ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਬਜਟ ਨੂੰ ਦੱਸਿਆ ‘ਧੋਖਾ’
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਸਰਕਾਰ ਦੀ ਤਿੱਖੀ ਆਲੋਚਨਾ
Publish Date: Sun, 08 Mar 2026 05:14 PM (IST)
Updated Date: Sun, 08 Mar 2026 05:18 PM (IST)

ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੰਜਾਬ ਸਰਕਾਰ ਵੱਲੋਂ ਅੱਜ ਪੇਸ਼ ਕੀਤੇ ਗਏ ਬਜਟ ਉੱਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਸਰਕਾਰ ਦੀ ਆਲੋਚਨਾ ਕੀਤੀ ਹੈ। ਯੂਨੀਅਨ ਦੇ ਪ੍ਰਮੁੱਖ ਆਗੂ ਅਵਤਾਰ ਸਿੰਘ ਮਹਿਮਾ ਨੇ ਕਿਹਾ ਕਿ ਖੇਤੀ ਅਤੇ ਸਹਾਇਕ ਧੰਦਿਆਂ ਲਈ ਰੱਖੀ ਗਈ 15 ਹਜ਼ਾਰ ਕਰੋੜ ਦੀ ਰਾਸ਼ੀ ਬਹੁਤ ਘੱਟ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਖੇਤੀ ਸੰਦਾਂ ’ਤੇ ਮਿਲਣ ਵਾਲੀ ਸਬਸਿਡੀ ਦਾ ਫਾਇਦਾ ਵੀ ਆਮ ਕਿਸਾਨਾਂ ਦੀ ਬਜਾਏ ਵੱਡੀਆਂ ਫਰਮਾਂ ਅਤੇ ਸਰਕਾਰੀ ਅਧਿਕਾਰੀ ਹੀ ਹੜੱਪ ਜਾਂਦੇ ਹਨ। ਝੋਨੇ ਹੇਠ ਰਕਬਾ ਹਰ ਸਾਲ ਵਧਣ ’ਤੇ ਚਿੰਤਾ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਬਚਾਉਣ ਅਤੇ ਖੇਤੀ ਵਿਭਿੰਨਤਾ ਲਿਆਉਣ ਲਈ ਸਾਰੀਆਂ ਫਸਲਾਂ ’ਤੇ ਐੱਮਐੱਸਪੀ ਦਾ ਗਾਰੰਟੀ ਕਾਨੂੰਨ ਬਣਾਉਣਾ ਬਹੁਤ ਜ਼ਰੂਰੀ ਹੈ। ਪਰ ਅਫ਼ਸੋਸ ਦੀ ਗੱਲ ਹੈ ਕਿ ਚੋਣ ਵਾਅਦਾ ਹੋਣ ਦੇ ਬਾਵਜੂਦ ਸਰਕਾਰ ਨੇ ਬਜਟ ਵਿੱਚ ਇਸ ਬਾਰੇ ਇਕ ਸ਼ਬਦ ਵੀ ਨਹੀਂ ਬੋਲਿਆ। ਮਹਿਮਾਂ ਨੇ ਅੱਗੇ ਕਿਹਾ ਕਿ ਸਰਕਾਰ ਨੇ ਔਰਤ ਦਿਵਸ ਮੌਕੇ ਪੰਜਾਬ ਦੀਆਂ ਔਰਤਾਂ ਨਾਲ ਇੱਕ ਵਾਰ ਫਿਰ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਪਹਿਲਾਂ ਸਾਰੀਆਂ ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਚਾਰ ਸਾਲਾਂ ਤੱਕ ਕੋਈ ਪੈਸਾ ਨਹੀਂ ਦਿੱਤਾ ਗਿਆ। ਹੁਣ ਆਖਰੀ ਸਾਲ ਵਿਚ ਟੈਕਸ ਭਰਨ ਵਾਲੀਆਂ, ਸਰਕਾਰੀ ਨੌਕਰੀ ਪੇਸ਼ਾ ਅਤੇ ਰਿਟਾਇਰਡ ਔਰਤਾਂ ਨੂੰ ਇਸ ਸੂਚੀ ਵਿੱਚੋਂ ਬਾਹਰ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਜਨਰਲ ਅਤੇ ਦਲਿਤ ਵਰਗ ਦੀਆਂ ਔਰਤਾਂ ਵਿਚਕਾਰ ਰਕਮ ਦਾ ਫਰਕ ਰੱਖ ਕੇ ਸਰਕਾਰ ਨੇ ਔਰਤਾਂ ਵਿਚ ਪਾੜਾ ਪਾਉਣ ਦਾ ਕੰਮ ਕੀਤਾ ਹੈ। ਇਸ ਮੌਕੇ ਸੀਨੀਅਰ ਕਿਸਾਨ ਆਗੂ ਸੁਖਦੇਵ ਸਿੰਘ, ਅਮਰੀਕ ਸਿੰਘ ਮਹਿਮਾ ਨੰਬਰਦਾਰ, ਗੁਰਮੀਤ ਸਿੰਘ, ਰਣਜੋਧ ਸਿੰਘ, ਪ੍ਰੇਮ ਸਿੰਘ ਅਤੇ ਸੁਖਦੇਵ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।