- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੱਚੇ ਸਫ਼ਾਈ ਸੇਵਕਾਂ ਦਾ ਫ਼ਿਰੋਜ਼ਪੁਰ ’ਚ ਰੋਸ ਮਾਰਚ, ਡੀਸੀ ਦਫ਼ਤਰ ਅੱਗੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ
ਫਿਰੋਜ਼ਪੁਰ : ਫਿਰੋਜ਼ਪੁਰ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵੱਲੋਂ ਆਪਣੀਆਂ ਪੱਕੇ ਹੋਣ ਦੀਆਂ ਮੰਗਾਂ ਅਤੇ ਹਰ ਮਹੀਨੇ ਦੀ ਨਿਸ਼ਚਿਤ ਸਮੇਂ ’ਤੇ ਤਨਖਾਹ ਲੈਣ ਲਈ ਹੜਤਾਲ ਚੱਲ ਰਹੀ ਹੈ। ਸਫ਼ਾਈ ਸੇਵਕਾਂ ਨੇ ਨਗਰ ਕੌਂਸਲ ਤੋਂ ਲੈ ਕੇ ਡੀਸੀ ਦਫ਼ਤਰ ਤੱਕ ਜ਼ੋਰਦਾਰ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਭੜਾਸ ਕੱਢੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ। ਉਨ੍ਹਾਂ ਬਰਨਾਲਾ ਵਿਖੇ ਮਹਿਲਾ ਸਫ਼ਾਈ ਸੇਵਕਾਂ ’ਤੇ ਹੋਏ ਪੁਲਿਸ ਤਸ਼ੱਦਦ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਦੋਸ਼ੀ ਅਧਿਕਾਰੀਆਂ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ। ਇਸ ਮੌਕੇ ਸਫ਼ਾਈ ਸੇਵਕਾਂ ਨੇ ਮੁੱਖ ਮੰਤਰੀ ਪੰਜਾਬ ਦੇ ਨਾਮ ਇਕ ਮੰਗ ਪੱਤਰ ਪ੍ਰਸ਼ਾਸਨਿਕ ਅਧਿਕਾਰੀ ਨੂੰ ਸੌਂਪਿਆ। ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਡੈਨੀ ਅਤੇ ਹੋਰ ਆਗੂਆਂ ਨੇ ਬਰਨਾਲਾ ਵਿਖੇ ਪ੍ਰਦਰਸ਼ਨ ਕਰ ਰਹੀਆਂ ਮਹਿਲਾ ਸਫ਼ਾਈ ਸੇਵਕਾਂ ’ਤੇ ਪੁਲਿਸ ਵੱਲੋਂ ਕੀਤੇ ਗਏ ਜਬਰ ਅਤੇ ਧੱਕੇਸ਼ਾਹੀ ਦਾ ਗੰਭੀਰ ਨੋਟਿਸ ਲਿਆ। ਉਨ੍ਹਾਂ ਮੰਗ ਕੀਤੀ ਕਿ ਮਹਿਲਾ ਵਰਕਰਾਂ ’ਤੇ ਤਸ਼ੱਦਦ ਢਾਹੁਣ ਵਾਲੇ ਸਬੰਧਤ ਡੀਐੱਸਪੀ ਅਤੇ ਇੰਸਪੈਕਟਰ ਸਮੇਤ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ। ਪ੍ਰਦਰਸ਼ਨਕਾਰੀ ਆਖਿਆ ਕਿ ਮੌਜ਼ੂਦਾ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਨਤਾ ਅਤੇ ਕੱਚੇ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸੀ। ਸਰਕਾਰ ਨੇ ਦਾਅਵਾ ਕੀਤਾ ਸੀ ਕਿ ਸੱਤਾ ਵਿੱਚ ਆਉਂਦਿਆਂ ਹੀ ਸਾਰੇ ਵਿਭਾਗਾਂ ਦੇ ਕੱਚੇ ਸਫ਼ਾਈ ਸੇਵਕਾਂ ਅਤੇ ਦਿਹਾੜੀਦਾਰਾਂ ਨੂੰ ਪੱਕਾ ਕੀਤਾ ਜਾਵੇਗਾ। ਪਰ ਅੱਜ ਸਾਢੇ ਚਾਰ ਸਾਲਾਂ ਤੋਂ ਵੀ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ, ਜਿਸ ਕਰਕੇ ਮੁਲਾਜ਼ਮਾਂ ਨੂੰ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਨਾ ਮੰਨਿਆ ਤਾਂ ਇਹ ਸੰਘਰਸ਼ ਪੂਰੇ ਪੰਜਾਬ ਵਿਚ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿਚ ਉਹ ਪੂਰੇ ਸੂਬੇ ਦੇ ਉੱਚ ਅਧਿਕਾਰੀਆਂ ਦੀਆਂ ਕੋਠੀਆਂ, ਸਰਕਾਰੀ ਦਫ਼ਤਰਾਂ ਦੇ ਬਾਹਰ ਅਤੇ ਮੁੱਖ ਸੜਕਾਂ ’ਤੇ ਕੂੜੇ ਦੇ ਢੇਰ ਲਗਾ ਕੇ ਮੁਕੰਮਲ ਚੱਕਾ ਜਾਮ ਕਰਨਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਫਿਰੋਜਪੁ਼ਰ ਦੇ ਸਫਾਈ ਸੇਵਕਾਂ ਤੋਂ ਇਲਾਵਾ ਰਾਵਣ ਸੇਨਾ ਦੇ ਪ੍ਰਮੁੱਖ ਆਗੂ ਦੀਪ ਦਸ਼ਾਨੰਦ, ਭਵਧਾਸ ਦੇ ਅਹੁਦੇਦਾਰ ਕਿੱਕਰ ਸਹੋਤਾ ਤੇ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਵੀ ਸਮਰੱਥਨ ਦਿੱਤਾ।