ਮੋਗਾ ਦੀ ‘ਬਦਲਾਅ ਰੈਲੀ’ ਨੂੰ ਲੈ ਕੇ ਰਾਣਾ ਸੋਢੀ ਨੇ ਕੀਤੀ ਚਰਚਾ
ਮੋਗਾ ਵਿਚ ਹੋਣ ਵਾਲੀ ‘‘ਬਦਲਾਵ ਰੈਲੀ’’ ਨੂੰ ਲੈ ਕੇ ਰਾਣਾ ਸੋਢੀ ਨੇ ਕੀਤੀ ਮੀਟਿੰਗ
Publish Date: Sat, 07 Mar 2026 03:58 PM (IST)
Updated Date: Sat, 07 Mar 2026 04:00 PM (IST)
ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ
ਫਿਰੋਜ਼ਪੁਰ : 14 ਮਾਰਚ ਨੂੰ ਮੋਗਾ ਵਿੱਚ ਹੋਣ ਵਾਲੀ ਭਾਰਤੀ ਜਨਤਾ ਪਾਰਟੀ ਦੀ ‘ਬਦਲਾਅ ਰੈਲੀ’ ਦੀਆਂ ਤਿਆਰੀਆਂ ਨੂੰ ਲੈ ਕੇ ਸਾਬਕਾ ਕੈਬਿਨੇਟ ਮੰਤਰੀ ਅਤੇ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਵਰਕਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ’ਚ ਸੀਨੀਅਰ ਆਗੂ ਸ਼ਿਵਰਾਜ ਚੌਧਰੀ ਖ਼ਾਸ ਤੌਰ ’ਤੇ ਪਹੁੰਚੇ। ਇਸ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ 14 ਦੀ ਮੋਗਾ ਰੈਲੀ ਨੂੰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਬੋਧਨ ਕਰਨਗੇ। ਇਹ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਇਕ ਅਹਿਮ ਮੋੜ ਸਾਬਤ ਹੋਵੇਗੀ। ਉਨ੍ਹਾਂ ਵਰਕਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹੇ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਰੈਲੀ ’ਚ ਸ਼ਾਮਲ ਹੋਣਗੇ। ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਮੌਜ਼ੂਦਾ ਪ੍ਰਬੰਧ ਤੋਂ ਪ੍ਰੇਸ਼ਾਨ ਹੋ ਚੁੱਕੇ ਹਨ ਅਤੇ ਸੂਬੇ ਵਿਚ ਬਦਲਾਵ ਚਾਹੁੰਦੇ ਹਨ। ਭਾਜਪਾ ਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਨੂੰ ਵਿਕਾਸ ਦੀ ਨਵੀਂ ਦਿਸ਼ਾ ਦੇ ਸਕਦੀ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਸਾਲ 2027 ਦੀ ਵਿਧਾਨ ਸਭਾ ਚੋਣ ਵਿਚ ਪੰਜਾਬ ਦੀ ਜਨਤਾ ਭਾਜਪਾ ਨੂੰ ਸਮਰਥਨ ਦੇ ਕੇ ਸੂਬੇ ਵਿਚ ਪਾਰਟੀ ਦੀ ਸਰਕਾਰ ਬਣਾਏਗੀ। ਮੀਟਿੰਗ ਦੌਰਾਨ ਪਾਰਟੀ ਅਹੁਦੇਦਾਰਾਂ ਨੇ ਆਪਣੇ-ਆਪਣੇ ਇਲਾਕਿਆਂ ਤੋਂ ਕਾਰਕੁਨਾਂ ਅਤੇ ਸਮਰਥਕਾਂ ਨੂੰ ਰੈਲੀ ਵਿਚ ਸ਼ਾਮਲ ਕਰਨ ਦੀ ਜ਼ਿੰਮੇਵਾਰੀ ਲਈ।