ਤੇਲ-ਗੈਸ ’ਤੇ ਐਕਸਾਈਜ਼ ਡਿਊਟੀ ਘਟਾਉਣਾ ਲੋਕਾਂ ਲਈ ਵੱਡੀ ਰਾਹਤ : ਭਾਜਪਾ ਆਗੂ
ਤੇਲ-ਗੈਸ ’ਤੇ ਐਕਸਾਈਜ਼ ਡਿਊਟੀ ਘਟਾਉਣਾ ਲੋਕਾਂ ਲਈ ਵੱਡੀ ਰਾਹਤ: ਭਾਜਪਾ ਆਗੂ
Publish Date: Mon, 30 Mar 2026 04:07 PM (IST)
Updated Date: Mon, 30 Mar 2026 04:09 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ ਘਟਾਉਣ ਦੇ ਫੈਸਲੇ ਦਾ ਭਾਜਪਾ ਦੇ ਜ਼ੀਰਾ ਦੇ ਹਲਕਾ ਇੰਚਾਰਜ਼ ਅਵਤਾਰ ਸਿੰਘ ਜ਼ੀਰਾ, ਬੁੱਧੀਜੀਵੀ ਸੈੱਲ ਦੇ ਕਨਵੀਨਰ ਐਡਵੋਕੇਟ ਤਰੁਣ ਝੱਟਾ, ਮੰਡਲ ਪ੍ਰਧਾਨ ਵਿਸ਼ਾਲ ਸੂਦ ਵਿੱਕੀ, ਨੰਬਰਦਾਰ, ਰਾਜੀਵ ਕੁਮਾਰ ਭੋਲਾ ਅਤੇ ਸਮੁੱਚੀ ਜਥੇਬੰਦੀ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਆਗੂਆਂ ਨੇ ਇਸ ਫੈਸਲੇ ਨੂੰ ਲੋਕ-ਹਿਤੈਸ਼ੀ ਕਦਮ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਆਮ ਜਨਤਾ ਨੂੰ ਮਹਿੰਗਾਈ ਦੇ ਦੌਰ ਵਿਚ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਅਮਰੀਕਾ, ਇਜ਼ਰਾਈਲ, ਇਰਾਕ ਅਤੇ ਖਾੜੀ ਦੇਸ਼ਾਂ ਦੇ ਪ੍ਰਭਾਵ ਕਾਰਨ ਦੁਨੀਆ ਭਰ ਵਿਚ ਤੇਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਵਿਚ ਬੇਹੱਦ ਵਾਧਾ ਦਰਜ ਕੀਤਾ ਗਿਆ ਹੈ। ਪੱਛਮੀ ਏਸ਼ੀਆ ਵਿਚ ਵਧਦੇ ਤਣਾਅ ਕਾਰਨ ਕੱਚੇ ਤੇਲ ਦੀ ਕੀਮਤ 70 ਡਾਲਰ ਪ੍ਰਤੀ ਬੈਰਲ ਤੋਂ ਵੱਧ ਕੇ 122 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ, ਜਿਸ ਨਾਲ ਵਿਸ਼ਵ ਪੱਧਰ ’ਤੇ ਸਪਲਾਈ ਪ੍ਰਭਾਵਿਤ ਹੋਈ ਹੈ ਅਤੇ ਵਿਕਸਤ ਤੇ ਵਿਕਾਸਸ਼ੀਲ ਦੇਸ਼ਾਂ ਵਿਚ ਕੀਮਤਾਂ ਵਿੱਚ ਲਗਾਤਾਰ ਉਛਾਲ ਆਇਆ ਹੈ। ਆਗੂਆਂ ਨੇ ਕਿਹਾ ਕਿ ਇਨ੍ਹਾਂ ਹਾਲਾਤਾਂ ਦੇ ਬਾਵਜੂਦ ਭਾਰਤ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਕਾਬੂ ਵਿਚ ਰੱਖਿਆ ਹੈ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪੈਟਰੋਲੀਅਮ ਮੰਤ੍ਰਾਲੇ ਵੱਲੋਂ ਪੈਟਰੋਲ ’ਤੇ ਐਕਸਾਈਜ਼ ਡਿਊਟੀ 13 ਰੁਪਏ ਤੋਂ ਘਟਾ ਕੇ 10 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ ਨੂੰ ਜ਼ੀਰੋ ਕਰਨਾ ਆਮ ਲੋਕਾਂ ਲਈ ਵੱਡਾ ਰਾਹਤਕਾਰੀ ਫੈਸਲਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਨਾਲ ਲੋਕਾਂ ਨੂੰ ਬੇਹੱਦ ਫਾਇਦਾ ਮਿਲਿਆ ਹੈ ਅਤੇ ਮਹਿੰਗਾਈ ਦਾ ਬੋਝ ਘਟਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਵਿੱਚ ਤੇਲ ਅਤੇ ਗੈਸ ਦੇ ਲੋੜ ਤੋਂ ਵੱਧ ਭੰਡਾਰ ਮੌਜੂਦ ਹਨ ਅਤੇ ਖਾੜੀ ਦੇਸ਼ਾਂ ਨਾਲ ਮਜ਼ਬੂਤ ਸੰਬੰਧਾਂ ਕਰਕੇ ਸਪਲਾਈ ਬਿਨਾਂ ਰੁਕਾਵਟ ਜਾਰੀ ਹੈ, ਜਿਸ ਨਾਲ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਘਾਟ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਅਵਤਾਰ ਸਿੰਘ ਜੀਰਾ ਨੇ ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਗੈਸ ਦੀ ਕਮੀ ਅਤੇ ਵਿਦੇਸ਼ ਨੀਤੀ ਸਬੰਧੀ ਗਲਤ ਧਾਰਣਾਂ ਪੈਦਾ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਸੱਚਾਈ ਇਹ ਹੈ ਕਿ ਕੇਂਦਰ ਸਰਕਾਰ ਦੇ ਮਜ਼ਬੂਤ ਕਦਮਾਂ ਨਾਲ ਦੇਸ਼ ਵਿਚ ਸਥਿਤੀ ਪੂਰੀ ਤਰ੍ਹਾਂ ਕਾਬੂ ਵਿਚ ਹੈ।