ਆਮ ਲੋਕਾਂ ਨੂੰ ਰੋਜ਼ਾਨਾ ਦੀ ਆਵਾਜਾਈ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ : ਭੁੱਲਰ ਰਣਬੀਰ ਸਿੰਘ ਭੁੱਲਰ ਵੱਲੋਂ ਮਾਲ ਰੋਡ ਅਤੇ ਸਰਕੂਲਰ ਰੋਡ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
Publish Date: Wed, 15 Jul 2026 05:14 PM (IST)
Updated Date: Wed, 15 Jul 2026 05:16 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਸ਼ਹਿਰ ਦੇ ਢਾਂਚਾਗਤ ਵਿਕਾਸ ਅਤੇ ਸੁੰਦਰੀਕਰਨ ਨੂੰ ਮੁੱਖ ਰੱਖਦਿਆਂ ਮਾਲ ਰੋਡ ਅਤੇ ਸਰਕੂਲਰ ਰੋਡ ਦੀ ਮੁਰੰਮਤ ਦੇ ਚੱਲ ਰਹੇ ਕਾਰਜਾਂ ਦਾ ਵਿਸ਼ੇਸ਼ ਤੌਰ ’ਤੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨਾਲ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਮੌਜ਼ੂਦ ਸਨ। ਵਿਧਾਇਕ ਭੁੱਲਰ ਨੇ ਚੱਲ ਰਹੇ ਕੰਮ ਦੀ ਗੁਣਵੱਤਾ ਨੂੰ ਬਾਰੀਕੀ ਨਾਲ ਪਰਖਿਆ ਅਤੇ ਸਬੰਧਤ ਅਧਿਕਾਰੀਆਂ ਤੇ ਠੇਕੇਦਾਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਸਮੁੱਚੇ ਕੰਮ ਨੂੰ ਉੱਚ ਮਿਆਰੀ ਸਮੱਗਰੀ ਦੀ ਵਰਤੋਂ ਕਰਦਿਆਂ ਮਿਥੇ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਜਲਦ ਰਾਹਤ ਮਿਲ ਸਕੇ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼ਹਿਰ ਦੀਆਂ ਇਨ੍ਹਾਂ ਮੁੱਖ ਸੜਕਾਂ ਦੀ ਮਜ਼ਬੂਤੀ ਅਤੇ ਨਵੀਨੀਕਰਨ ਨਾਲ ਆਮ ਲੋਕਾਂ ਨੂੰ ਰੋਜ਼ਾਨਾ ਦੀ ਆਵਾਜਾਈ ਦੌਰਾਨ ਆਉਣ ਵਾਲੀਆਂ ਵੱਡੀਆਂ ਮੁਸ਼ਕਲਾਂ ਅਤੇ ਟਰੈਫਿਕ ਜਾਮ ਤੋਂ ਹਮੇਸ਼ਾ ਲਈ ਮੁਕਤੀ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫਿਰੋਜ਼ਪੁਰ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਵਿਕਾਸ ਕਾਰਜ ਸਮੁੱਚੇ ਫਿਰੋਜ਼ਪੁਰ ਵਾਸੀਆਂ ਲਈ ਬਹੁਤ ਲਾਭਕਾਰੀ ਸਾਬਤ ਹੋਣਗੇ ਅਤੇ ਇਸ ਨਾਲ ਸ਼ਹਿਰ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਜਾਵੇਗੀ। ਪ੍ਰੋਜੈਕਟਾਂ ਦੇ ਵੇਰਵੇ ਸਾਂਝੇ ਕਰਦਿਆਂ ਵਿਧਾਇਕ ਭੁੱਲਰ ਨੇ ਦੱਸਿਆ ਕਿ ਮਾਲ ਰੋਡ ਦੇ ਨਿਰਮਾਣ ’ਤੇ ਲਗਭਗ 5 ਕਰੋੜ 83 ਲੱਖ ਰੁਪਏ ਦੀ ਲਾਗਤ ਆਵੇਗੀ। ਇਹ ਸੜਕ ਸ਼ਹੀਦ ਊਧਮ ਸਿੰਘ ਚੌਂਕ ਤੋਂ ਲੈ ਕੇ ਸ਼ੇਰਸ਼ਾਹ ਵਲੀ ਚੌਂਕ ਤੱਕ ਬਣਾਈ ਜਾ ਰਹੀ ਹੈ, ਜਿਸ ਵਿਚ ਸਿਵਲ ਹਸਪਤਾਲ ਰੋਡ ਵੀ ਸ਼ਾਮਲ ਹੈ। ਇਸ ਪ੍ਰੋਜੈਕਟ ਦੇ ਤਹਿਤ ਕੁੱਲ 3.70 ਕਿਲੋਮੀਟਰ ਲੰਬੀ ਸੜਕ ਦਾ ਨਵੀਨੀਕਰਨ ਕੀਤਾ ਜਾਵੇਗਾ। ਸਰਕੂਲਰ ਰੋਡ ਦੇ ਵਿਕਾਸ ਕਾਰਜਾਂ ਲਈ 6 ਕਰੋੜ 80 ਲੱਖ ਰੁਪਏ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ। ਇਸ 3.5 ਕਿਲੋਮੀਟਰ ਲੰਬੀ ਸੜਕ ਤੇ ਨਵੀਂ ਲੁੱਕ ਪਾਉਣ ਦੇ ਨਾਲ-ਨਾਲ ਸੜਕ ਦੇ ਵਿਚਕਾਰ ਸ਼ਾਨਦਾਰ ਸੈਂਟਰ ਡਿਵਾਈਡਰ ਅਤੇ ਆਧੁਨਿਕ ਸਟਰੀਟ ਲਾਈਟਾਂ ਦੇ ਪੋਲ ਵੀ ਲਗਾਏ ਜਾਣਗੇ, ਜੋ ਰਾਤ ਦੇ ਸਮੇਂ ਰਾਹਗੀਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਗੇ। ਵਿਧਾਇਕ ਭੁੱਲਰ ਨੇ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਤਾਕੀਦ ਕੀਤੀ ਕਿ ਨਿਰਮਾਣ ਕਾਰਜਾਂ ਦੌਰਾਨ ਸ਼ਹਿਰ ਦੀ ਆਵਾਜਾਈ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਟਰੈਫਿਕ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਕੰਮ ਦੇ ਚੱਲਦਿਆਂ ਆਮ ਜਨਤਾ, ਦੁਕਾਨਦਾਰਾਂ ਅਤੇ ਮੁਸਾਫਿਰਾਂ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਜਾਂ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨੇਕ ਪ੍ਰਤਾਪ ਸਿੰਘ, ਰਾਜ ਬਹਾਦੁਰ ਸਿੰਘ, ਹਿਮਾਂਸ਼ੂ ਠੱਕਰ, ਦਿਲਬਾਗ ਸਿੰਘ ਨੰਡਾ ਚੇਅਰਮੈਨ ਬਲਾਕ ਸੰਮਤੀ ਫਿਰੋਜ਼ਪੁਰ, ਹਰਮੀਤ ਸਿੰਘ ਖਾਈ, ਸੁੁਖਚੈਨ ਸਿੰਘ ਖਾਈ, ਮੇਜਰ ਸਿੰਘ ਕੌਂਸਲਰ ਅਤੇ ਹੋਰ ਵੀ ਹਾਜ਼ਰ ਸਨ।