
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੰਤ ਬਾਬਾ ਕਰਤਾਰ ਸਿੰਘ ਜੀ ਦੀ ਸਾਲਾਨਾ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਇਆ

ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ
ਮੱਲਾਂਵਾਲਾ : ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਬਾਬਾ ਕਰਤਾਰ ਸਿੰਘ ਦੀ ਸਾਲਾਨਾ ਬਰਸੀ ਸਬੰਧੀ ਧਾਰਮਿਕ ਸਮਾਗਮ ਗੁਰਦੁਆਰਾ ਆਕਾਲ ਦਰਬਾਰ, ਪਿੰਡ ਸੱਧਰਵਾਲ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਗੁਰਦੁਆਰਾ ਆਕਾਲ ਦਰਬਾਰ ਦੇ ਮੁੱਖ ਸੇਵਾਦਾਰ ਬਾਬਾ ਭੁਪਿੰਦਰ ਸਿੰਘ ਜੀ ਵੱਲੋਂ ਸੰਗਤਾਂ ਨਾਲ ਸੰਤ ਬਾਬਾ ਕਰਤਾਰ ਸਿੰਘ ਜੀ ਦੇ ਜੀਵਨ, ਉਨ੍ਹਾਂ ਦੀਆਂ ਧਾਰਮਿਕ ਸੇਵਾਵਾਂ ਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਪਾਏ ਗਏ ਯੋਗਦਾਨ ਬਾਰੇ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਕਿਹਾ ਕਿ ਸੰਤਾਂ ਦਾ ਸਮੁੱਚਾ ਜੀਵਨ ਗੁਰਬਾਣੀ, ਸਿੱਖ ਰਹਿਤ-ਮਰਿਆਦਾ ਅਤੇ ਸੰਗਤ ਨੂੰ ਗੁਰੂ ਸਾਹਿਬ ਦੇ ਲੜ ਨਾਲ ਜੋੜਨ ਲਈ ਸਮਰਪਿਤ ਰਿਹਾ। ਉਨ੍ਹਾਂ ਸੰਗਤਾਂ ਨੂੰ ਸੰਤਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਆਪਣੇ ਜੀਵਨ ਵਿੱਚ ਗੁਰਬਾਣੀ ਅਤੇ ਗੁਰੂ ਦੇ ਉਪਦੇਸ਼ਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਦਮਦਮੀ ਟਕਸਾਲ ਨਾਲ ਸਬੰਧਤ ਬਾਬਾ ਨਿਸ਼ਾਨ ਸਿੰਘ ਜੀ ਵੱਲੋਂ ਵੀ ਸੰਗਤਾਂ ਨੂੰ ਸੰਬੋਧਨ ਕੀਤਾ ਗਿਆ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸੰਤਾਂ ਵੱਲੋਂ ਦਰਸਾਏ ਗਏ ਮਾਰਗ ’ਤੇ ਚੱਲਦਿਆਂ ਗੁਰੂ ਸਾਹਿਬ ਦੀ ਬਾਣੀ ਨਾਲ ਜੁੜਨ, ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਅਤੇ ਗੁਰਮਤਿ ਨਾਲ ਜੋੜਨ ਅਤੇ ਆਪਣੇ ਜੀਵਨ ਵਿਚ ਸਿੱਖੀ ਸਿਧਾਂਤਾਂ ਨੂੰ ਧਾਰਨ ਕਰਨ। ਬਾਬਾ ਨਿਸ਼ਾਨ ਸਿੰਘ ਜੀ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ, ਸਿੱਖ ਇਤਿਹਾਸ ਅਤੇ ਗੁਰਬਾਣੀ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੰਤ ਮਹਾਂਪੁਰਖਾਂ ਦੇ ਜੀਵਨ ਤੋਂ ਸਾਨੂੰ ਸੇਵਾ, ਸਿਮਰਨ, ਨਿਮਰਤਾ ਅਤੇ ਗੁਰੂ ਪ੍ਰਤੀ ਸਮਰਪਣ ਦੀ ਪ੍ਰੇਰਨਾ ਮਿਲਦੀ ਹੈ। ਸੰਗਤਾਂ ਨੂੰ ਗੁਰੂ ਘਰ ਨਾਲ ਜੁੜ ਕੇ ਆਪਣਾ ਜੀਵਨ ਗੁਰਮਤਿ ਅਨੁਸਾਰ ਬਤੀਤ ਕਰਨ ਦੀ ਅਪੀਲ ਕੀਤੀ ਗਈ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਕੀਰਤਨ ਅਤੇ ਧਾਰਮਿਕ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ ਗਿਆ। ਬਰਸੀ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਨੇ ਸ਼ਰਧਾ ਨਾਲ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਸੰਤ ਬਾਬਾ ਕਰਤਾਰ ਸਿੰਘ ਜੀ ਦੇ ਜੀਵਨ ਅਤੇ ਸਿੱਖੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਯਾਦ ਕੀਤਾ।