ਰਾਣਾ ਸੋਢੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਜਾਣਿਆ ਹਾਲ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਰਾਣਾ ਸੋਢੀ ਨੇ ਹਸਪਤਾਲ ਜਾ ਕੇ ਕੀਤੀ ਮੁਲਾਕਾਤ
Publish Date: Fri, 13 Feb 2026 06:43 PM (IST)
Updated Date: Fri, 13 Feb 2026 06:45 PM (IST)

ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ, ਫਿਰੋਜ਼ਪੁਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਕਿ ਪਿਛਲੇ ਕੁਝ ਦਿਨਾਂ ਤੋਂ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਹਨ, ਅੱਜ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਪਟਨ ਦੇ ਨਜ਼ਦੀਕੀ ਸਾਥੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਹਸਪਤਾਲ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਰਾਣਾ ਸੋਢੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਚੱਲ ਰਹੇ ਇਲਾਜ ਬਾਰੇ ਗੱਲਬਾਤ ਕੀਤੀ। ਉਨ੍ਹਾਂ ਨੇ ਮੌਕੇ ’ਤੇ ਮੌਜ਼ੂਦ ਮਾਹਿਰ ਡਾਕਟਰਾਂ ਦੀ ਟੀਮ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਤਾਂ ਜੋ ਮੈਡੀਕਲ ਪ੍ਰਕਿਰਿਆ ਅਤੇ ਸੁਧਾਰ ਦੀ ਗਤੀ ਬਾਰੇ ਸਹੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਰਾਣਾ ਸੋਢੀ ਨੇ ਦੱਸਿਆ ਕਿ ਕੈਪਟਨ ਸਾਹਿਬ ਦਾ ਹੌਸਲਾ ਹਮੇਸ਼ਾ ਦੀ ਤਰ੍ਹਾਂ ਬੁਲੰਦ ਹੈ ਅਤੇ ਉਹ ਤੇਜ਼ੀ ਨਾਲ ਸਿਹਤਯਾਬ ਹੋ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਵਿਗੜਨ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਦੇ ਚਾਹੁਣ ਵਾਲਿਆਂ ਅਤੇ ਸਿਆਸੀ ਹਲਕਿਆਂ ਵਿਚ ਚਿੰਤਾ ਪਾਈ ਜਾ ਰਹੀ ਸੀ। ਰਾਣਾ ਗੁਰਮੀਤ ਸਿੰਘ ਸੋਢੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਸਿਆਸਤ ਦੇ ਉਹ ਥੰਮ੍ਹ ਹਨ, ਜਿਨ੍ਹਾਂ ਨੇ ਹਮੇਸ਼ਾ ਸੂਬੇ ਦੇ ਹਿੱਤਾਂ ਲਈ ਡਟ ਕੇ ਕੰਮ ਕੀਤਾ ਹੈ। ਸਾਨੂੰ ਪੂਰੀ ਉਮੀਦ ਹੈ ਕਿ ਉਹ ਜਲਦੀ ਹੀ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਪਰਤਣਗੇ।