ ਲਗਾ ਕੇ ਸਿੰਗਲ ਯੂਜ਼ ਪਲਾਸਟਿਕ ਨਾਲ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਬਾਰੇ ਯਾਤਰੀਆਂ ਨੂੰ ਜਾਗਰੂਕ ਕੀਤਾ ਗਿਆ। ਯਾਤਰੀਆਂ ਨੂੰ ਪਲਾਸਟਿਕ ਦੀਆਂ ਬੋਤਲਾਂ ਦੀ ਥਾਂ ਵਾਤਾਵਰਣ ਅਨੁਕੂਲ ਅਤੇ ਮੁੜ ਵਰਤੋਂ ਯੋਗ ਬੋਤਲਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।ਇਸ ਦੌਰਾਨ ਸਟੇਸ਼ਨਾਂ ’ਤੇ ਲਗਾਈਆਂ ਗਈਆਂ ਬੋਤਲ ਕਰਸ਼ਿੰਗ ਮਸ਼ੀਨਾਂ ਦੀ ਸਹੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ ਅਤੇ ਕੂੜੇ ਨੂੰ ਵੱਖ-ਵੱਖ ਕਰਨ ਦੀ ਮਹੱਤਤਾ ਸਮਝਾਉਂਦਿਆਂ ਚਾਰ ਕਿਸਮਾਂ ਦੇ ਨਿਰਧਾਰਤ ਕੂੜੇਦਾਨਾਂ ਦੀ ਸਹੀ ਵਰਤੋਂ ਕਰਨ ਲਈ ਕਿਹਾ ਗਿਆ। ਰੇਲਵੇ ਵੈਂਡਰਾਂ ਨੂੰ ਵੀ ਪਲਾਸਟਿਕ ਦੀ ਵਰਤੋਂ ਤੋਂ ਪਰਹੇਜ਼ ਕਰਨ ਲਈ ਪ੍ਰੇਰਿਤ ਕੀਤਾ ਗਿਆ।ਰੇਲ ਯਾਤਰੀਆਂ ਨੂੰ ਸਟੇਸ਼ਨਾਂ ਦੀ ਸਫਾਈ ਬਣਾਈ ਰੱਖਣ, ਕੂੜੇ ਦਾ ਢੁਕਵਾਂ ਨਿਪਟਾਰਾ ਕਰਨ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਸਹਿਯੋਗ ਦੀ ਅਪੀਲ ਕੀਤੀ ਗਈ। ਇਸ ਤੋਂ ਇਲਾਵਾ ਮੰਡਲ ਦਫ਼ਤਰ ਵਿੱਚ ਅਧਿਕਾਰੀਆਂ ਨੂੰ ਮੁੜ ਵਰਤੋਂ ਯੋਗ ਮੱਗ ਵੀ ਵੰਡੇ ਗਏ, ਤਾਂ ਜੋ ਰੋਜ਼ਾਨਾ ਜੀਵਨ ਵਿੱਚ ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਦਾ ਸੰਦੇਸ਼ ਦਿੱਤਾ ਜਾ ਸਕੇ।