ਸੁਰਜੀਤ ਪ੍ਰਜਾਪਤ, ਮੰਡੀ ਲਾਧੂਕਾ : ਦੇਸ਼ ਦੇ 72ਵੇਂ ਗਣਤੰਤਰ ਦਿਵਸ ਮੌਕੇ ਫਾਜ਼ਿਲਕਾ ਦੇ ਐੱਮਆਰ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਬਤੌਰ ਮੁੱਖ ਮਹਿਮਾਨ ਪਹੰੁਚ ਕੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਸਮੂਹ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀਆਂ ਦੀਆਂ ਕੁਰਬਾਨੀਆਂ ਅਤੇ ਸਾਡੇ ਮਹਾਨ ਸ਼ਹੀਦਾਂ ਦੇ ਸਦਕਾ ਹੀ ਅਸੀਂ ਆਜ਼ਾਦ ਫਿਜ਼ਾ ਵਿਚ ਜਿੰਦਗੀ ਬਤੀਤ ਕਰ ਰਹੇ ਹਾਂ। ਇਸ ਮੌਕੇ ਵਿਧਾਇਕ ਬਲੂਆਣਾ ਨਥੂ ਰਾਮ ਅਤੇ ਗੁਰਲਾਲ ਸਿੰਘ ਸੰਧੂ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ।

ਡਿਪਟੀ ਕਮਿਸ਼ਨਰ ਸੰਧੂ ਨੇ ਇਸ ਦਿਹਾੜੇ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੂੰ ਸਿਜਦਾ ਕੀਤਾ। ਉਨ੍ਹਾਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ. ਸੰਧੂ ਨੇ ਆਸਫ ਵਾਲਾ ਸ਼ਹੀਦੀ ਸਮਾਰਕ 'ਤੇ ਸ਼ਹੀਦਾਂ ਨੂੰ ਸਰਧਾਂਜਲੀਆਂ ਭੇਂਟ ਕੀਤੀਆਂ। ਇਸ ਉਪਰੰਤ ਉਨ੍ਹਾਂ ਵੱਲੋਂ ਐੱਮਆਰ. ਕਾਲਜ ਦੇ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਪਰੇਡ ਟੁਕੜੀਆਂ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਅਤੇ ਪਰੇਡ ਕਮਾਂਡਰ ਸ਼ੁਭਮ ਅਗਰਵਾਲ ਵੀ ਉਨ੍ਹਾਂ ਦੇ ਨਾਲ ਸਨ। ਇਸ ਉਪਰੰਤ ਝਾਕੀਆਂ ਦੀ ਪੇਸ਼ਕਾਰੀ ਹੋਈ, ਜਿਸ 'ਚ ਨਸ਼ਾ ਵਿਰੁੱਧ, ਕਰੋਨਾ ਟੀਕਾਕਰਨ ਵਿਸ਼ੇ 'ਤੇ, ਘਰ-ਘਰ ਹਰਿਆਲੀ, ਮਾਰਕਫੈਡ ਅਤੇ ਮਗਨਰੇਗਾ ਦੀਆਂ ਝਾਕੀਆਂ ਸ਼ਾਮਿਲ ਸਨ। ਸਮਾਰੋਹ ਦੇ ਅੰਤ 'ਚ ਸਕੂਲਾਂ ਦੇ ਅਧਿਆਪਕਾਂ ਵੱਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ। ਇਸ ਮੌਕੇ ਸਟੇਜ ਸੰਚਾਲਨ ਦੀ ਭੂਮਿਕਾ ਮੈਡਮ ਸਤਿੰਦਰਜੀਤ ਕੌਰ ਵੱਲੋਂ ਨਿਭਾਈ ਗਈ।

ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਤਰਸੇਮ ਮੰਗਲਾ, ਵਧੀਕ ਡਿਪਟੀ ਕਮਿਸ਼ਨਰ ਨਵਲ ਰਾਮ, ਐਸ.ਡੀ.ਐਮ. ਫ਼ਾਜ਼ਿਲਕਾ ਕੇਸ਼ਵ ਗੋਇਲ, ਸਹਾਇਕ ਕਮਿਸ਼ਨਰ ਕੰਵਰਜੀਤ ਸਿੰਘ, ਅਮਰੀਕ ਸਿੰਘ, ਜ਼ਿਲ੍ਹਾ ਸਿਖਿਆ ਅਧਿਕਾਰੀ ਡਾ. ਸੁਖਬੀਰ ਸਿੰਘ ਬੱਲ, ਸਿਵਲ ਸਰਜਨ ਡਾ. ਕੁੰਦਨ ਕੇ ਪਾਲ, ਚੇਅਰਮੈਨ ਹਾਉਸਫੈਡ ਸੁਖਵੰਤ ਸਿੰਘ ਬਰਾੜ, ਚੇਅਰਪਰਸਨ ਜ਼ਿਲ੍ਹਾ ਪ੍ਰਰੀਸ਼ਦ ਮਮਤਾ ਕੰਬੋਜ਼, ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਗੁਲਸ਼ਨ ਮਹਿਰੋਕ, ਸੀਨੀਅਰ ਕਾਂਗਰਸੀ ਆਗੂ ਬੀ.ਡੀ. ਕਾਲੜਾ, ਬੀਬਾ ਰਾਜਦੀਪ ਕੌਰ ਸਮੇਤ ਵੱਡੀ ਗਿਣਤੀ 'ਚ ਹੋਰ ਅਧਿਕਾਰੀ, ਆਗੂ, ਸ੍ਰੀ ਗੁਰਸ਼ਿੰਦਰ ਪਾਲ ਸਿੰਘ, ਵਿਜੈ ਪਾਲ ਨੋਡਲ ਅਫਸਰ, ਰਾਮ ਸਰੂਪ, ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ।