ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟਰੇਸ਼ਨ ਜਾਰੀ : ਵਿਧਾਇਕ ਭੁੱਲਰ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟਰੇਸ਼ਨ ਜਾਰੀ : ਵਿਧਾਇਕ ਰਣਬੀਰ ਸਿੰਘ ਭੁੱਲਰ
Publish Date: Fri, 30 Jan 2026 05:49 PM (IST)
Updated Date: Fri, 30 Jan 2026 05:52 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਯੋਜਨਾ ਨਾਲ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ। ਇਸੇ ਲੜੀ ਤਹਿਤ ਅੱਜ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਦੀ ਹਾਜ਼ਰੀ ਵਿਚ ਫਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡਾਂ ਲਈ ਰਜਿਸਟਰੇਸ਼ਨ ਸਲਿੱਪਾਂ ਜਾਰੀ ਕੀਤੀਆਂ ਗਈਆਂ। ਇਸ ਮੌਕੇ ਵੱਡੀ ਗਿਣਤੀ ਵਿਚ ਨਾਗਰਿਕਾਂ ਵੱਲੋਂ ਰਜਿਸਟਰੇਸ਼ਨ ਕਰਵਾਈ ਗਈ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਇਹ ਸਿਹਤ ਬੀਮਾ ਕਾਰਡ ਪੰਜਾਬ ਦੇ ਹਰ ਵਾਸੀ ਲਈ ਲਾਭਕਾਰੀ ਸਾਬਤ ਹੋਵੇਗਾ। ਇਸ ਕਾਰਡ ਰਾਹੀਂ ਸਰਕਾਰੀ ਹੀ ਨਹੀਂ ਸਗੋਂ ਨਿੱਜੀ ਹਸਪਤਾਲਾਂ ਵਿਚ ਵੀ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ, ਤਾਂ ਜੋ ਕੋਈ ਵੀ ਵਿਅਕਤੀ ਆਰਥਿਕ ਤੰਗੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਖੇਤਰ ਵਿਚ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ, ਜੋ ਸੂਬੇ ਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਗੇ।